ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ‘ਚ ਵਿਸ਼ਾਲ ਨਗਰ ਕੀਰਤਨ
ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸ਼ੁਰੂ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਗਿਆ, ਜਿਸ ਵਿੱਚ ਹਜ਼ਾਰਾਂ ਸੰਗਤਾਂ ਨੇ ਸ਼ਿਰਕਤ ਕੀਤੀ।
ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਤੋਂ ਬਾਅਦ ਕੀਰਤਨ ਦੀ ਰਵਾਨਗੀ ਹੋਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ, ਨਿਸ਼ਾਨਚੀ ਅਤੇ ਨਗਾਰਚੀ ਸਿੰਘਾਂ ਨੂੰ ਸਤਿਕਾਰ ਸਿਰੋਪਾਓ ਦੇ ਕੇ ਵਿਦਾ ਕੀਤਾ।
ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਸਰਵੋਚ ਆਦਰ ਦੇ ਪਾਤ੍ਰ ਹਨ ਅਤੇ ਗੁਰਬਾਣੀ ਦੇ ਰਾਹ ‘ਤੇ ਚੱਲਣ ਨਾਲ ਜੀਵਨ ਵਿੱਚ ਚੰਗਿਆਈ ਅਤੇ ਆਤਮਿਕ ਸ਼ਾਂਤੀ ਆਉਂਦੀ ਹੈ।
ਇਹ ਦਿਹਾੜਾ 1604 ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਗੁਰਬਾਣੀ ਦੇ ਸੰਪਾਦਨ ਅਤੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦੀ ਯਾਦ ਦਿਲਾਉਂਦਾ ਹੈ। ਇਸ ਮੌਕੇ ਬਾਬਾ ਬੁੱਢਾ ਜੀ ਨੂੰ ਪਹਿਲੇ ਗ੍ਰੰਥੀ ਥਾਪ ਕੇ ਗ੍ਰੰਥੀ ਪ੍ਰੰਪਰਾ ਦੀ ਸ਼ੁਰੂਆਤ ਕੀਤੀ ਗਈ ਸੀ।