CM ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘਪਲੇ ਦੇ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਹੁਕਮ ਜਾਰੀ ਕੀਤੇ।
ਕੇਜਰੀਵਾਲ ਨੇ ਕੇਂਦਰੀ ਜਾਂਚ ਬਿਊਰੋ (C.B.I.) ਵੱਲੋਂ ਹੋਣ ਵਾਲੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦੇ ਹੋਏ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਤੇ ਸੁਪਰੀਮ ਕੋਰਟ ਨੇ ਪਹਿਲਾਂ ਹੀ ਫ਼ੈਸਲਾ ਸੁਰੱਖਿਅਤ ਰੱਖਿਆ ਹੋਇਆ ਸੀ। ਇੱਥੇ ਇਹ ਵੀ ਯਾਦ ਰਹੇ ਕਿ ਅਰਵਿੰਦ ਕੇਜਰੀਵਾਲ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਜ਼ਮਾਨਤ ਨਾ ਦੇਣ ਦੇ ਫ਼ੈਸਲੇ ਖ਼ਿਲਾਫ਼ ਵੀ ਪਟੀਸ਼ਨ ਫ਼ਾਈਲ ਕੀਤੀ ਸੀ।
ਇਸ ਤੋਂ ਪਹਿਲਾਂ, 12 ਜੁਲਾਈ ਨੂੰ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਮਨੀ ਲਾਂਡਰਿੰਗ ਮਾਮਲੇ ਵਿਚ ਅੰਤਰਿਮ ਜ਼ਮਾਨਤ ‘ਤੇ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਸਨ, ਪਰ ਰਿਹਾਈ ਤੋਂ ਪਹਿਲਾਂ ਹੀ C.B.I. ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਕੇਜਰੀਵਾਲ ਨੂੰ 21 ਮਾਰਚ ਨੂੰ ਈਡੀ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। 10 ਦਿਨ ਦੀ ਪੁੱਛਗਿੱਛ ਮਗਰੋਂ, ਉਨ੍ਹਾਂ ਨੂੰ ਇਕ ਅਪ੍ਰੈਲ ਨੂੰ ਤਿਹਾੜ ਜੇਲ੍ਹ ਭੇਜਿਆ ਗਿਆ। ਹਾਲਾਂਕਿ, 10 ਮਈ ਨੂੰ ਉਨ੍ਹਾਂ ਨੂੰ 21 ਦਿਨ ਲਈ ਆਮ ਚੋਣਾਂ ਦੌਰਾਨ ਪ੍ਰਚਾਰ ਕਰਨ ਲਈ ਰਿਹਾਅ ਕੀਤਾ ਗਿਆ, ਜੋ ਕਿ 51 ਦਿਨਾਂ ਤਕ ਜੇਲ੍ਹ ਵਿਚ ਰਹਿਣ ਤੋਂ ਬਾਅਦ ਮਿਲੀ ਸੀ। 2 ਜੂਨ ਨੂੰ ਕੇਜਰੀਵਾਲ ਨੇ ਦੁਬਾਰਾ ਤਿਹਾੜ ਜੇਲ੍ਹ ਵਿਚ ਸਰੰਡਰ ਕਰ ਦਿੱਤਾ।