ਸੂਬੇ ਦੇ ਪਿੰਡਾਂ ਲਈ ਵੱਡੀ ਖ਼ਬਰ: ਪੰਜਾਬ ਸਰਕਾਰ ਨੇ ਦਿੱਤੇ ਨਵੇਂ ਹੁਕਮ
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਿੰਡਾਂ ਦੇ ਚਹੁੰਮੁਖੀ ਵਿਕਾਸ ਲਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਰੰਗਲਾ ਪੰਜਾਬ’ ਬਣਾਉਣ ਲਈ ਹਰ ਸੰਭਵ ਯਤਨ ਜਾਰੀ ਹਨ ਅਤੇ ਅਧਿਕਾਰੀਆਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ ਗਿਆ ਹੈ।
ਪਿੰਡਾਂ ਵਿੱਚ ਵਿਕਾਸ ਕਾਰਜ ਤੇਜ਼ ਹੋਣਗੇ
ਪੰਚਾਇਤ ਭਵਨ ਵਿਖੇ ਉੱਚ ਅਧਿਕਾਰੀਆਂ, ਏਡੀਸੀ, ਡੀਡੀਪੀਓ, ਬੀਡੀਪੀਓ ਤੇ ਹੋਰ ਵਿਭਾਗੀ ਅਧਿਕਾਰੀਆਂ ਨਾਲ ਹੋਈ ਸਮੀਖਿਆ ਮੀਟਿੰਗ ਦੌਰਾਨ, ਮੰਤਰੀ ਨੇ ਹੁਕਮ ਦਿੱਤੇ ਕਿ ਪਿੰਡਾਂ ਵਿਚ ਚੱਲ ਰਹੇ ਵਿਕਾਸ ਪ੍ਰੋਜੈਕਟ ਸਮੇਂ ਸਿਰ ਪੂਰੇ ਕੀਤੇ ਜਾਣ। ਉਨ੍ਹਾਂ ਸਖ਼ਤ ਨਿਰਦੇਸ਼ ਜਾਰੀ ਕੀਤੇ ਕਿ ਕਿਸੇ ਵੀ ਕਾਰਜ ਵਿੱਚ ਢਿੱਲ ਬਰਦਾਸ਼ਤ ਨਹੀਂ ਹੋਵੇਗੀ ਅਤੇ ਜਿਹੜੇ ਅਧਿਕਾਰੀ ਜਾਂ ਕਰਮਚਾਰੀ ਅਣਗਿਹਲੀ ਕਰਨਗੇ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੰਤਰੀ ਵੱਲੋਂ ਪੁਰਾਣੀਆਂ ਯੋਜਨਾਵਾਂ ਦੀ ਸਮੀਖਿਆ
ਸੌਂਦ ਨੇ ਜਨਵਰੀ ਮਹੀਨੇ ‘ਚ ਵਿਭਾਗ ਦੀ ਪਹਿਲੀ ਮੀਟਿੰਗ ਦੌਰਾਨ ਜ਼ਿਲ੍ਹਾ ਅਧਿਕਾਰੀਆਂ ਨੂੰ ਦਿੱਤੇ ਟੀਚਿਆਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਨੇ ਸਰਕਾਰੀ ਸਕੀਮਾਂ ਅਤੇ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਤੇ ਜ਼ੋਰ ਦਿੰਦਿਆਂ, ਮਗਨਰੇਗਾ ਦੇ ਜੌਬ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਉਣ ਦੀ ਵੀ ਹਦਾਇਤ ਦਿੱਤੀ। ਨਰੇਗਾ ਕਾਰਡ ਲੋੜਵੰਦ ਪਰਿਵਾਰਾਂ ਤੱਕ ਪਹੁੰਚਾਉਣ ਦੀ ਵੀ ਗੱਲ ਕੀਤੀ ਗਈ।
ਜ਼ਿਲ੍ਹਾ ਪੱਧਰ ‘ਤੇ ਨਵੇਂ ਇਨੀਸ਼ਿਏਟਿਵ
ਮੰਤਰੀ ਨੇ ਐਲਾਨ ਕੀਤਾ ਕਿ ਉਹ ਜਲਦ ਹੀ ਵਿਧਾਇਕਾਂ ਅਤੇ ਸਥਾਨਕ ਨੁਮਾਇੰਦਿਆਂ ਨਾਲ ਮਿਲ ਕੇ ਜ਼ਿਲ੍ਹਾ ਪੱਧਰ ਉੱਤੇ ਵਿਸ਼ੇਸ਼ ਮੀਟਿੰਗਾਂ ਆਯੋਜਤ ਕਰਨਗੇ, ਜਿਸ ਵਿੱਚ ਪੰਚਾਇਤ ਵਿਭਾਗ ਦੇ ਅਧਿਕਾਰੀ ਸ਼ਾਮਲ ਹੋਣਗੇ। ਉਨ੍ਹਾਂ ਨੇ ਜ਼ਮੀਨੀ ਪੱਧਰ ‘ਤੇ ਵਿਕਾਸ ਕਾਰਜਾਂ ‘ਚ ਵਿਧਾਇਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਦੀ ਵੀ ਗੱਲ ਕੀਤੀ।
ਪੰਚਾਇਤੀ ਜ਼ਮੀਨਾਂ ਦੀ ਨਵੀਂ ਨੀਤੀ
ਸੌਂਦ ਨੇ ਪੰਚਾਇਤੀ ਜ਼ਮੀਨਾਂ ਨੂੰ ਪਾਰਦਰਸ਼ੀ ਢੰਗ ਨਾਲ ਠੇਕੇ ‘ਤੇ ਦੇਣ ਅਤੇ ਇਸ ਆਮਦਨ ਨੂੰ ਪਿੰਡਾਂ ਦੇ ਵਿਕਾਸ ‘ਤੇ ਖਰਚਣ ਦੀ ਵੀ ਹਦਾਇਤ ਕੀਤੀ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ 31 ਮਾਰਚ 2025 ਤੱਕ ਸਾਰੇ ਟੀਚੇ ਪੂਰੇ ਕਰਨ ਲਈ ਕਿਹਾ।
ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਦੇ ਹੁਕਮ
ਸਮੀਖਿਆ ਮੀਟਿੰਗ ਦੌਰਾਨ ਪਿੰਡਾਂ ਵਿਚ ਆਂਗਣਵਾੜੀ ਕੇਂਦਰ, ਖੇਡ ਮੈਦਾਨ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਤਹਿਤ ਬਣ ਰਹੇ ਘਰਾਂ ਦੇ ਕੰਮ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ।
ਇਸ ਮੀਟਿੰਗ ਵਿੱਚ ਵਿਭਾਗ ਦੇ ਪ੍ਰਬੰਧਕੀ ਸਕੱਤਰ ਦਿਲਰਾਜ ਸਿੰਘ, ਡਾਇਰੈਕਟਰ ਪਰਮਜੀਤ ਸਿੰਘ, ਜੇਡੀਸੀ ਡਾ. ਸ਼ੀਨਾ ਅਗਰਵਾਲ, ਏਡੀਸੀਜ਼ (ਵਿਕਾਸ), ਡੀਡੀਪੀਓਜ਼, ਬੀਡੀਪੀਓਜ਼ ਅਤੇ ਹੋਰ ਅਧਿਕਾਰੀ ਹਾਜ਼ਰ ਸਨ।