SC ਵਿਦਿਆਰਥੀਆਂ ਲਈ ਵੱਡੀ ਰਾਹਤ, ਪੰਜਾਬ ਸਰਕਾਰ ਵੱਲੋਂ 242 ਕਰੋੜ ਰੁਪਏ ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਇੱਕ ਇਤਿਹਾਸਕ ਕਦਮ ਚੁੱਕਦਿਆਂ 31 ਮਾਰਚ 2025 ਤੋਂ ਪਹਿਲਾਂ 2,22,764 ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਤਹਿਤ 242.01 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਰਾਜ ਸਰਕਾਰ ਵੱਲੋਂ ਸਕੀਮ ਦਾ ਹਿੱਸਾ ਅਕਾਦਮਿਕ ਸਾਲ ਦੇ ਅੰਦਰ ਹੀ ਜਾਰੀ ਕੀਤਾ ਗਿਆ ਹੈ। ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਵੀ ਪੰਜਾਬ ਸਰਕਾਰ ਦੇ ਇਸ ਕਦਮ ਦੀ ਪ੍ਰਸ਼ੰਸਾ ਕੀਤੀ ਗਈ ਹੈ।

ਮੰਤਰੀ ਨੇ ਕਿਹਾ ਕਿ ਵਿੱਤੀ ਸਾਲ 2024-25 ਲਈ 2.60 ਲੱਖ ਵਿਦਿਆਰਥੀਆਂ ਨੂੰ ਕਵਰ ਕਰਨ ਦਾ ਟੀਚਾ ਰੱਖਿਆ ਗਿਆ ਸੀ, ਜਿਨ੍ਹਾਂ ਵਿੱਚੋਂ 2,59,685 ਅਰਜ਼ੀਆਂ ਪ੍ਰਾਪਤ ਹੋਈਆਂ, ਅਤੇ 2,36,575 ਅਰਜ਼ੀਆਂ ਦੀ ਤਸਦੀਕ ਕਰ ਲਈ ਗਈ ਹੈ। ਇਹ ਗਿਣਤੀ ਪਿਛਲੇ ਪੰਜ ਸਾਲਾਂ ਵਿੱਚ ਸਭ ਤੋਂ ਵੱਧ ਹੈ।

ਡਾ. ਬਲਜੀਤ ਕੌਰ ਨੇ ਇਹ ਵੀ ਦੱਸਿਆ ਕਿ ਬਾਕੀ 13,814 ਤਸਦੀਕ ਕੀਤੇ ਵਿਦਿਆਰਥੀਆਂ ਲਈ ਰਾਜੀ ਹਿੱਸਾ ਜਲਦੀ ਹੀ ਜਾਰੀ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੁਝ ਯੋਗ ਵਿਦਿਆਰਥੀ ਅਪਣੀਆਂ ਅਰਜ਼ੀਆਂ ਲੌਕ ਨਾ ਕਰ ਸਕਣ ਕਾਰਨ ਸਕਾਲਰਸ਼ਿਪ ਤੋਂ ਵਾਂਝੇ ਰਹਿ ਗਏ, ਜਿਸ ਨੂੰ ਮੱਦੇਨਜ਼ਰ ਰੱਖਦਿਆਂ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ 15 ਮਈ 2025 ਤੱਕ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ।

ਮੰਤਰੀ ਨੇ ਵਿਦਿਆਰਥੀਆਂ ਅਤੇ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਆਖਰੀ ਮੌਕੇ ਦਾ ਲਾਭ ਉਠਾਉਣ ਅਤੇ ਅਰਜ਼ੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਪੂਰਾ ਕਰਨ, ਤਾਂ ਜੋ ਕੋਈ ਵੀ ਯੋਗ ਵਿਦਿਆਰਥੀ ਇਸ ਮੁੱਲਵਾਨ ਸਕੀਮ ਤੋਂ ਵਾਂਝਾ ਨਾ ਰਹੇ।

Leave a Reply

Your email address will not be published. Required fields are marked *