‘ਆਪ੍ਰੇਸ਼ਨ ਸਿੰਦੂਰ’ ਮਗਰੋਂ ਜਲੰਧਰ ‘ਚ ਅਲਰਟ, ਡ੍ਰੋਨ ‘ਤੇ ਪਾਬੰਦੀ, ਕੰਟਰੋਲ ਰੂਮ ਸਥਾਪਤ

ਭਾਰਤੀ ਫੌਜ ਵੱਲੋਂ ਪਾਕਿਸਤਾਨ ‘ਤੇ ਕੀਤੇ ਗਏ ‘ਆਪ੍ਰੇਸ਼ਨ ਸਿੰਦੂਰ’ ਤੋਂ ਬਾਅਦ ਜਲੰਧਰ ਜ਼ਿਲ੍ਹੇ ਵਿਚ ਸੁਰੱਖਿਆ ਪ੍ਰਬੰਧ ਹੋਰ ਵੀ ਜ਼ਿਆਦਾ ਸਖ਼ਤ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਇਕ ਉੱਚ ਪੱਧਰੀ ਮੀਟਿੰਗ ਵਿੱਚ ਰੱਖਿਆ ਏਜੰਸੀਆਂ ਅਤੇ ਜ਼ਰੂਰੀ ਸੇਵਾਵਾਂ ਨਾਲ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ।

ਡਾ. ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ‘ਚ ਮੌਕ ਡਰਿੱਲ ਰਾਹੀਂ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਮਕਸਦ ਲਈ ਜ਼ਿਲ੍ਹਾ ਅਤੇ ਸਬ-ਡਿਵੀਜ਼ਨ ਪੱਧਰ ‘ਤੇ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ, ਜੋ ਜ਼ਰੂਰੀ ਜਾਣਕਾਰੀ ਅਤੇ ਸਹਾਇਤਾ ਉਪਲਬਧ ਕਰਵਾਉਣਗੇ।

ਡ੍ਰੋਨ ਉਡਾਉਣ ’ਤੇ ਪੂਰਨ ਪਾਬੰਦੀ

ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਡ੍ਰੋਨ ਉਡਾਉਣ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਕਿਸੇ ਵੀ ਤਰ੍ਹਾਂ ਦੀ ਘੁਸਪੈਠ ਜਾਂ ਖ਼ਤਰੇ ਤੋਂ ਬਚਾਅ ਲਈ ਲਿਆ ਗਿਆ ਹੈ।

ਸਾਵਧਾਨੀ ਅਭਿਆਸ, ਪਰ ਡਰਨ ਦੀ ਲੋੜ ਨਹੀਂ

ਅਧਿਕਾਰੀਆਂ ਨੇ ਸਾਫ਼ ਕੀਤਾ ਕਿ ਇਹ ਅਭਿਆਸ ਕਿਸੇ ਅਸਲ ਖ਼ਤਰੇ ਦਾ ਇਸ਼ਾਰਾ ਨਹੀਂ ਹੈ, ਸਗੋਂ ਇਹ ਸਿਰਫ਼ ਤਿਆਰੀ ਦੀ ਜਾਂਚ ਕਰਨ ਲਈ ਇੱਕ ਰੁਟੀਨ ਪ੍ਰਕਿਰਿਆ ਹੈ। ਲੋਕਾਂ ਨੂੰ ਡਰਨ ਜਾਂ ਘਬਰਾਉਣ ਦੀ ਲੋੜ ਨਹੀਂ ਹੈ।

ਸੋਸ਼ਲ ਮੀਡੀਆ ਉੱਤੇ ਅਫ਼ਵਾਹਾਂ ਤੋਂ ਬਚਣ ਦੀ ਅਪੀਲ

ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਸੋਸ਼ਲ ਮੀਡੀਆ ਉੱਤੇ ਅਣਜਾਂਚੀ ਜਾਣਕਾਰੀ ਨਾ ਫੈਲਾਉਣ। ਅਫ਼ਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪਿੰਡਾਂ ਅਤੇ ਵਾਰਡਾਂ ਵਿੱਚ ਜਨ ਜਾਗਰੂਕਤਾ ਮੁਹਿੰਮ

ਡਿਪਟੀ ਕਮਿਸ਼ਨਰ ਨੇ ਪਿੰਡ ਅਤੇ ਵਾਰਡ ਸੁਰੱਖਿਆ ਕਮੇਟੀਆਂ ਨੂੰ ਆਪਣੇ ਖੇਤਰ ਵਿੱਚ ਜਾਗਰੂਕਤਾ ਮੁਹਿੰਮ ਚਲਾਉਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਜਾਣਕਾਰੀ ਪੁਲਿਸ ਨੂੰ ਦੇਣ ਦੀ ਅਪੀਲ ਕੀਤੀ।

ਪਾਵਰਕਾਮ, ਸਿਹਤ ਤੇ ਹੋਰ ਸੇਵਾਵਾਂ ਨੂੰ ਵਿਸ਼ੇਸ਼ ਨਿਰਦੇਸ਼

ਮੀਟਿੰਗ ਦੌਰਾਨ ਸਾਰੇ ਅਹਿਮ ਵਿਭਾਗਾਂ — ਪਾਵਰਕਾਮ, ਸਿਹਤ, ਰੇਲਵੇ, ਨਗਰ ਨਿਗਮ, ਸਿੱਖਿਆ, ਟੈਲੀਕਮ ਤੇ ਹੋਰ ਐਮਰਜੈਂਸੀ ਸੰਸਥਾਵਾਂ — ਨੂੰ ਉਚਿਤ ਤਿਆਰੀ ਅਤੇ ਸਹਿਯੋਗ ਯਕੀਨੀ ਬਣਾਉਣ ਦੀ ਹਦਾਇਤ ਦਿੱਤੀ ਗਈ।

ਪੁਲਿਸ ਕਮਿਸ਼ਨਰ ਵੱਲੋਂ ਚੌਕਸੀ ਦੀ ਅਪੀਲ

ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 112 ’ਤੇ ਜਾਂ ਨੇੜਲੇ ਪੁਲਿਸ ਸਟੇਸ਼ਨ ਨੂੰ ਕਿਸੇ ਵੀ ਅਸਾਧਾਰਨ ਗਤੀਵਿਧੀ ਦੀ ਤੁਰੰਤ ਜਾਣਕਾਰੀ ਦੇਣ। ਮਕਾਨ ਮਾਲਕਾਂ ਨੂੰ ਵੀ ਕਿਹਾ ਗਿਆ ਕਿ ਉਹ ਆਪਣੇ ਕਿਰਾਏਦਾਰਾਂ ਦੀ ਜਾਣਕਾਰੀ ਪੁਲਿਸ ਨੂੰ ਸਾਂਝੀ ਕਰਨ।

Leave a Reply

Your email address will not be published. Required fields are marked *