ਪੰਜਾਬ ‘ਚ ਨਗਰ ਕੀਰਤਨ ਦੌਰਾਨ ਵੱਡਾ ਹਾਦਸਾ, 2 ਸ਼ਰਧਾਲੂਆਂ ਦੀ ਮੌਤ

ਥਾਣਾ ਕੋਟ ਈਸੇ ਖਾਂ ਅਧੀਨ ਪੈਂਦੇ ਪਿੰਡ ਕੋਟ ਸਦਰ ਖਾਂ ਤੋਂ ਦੁਖਦ ਖਬਰ ਸਾਹਮਣੇ ਆਈ ਹੈ। ਇੱਥੇ ਨਗਰ ਕੀਰਤਨ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਨਗਰ ਕੀਰਤਨ ਦੌਰਾਨ ਕਰੰਟ ਲੱਗਣ ਨਾਲ ਇੱਕ ਔਰਤ ਜੋਗਿੰਦਰ ਕੌਰ ਵਾਸੀ ਫ਼ਿਰੋਜ਼ਪੁਰ ਅਤੇ ਰਣਜੀਤ ਸਿੰਘ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 6-7 ਸ਼ਰਧਾਲੂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਕੋਟ ਈਸੇ ਖਾਂ ਦੇ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।

ਜਾਣਕਾਰੀ ਅਨੁਸਾਰ ਪਿੰਡ ਕੋਟ ਸਦਰ ਖਾਂ ਵਿੱਚ ਨਗਰ ਕੀਰਤਨ ਸਜਾਇਆ ਜਾ ਰਿਹਾ ਸੀ। ਇਸ ਦੌਰਾਨ ਪਾਲਕੀ ਸਾਹਿਬ ‘ਤੇ ਲਗਾਇਆ ਨਿਸ਼ਾਨ ਸਾਹਿਬ ਬਿਜਲੀ ਦੀਆਂ ਤਾਰਾਂ ਦੇ ਸੰਪਰਕ ‘ਚ ਆਉਣ ਕਾਰਨ ਇਹ ਹਾਦਸਾ ਵਾਪਰਿਆ।

ਇਸ ਸਬੰਧੀ ਜਦੋਂ ਥਾਣਾ ਮੁਖੀ ਅਰਸ਼ਪ੍ਰੀਤ ਕੌਰ ਗਰੇਵਾਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਇਸ ਘਟਨਾ ਨੂੰ ਦੁਖਦਾਈ ਦੱਸਦਿਆਂ ਕਿਹਾ ਕਿ ਉਹ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਅਤੇ ਜ਼ਖਮੀਆਂ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਲਾਸ਼ਾਂ ਬਰਾਮਦ ਕਰਕੇ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ। ਇਸ ਘਟਨਾ ਨਾਲ ਪਿੰਡ ਅਤੇ ਆਸਪਾਸ ਦੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।

Leave a Reply

Your email address will not be published. Required fields are marked *