ਪੰਜਾਬ ਸਰਕਾਰ ਵੱਲੋਂ ਮਜ਼ਦੂਰਾਂ ਲਈ ਵੱਡਾ ਫ਼ੈਸਲਾ, ਮਜ਼ਦੂਰੀ ਦਰਾਂ ‘ਚ ਵਾਧਾ

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਐਲਾਨ ਕੀਤਾ ਹੈ ਕਿ ਮੰਡੀਆਂ ਵਿਚ ਲੋਡਿੰਗ ਦਾ ਕੰਮ ਕਰਨ ਵਾਲੇ ਮਜ਼ਦੂਰਾਂ ਦੀ ਮਜ਼ਦੂਰੀ ਵਧਾ ਕੇ 2.64 ਰੁਪਏ ਪ੍ਰਤੀ ਬੋਰੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਇਹ ਦਰ 1.80 ਰੁਪਏ ਪ੍ਰਤੀ ਬੋਰੀ ਸੀ, ਜਿਸਨੂੰ ਪਹਿਲਾਂ 2.21 ਰੁਪਏ ਕੀਤਾ ਗਿਆ ਅਤੇ ਹੁਣ ਹੋਰ 43 ਪੈਸੇ ਦਾ ਵਾਧਾ ਕਰਕੇ 2.64 ਰੁਪਏ ਕਰ ਦਿੱਤਾ ਗਿਆ ਹੈ। ਇਸ ਵਾਧੇ ਨਾਲ ਮਜ਼ਦੂਰਾਂ ਨੂੰ ਸਾਲਾਨਾ 10 ਕਰੋੜ ਰੁਪਏ ਦਾ ਲਾਭ ਹੋਵੇਗਾ।

ਕੈਬਨਿਟ ਮੰਤਰੀ ਨੇ ਅਨਾਜ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਫੈਸਲਾ ਸੂਬਾ ਸਰਕਾਰ ਵੱਲੋਂ ਮਜ਼ਦੂਰ ਵਰਗ ਦੀ ਭਲਾਈ ਵਲ ਇੱਕ ਠੋਸ ਕਦਮ ਹੈ।

ਭੰਡਾਰਨ ਸਮਰੱਥਾ ਦੇ ਸਬੰਧ ਵਿਚ ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਗੱਲਬਾਤ ਕਰਕੇ ਉਨ੍ਹਾਂ ਨੂੰ ਭੰਡਾਰਨ ਦੀ ਯੋਜਨਾ ਬਾਰੇ ਸਪਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਸੂਬੇ ਵਿਚ 2676 ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿਚ 1864 ਨਿਯਮਤ ਅਤੇ 812 ਆਰਜ਼ੀ ਹਨ। ਹੁਣ ਤੱਕ ਪੰਜਾਬ ਦੀਆਂ ਮੰਡੀਆਂ ਵਿਚ 4.19 ਲੱਖ ਮੀਟ੍ਰਿਕ ਟਨ (ਐੱਲਐੱਮਟੀ) ਕਣਕ ਆ ਚੁੱਕੀ ਹੈ, ਜਿਨ੍ਹਾਂ ਵਿਚੋਂ 3.22 ਐੱਲਐੱਮਟੀ ਦੀ ਖਰੀਦ ਹੋ ਚੁੱਕੀ ਹੈ, ਜੋ ਕਿ 76 ਫੀਸਦੀ ਬਣਦੀ ਹੈ।

ਕਿਸਾਨਾਂ ਨੂੰ ਐੱਮਐੱਸਪੀ ਤਹਿਤ ਹੁਣ ਤੱਕ 151 ਕਰੋੜ ਰੁਪਏ ਦੀ ਰਕਮ ਭੁਗਤਾਨ ਕੀਤੀ ਜਾ ਚੁੱਕੀ ਹੈ।

ਇਸ ਤੋਂ ਇਲਾਵਾ, ਮੰਤਰੀ ਕਟਾਰੂਚੱਕ ਨੇ ਦੱਸਿਆ ਕਿ ਡਿਪੂ ਹੋਲਡਰਾਂ ਦੀ ਮਾਰਜਿਨ ਮਨੀ 8 ਸਾਲਾਂ ਬਾਅਦ ਵਧਾ ਕੇ 50 ਰੁਪਏ ਤੋਂ 90 ਰੁਪਏ ਪ੍ਰਤੀ ਕੁਇੰਟਲ ਕਰ ਦਿੱਤੀ ਗਈ ਹੈ।

ਕਿਸਾਨਾਂ ਨੂੰ ਭਰੋਸਾ ਦਿਵਾਉਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਫਸਲ ਦੇ ਹਰ ਦਾਣੇ ਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਖਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੇ ਲਾਜ਼ਮੀ ਇੰਤਜ਼ਾਮ ਕੀਤੇ ਗਏ ਹਨ।

ਇਸ ਮੌਕੇ ਤੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ ਅਤੇ ਸਕੱਤਰ-ਕਮ-ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਵੀ ਹਾਜ਼ਰ ਸਨ।

Leave a Reply

Your email address will not be published. Required fields are marked *