ਕੱਲ੍ਹ ਰਿਲੀਜ਼ ਹੋਵੇਗੀ ‘ਐਮਰਜੈਂਸੀ’, ਪੰਜਾਬ ‘ਚ ਵਿਰੋਧ ਸ਼ੁਰੂ
ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ 17 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸਖ਼ਤ ਰੋਸ ਜਤਾਇਆ ਹੈ ਅਤੇ ਫ਼ਿਲਮ ‘ਤੇ ਬੈਨ ਲਗਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਪੰਜਾਬ ਵਿੱਚ ਇਸ ਫ਼ਿਲਮ ਦੀ ਰਿਲੀਜ਼ ਨੂੰ ਰੋਕਿਆ ਜਾਵੇ।
ਸਿੱਖ ਜਗਤ ਦੇ ਭਾਵਨਾਵਾਂ ਨੂੰ ਪਹੁੰਚ ਸਕਦੀ ਹੈ ਠੇਸ
ਪੱਤਰ ਵਿੱਚ ਧਾਮੀ ਨੇ ਕਿਹਾ ਹੈ ਕਿ ਜੇਕਰ ਇਹ ਫ਼ਿਲਮ ਪੰਜਾਬ ਦੇ ਥੀਏਟਰਾਂ ਵਿੱਚ ਦਿਖਾਈ ਗਈ, ਤਾਂ ਇਹ ਸਿੱਖ ਜਗਤ ਵਿੱਚ ਰੋਸ ਪੈਦਾ ਕਰੇਗੀ। ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਇਸ ਫ਼ਿਲਮ ‘ਤੇ ਤੁਰੰਤ ਰੋਕ ਲਗਾਈ ਜਾਵੇ।
ਥੀਏਟਰਾਂ ਵਿੱਚ ਲਗਣ ‘ਤੇ ਹੋਵੇਗਾ ਕਰੜਾ ਵਿਰੋਧ
ਹਰਜਿੰਦਰ ਸਿੰਘ ਧਾਮੀ ਨੇ ਸਪਸ਼ਟ ਕੀਤਾ ਹੈ ਕਿ ਜੇਕਰ ਇਹ ਫ਼ਿਲਮ ਪੰਜਾਬ ਦੇ ਕਿਸੇ ਵੀ ਥੀਏਟਰ ਵਿੱਚ ਰਿਲੀਜ਼ ਹੁੰਦੀ ਹੈ, ਤਾਂ ਸ਼੍ਰੋਮਣੀ ਕਮੇਟੀ ਵੱਲੋਂ ਇਸਦਾ ਕਰੜਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਭੇਜੇ ਗਏ ਹਨ।
ਸਰਕਾਰ ਤੇ ਪ੍ਰਸ਼ਾਸਨ ਦੀ ਨਿਗਰਾਨੀ ਦੀ ਮੰਗ
ਸ਼੍ਰੋਮਣੀ ਕਮੇਟੀ ਵੱਲੋਂ ਸੂਬੇ ਦੀ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਗਈ ਹੈ ਕਿ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਕਿਸੇ ਵੀ ਕਦਮ ਨੂੰ ਰੋਕਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ।