ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ, ਮਾਨ ਸਰਕਾਰ ਵੱਲੋਂ ਜਾਰੀ ਹੋਏ ਨਵੇਂ ਹੁਕਮ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਨਿਰੰਤਰ ਠੋਸ ਕਦਮ ਚੁੱਕੇ ਜਾ ਰਹੇ ਹਨ। ਇਸ ਸੰਦਰਭ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਵਿਭਾਗ ਵੱਲੋਂ ਸਮਾਜਿਕ ਸੁਰੱਖਿਆ ਸਕੀਮਾਂ ਲਈ 6175 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਵਿੱਚੋਂ 1539 ਕਰੋੜ ਰੁਪਏ ਦੀ ਰਕਮ 34.40 ਲੱਖ ਲਾਭਪਾਤਰੀਆਂ ਨੂੰ ਮਈ 2025 ਤੱਕ ਨਿਯਮਤ ਤੌਰ ‘ਤੇ ਪੈਨਸ਼ਨ ਵਜੋਂ ਜਾਰੀ ਕੀਤੀ ਜਾ ਚੁੱਕੀ ਹੈ।
ਕਿਸਾਨ ਭਵਨ ਵਿਖੇ ਵਿਭਾਗ ਦੇ ਸੀਨੀਅਰ ਅਤੇ ਖੇਤਰੀ ਅਧਿਕਾਰੀਆਂ ਨਾਲ ਹੋਈ ਇਕ ਮਹੱਤਵਪੂਰਨ ਮੀਟਿੰਗ ਦੌਰਾਨ, ਮੰਤਰੀ ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਸਮਾਜਿਕ ਸੁਰੱਖਿਆ ਸਕੀਮਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਲਾਗੂ ਕੀਤਾ ਜਾਵੇ ਅਤੇ ਯੋਗ ਲਾਭਪਾਤਰੀਆਂ ਤੱਕ ਲਾਭ ਬਿਨਾਂ ਕਿਸੇ ਦੇਰੀ ਦੇ ਪਹੁੰਚੇ।
ਉਨ੍ਹਾਂ ‘ਸਾਡੇ ਬਜ਼ੁਰਗ, ਸਾਡਾ ਮਾਣ’ ਸਰਵੇ ਨੂੰ ਤੁਰੰਤ ਪੂਰਾ ਕਰਨ ਦੀ ਵੀ ਹਦਾਇਤ ਦਿੱਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਹਰ ਇਕ ਹੱਕਦਾਰ ਬਜ਼ੁਰਗ ਤੱਕ ਪੈਨਸ਼ਨ ਨਿਯਮਤ ਤੌਰ ’ਤੇ ਪਹੁੰਚੇ। ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਮ੍ਰਿਤਕ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਪੈਨਸ਼ਨ ਦੀ ਰਕਮ ਜਮ੍ਹਾਂ ਹੋਈ ਹੋਈ ਹੈ, ਉਸ ਦੀ ਰਿਕਵਰੀ ਕਰਕੇ ਉਹ ਰਕਮ ਹੋਰ ਲੋੜਵੰਦਾਂ ਦੀ ਭਲਾਈ ਵਿੱਚ ਵਰਤੀ ਜਾਵੇ।
ਮੰਤਰੀ ਨੇ ਇਹ ਵੀ ਸੂਚਿਤ ਕੀਤਾ ਕਿ ਵਿੱਤੀ ਸਾਲ 2025-26 ਦੌਰਾਨ ਹੁਣ ਤੱਕ 43,644 ਨਵੀਆਂ ਪੈਨਸ਼ਨ ਅਰਜ਼ੀਆਂ ਮਨਜ਼ੂਰ ਕੀਤੀਆਂ ਗਈਆਂ ਹਨ। ਉਨ੍ਹਾਂ ਜ਼ਿਲ੍ਹਾ ਅਤੇ ਖੇਤਰੀ ਅਧਿਕਾਰੀਆਂ ਨੂੰ ਇਹ ਕਾਰਵਾਈ ਨਿਰਧਾਰਤ ਸਮੇਂ ਅੰਦਰ ਪੂਰੀ ਕਰਨ ਦੇ ਸਖ਼ਤ ਹੁਕਮ ਦਿੱਤੇ।
ਇਸ ਮੌਕੇ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ਼੍ਰੀਵਾਸਤਵਾ (ਆਈ.ਏ.ਐੱਸ.), ਡਾਇਰੈਕਟਰ ਡਾ. ਸ਼ੇਨਾ ਅਗਰਵਾਲ (ਆਈ.ਏ.ਐੱਸ.), ਸਮੇਤ ਮੁੱਖ ਦਫ਼ਤਰ ਅਤੇ ਜ਼ਿਲ੍ਹਾ ਪੱਧਰ ਦੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਰਹੇ।