ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੀ.ਸੀ.ਐਸ. ਪ੍ਰੀਖਿਆ ਦੀ ਤਿਆਰੀ ਲਈ ਨੌਜਵਾਨਾਂ ਨੂੰ ਮੁਹੱਈਆ ਕਰਵਾਈ ਜਾਵੇਗੀ ਮੁਫ਼ਤ ਕੋਚਿੰਗ
ਨੌਜਵਾਨਾਂ ਨੂੰ ਪੰਜਾਬ ਸਿਵਲ ਸਰਵਿਸਿਜ਼ ਇਮਤਿਹਾਨ-2025 ਦੀ ਤਿਆਰੀ ਲਈ ਕੋਚਿੰਗ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਫ਼ਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪਹਿਲਕਦਮੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਕੀਤੀ ਜਾ ਰਹੀ ਹੈ ਅਤੇ ਮਾਰਚ-2025 ਤੋਂ ਸ਼ੁਰੂ ਹੋਣ ਵਾਲੀਆਂ ਮੁਫ਼ਤ ਕੋਚਿੰਗ ਕਲਾਸਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲਾਈਆਂ ਜਾਣਗੀਆਂ।
ਡਾ. ਅਗਰਵਾਲ ਨੇ ਦੱਸਿਆ ਕਿ ਮੁਫ਼ਤ ਕੋਚਿੰਗ ਦਾ ਲਾਭ ਲੈਣ ਲਈ ਉਮੀਦਵਾਰ ਦੀ ਮੁੱਢਲੀ ਯੋਗਤਾ ਗ੍ਰੈਜੂਏਸ਼ਨ ਹੋਣੀ ਚਾਹੀਦੀ ਹੈ ਅਤੇ ਉਸਦਾ ਪੰਜਾਬ ਰਾਜ ਦਾ ਮੂਲ ਰੂਪ ਵਿੱਚ ਨਿਵਾਸੀ (Punjab Domicile) ਹੋਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਕੋਚਿੰਗ ਦੌਰਾਨ ਵਿਸ਼ਾ ਮਾਹਰਾਂ ਵੱਲੋਂ ਪੀ.ਸੀ.ਐਸ. ਪ੍ਰੀਖਿਆ ਦੀ ਵਿਸਥਾਰ ਨਾਲ ਤਿਆਰੀ ਕਰਵਾਉਣ ਤੋਂ ਇਲਾਵਾ ਉਮੀਦਵਾਰਾਂ ਨੂੰ ਉਤਸ਼ਾਹਿਤ ਕਰਨ ਹਿੱਤ ਜ਼ਿਲ੍ਹਾ ਪ੍ਰਸ਼ਾਸਨ ਵਿੱਚ ਮੌਜੂਦਾ ਸਮੇਂ ਸੇਵਾਵਾਂ ਦੇ ਰਹੇ ਆਈ.ਏ.ਐਸ./ਪੀ.ਸੀ.ਐਸ. ਅਧਿਕਾਰੀਆਂ ਨਾਲ ਰੂ-ਬਰੂ ਵੀ ਕਰਵਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਉਮੀਦਵਾਰਾਂ ਨੂੰ ਉੱਚ ਕੋਟੀ ਦੀ ਕੋਚਿੰਗ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਨੌਜਵਾਨਾਂ ਨੂੰ ਪੀ.ਸੀ.ਐਸ. ਪ੍ਰੀਖਿਆ ਲਈ ਬਿਹਤਰ ਢੰਗ ਨਾਲ ਤਿਆਰ ਕਰਨਾ ਹੈ ਤਾਂ ਜੋ ਉਹ ਆਪਣਾ ਪੰਜਾਬ ਸਿਵਲ ਸਰਵਿਸਿਜ਼ ਵਿੱਚ ਜਾਣ ਦਾ ਸੁਪਨਾ ਸਾਕਾਰ ਕਰ ਸਕਣ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਭਲਾਈ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜਿਹੀਆਂ ਪਹਿਲਕਦਮੀਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ।
ਨੌਜਵਾਨਾਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚਾਹਵਾਨ ਉਮੀਦਵਾਰ ਆਨਲਾਈਨ ਲਿੰਕ https://forms.gle/nu8Mk26pfBCt8h9A8 ’ਤੇ ਆਪਣੇ-ਆਪ ਨੂੰ ਰਜਿਸਟਰ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰ. 90569-20100 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਕੈਪਸ਼ਨ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਪੀ.ਸੀ.ਐਸ. ਪ੍ਰੀਖਿਆ ਦੀ ਤਿਆਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀਆਂ ਜਾ ਰਹੀਆਂ ਮੁਫ਼ਤ ਕੋਚਿੰਗ ਕਲਾਸਾਂ ਬਾਰੇ ਜਾਣਕਾਰੀ ਦਿੰਦੇ ਹੋਏ।