ਪੰਜਾਬ ‘ਚ ਕੱਲ ਨੂੰ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ
ਪੰਜਾਬ ‘ਚ ਅਪ੍ਰੈਲ ਮਹੀਨੇ ਦੌਰਾਨ ਛੁੱਟੀਆਂ ਦਾ ਸਿਲਸਲਾ ਜਾਰੀ ਹੈ। ਹੁਣ 29 ਅਪ੍ਰੈਲ, ਮੰਗਲਵਾਰ ਨੂੰ ਪੰਜਾਬ ਸਰਕਾਰ ਵੱਲੋਂ ਸੂਬਾ ਭਰ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ।
ਇਹ ਛੁੱਟੀ ਭਗਵਾਨ ਪਰਸ਼ੂਰਾਮ ਜੀ ਦੇ ਜਨਮ ਦਿਹਾੜੇ ਦੇ ਮੌਕੇ ‘ਤੇ ਦਿੱਤੀ ਜਾ ਰਹੀ ਹੈ। ਸੂਬੇ ਭਰ ਵਿੱਚ ਇਹ ਦਿਹਾੜਾ ਸ਼ਰਧਾ ਅਤੇ ਸਮਰਪਣ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ‘ਤੇ ਵਿਦਿਆਰਥੀਆਂ ਅਤੇ ਸਰਕਾਰੀ ਕਰਮਚਾਰੀਆਂ ਨੂੰ ਗਰਮੀ ਭਰੇ ਮੌਸਮ ਵਿਚ ਵੱਡੀ ਰਾਹਤ ਮਿਲੇਗੀ।
ਸਿੱਖਿਆ ਬੋਰਡ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ
ਦੂਜੇ ਪਾਸੇ, ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵੀ ਸਾਰੇ ਸਕੂਲ ਮੁਖੀਆਂ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਲਈ ਨਵੇਂ ਨਿਰਦੇਸ਼ ਜਾਰੀ ਕੀਤੇ ਗਏ ਹਨ। ਪੱਤਰ ਰਾਹੀਂ ਜਾਣਕਾਰੀ ਦਿੱਤੀ ਗਈ ਹੈ ਕਿ ਗਰਮੀਆਂ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ ਅਤੇ ਅਗਲੇ ਦਿਨਾਂ ‘ਚ ਭਾਰੀ ਗਰਮੀ ਪੈਣ ਦੀ ਸੰਭਾਵਨਾ ਹੈ।
ਇਸ ਸੰਦਰਭ ਵਿੱਚ, ਰਾਸ਼ਟਰੀ ਆਫਤ ਪ੍ਰਬੰਧਨ ਅਥਾਰਟੀ ਵੱਲੋਂ ਹੀਟ ਵੇਵ ਦੀ ਰੋਕਥਾਮ ਅਤੇ ਪ੍ਰਬੰਧਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਕੂਲਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਇਹ ਹਦਾਇਤਾਂ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ, ਸਰੀਰਕ ਸਿੱਖਿਆ ਦੀਆਂ ਕਲਾਸਾਂ ਅਤੇ ਕਲਾਸਰੂਮ ਵਿਚ ਵਿਆਖਿਆ ਕਰਕੇ ਸਮਝਾਈਆਂ ਜਾਣ।