ਡਿੱਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ‘ਚ ਕੀਤੀ ਪਟੀਸ਼ਨ ਦਾਇਰ
ਖਡੂਰ ਸਾਹਿਬ ਤੋਂ ਲੋਕ ਸਭਾ ਸਦੱਸ ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਪ੍ਰਮੁੱਖ ਅੰਮ੍ਰਿਤਪਾਲ ਸਿੰਘ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਦਿਆਂ ਗਣਤੰਤਰ ਦਿਵਸ ਪਰੇਡ ਦੇਖਣ ਅਤੇ ਲੋਕ ਸਭਾ ਸੈਸ਼ਨ ਵਿੱਚ ਹਿੱਸਾ ਲੈਣ ਦੀ ਮੰਗ ਕੀਤੀ ਹੈ। ਅੰਮ੍ਰਿਤਪਾਲ ਸਿੰਘ ਇਸ ਸਮੇਂ ਰਾਸ਼ਟਰੀ ਸੁਰੱਖਿਆ ਐਕਟ (NSA) ਦੇ ਤਹਿਤ ਡਿੱਬਰੂਗੜ੍ਹ ਜੇਲ੍ਹ ‘ਚ ਬੰਦ ਹਨ।
ਗਣਤੰਤਰ ਦਿਵਸ ਅਤੇ ਲੋਕ ਸਭਾ ਸੈਸ਼ਨ ਵਿਚ ਭਾਗੀਦਾਰੀ ਦੀ ਮੰਗ
ਪਟੀਸ਼ਨ ਵਿੱਚ ਅੰਮ੍ਰਿਤਪਾਲ ਸਿੰਘ ਨੇ ਦਲੀਲ ਦਿੱਤੀ ਹੈ ਕਿ ਗਣਤੰਤਰ ਦਿਵਸ ਪਰੇਡ ਅਤੇ ਸੰਸਦ ਸੈਸ਼ਨ ਵਿੱਚ ਉਨ੍ਹਾਂ ਦੀ ਮੌਜੂਦਗੀ ਜਨਤਕ ਹਿੱਤ ਵਿੱਚ ਹੈ। ਉਨ੍ਹਾਂ ਕਿਹਾ ਕਿ ਇੱਕ ਸੰਸਦ ਮੈਂਬਰ ਹੋਣ ਦੇ ਨਾਤੇ ਸੰਵਿਧਾਨਕ ਪ੍ਰੋਗਰਾਮਾਂ ਵਿੱਚ ਭਾਗ ਲੈਣਾ ਉਨ੍ਹਾਂ ਦਾ ਹੱਕ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਉਨ੍ਹਾਂ ਦਾ ਫਰਜ਼ ਹੈ ਕਿ ਉਹ ਲੋਕਾਂ ਦੇ ਮੁੱਦਿਆਂ ਨੂੰ ਸੰਸਦ ਵਿੱਚ ਉਠਾਉਣ।
ਅਦਾਲਤ ਤੋਂ ਅਪੀਲ
ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਹੈ ਕਿ ਅਦਾਲਤ ਸਰਕਾਰ ਨੂੰ ਹੁਕਮ ਦੇਵੇ ਕਿ ਉਨ੍ਹਾਂ ਨੂੰ ਗਣਤੰਤਰ ਦਿਵਸ ਪਰੇਡ ਅਤੇ ਲੋਕ ਸਭਾ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ। ਪਟੀਸ਼ਨ ਵਿੱਚ ਉਨ੍ਹਾਂ ਨੇ ਕਿਹਾ ਕਿ ਇਹ ਰਾਸ਼ਟਰੀ ਮਹੱਤਵ ਦੇ ਪ੍ਰੋਗਰਾਮ ਹਨ ਅਤੇ ਉਨ੍ਹਾਂ ਦੀ ਭਾਗੀਦਾਰੀ ਜਨਤਕ ਹਿੱਤ ਲਈ ਜਰੂਰੀ ਹੈ।
ਪਟੀਸ਼ਨ ਦੇ ਧਿਰ
ਪਟੀਸ਼ਨ ਵਿੱਚ ਅੰਮ੍ਰਿਤਪਾਲ ਸਿੰਘ ਨੇ ਭਾਰਤ ਸਰਕਾਰ, ਪੰਜਾਬ ਸਰਕਾਰ ਅਤੇ ਹੋਰ ਸਬੰਧਤ ਪੱਖਾਂ ਨੂੰ ਧਿਰ ਬਣਾਇਆ ਹੈ। ਹਾਲਾਂਕਿ, ਇਸ ਪਟੀਸ਼ਨ ਨੂੰ ਹਾਈ ਕੋਰਟ ਦੁਆਰਾ ਅਜੇ ਤੱਕ ਸੁਨਵਾਈ ਲਈ ਸੂਚੀਬੱਧ ਨਹੀਂ ਕੀਤਾ ਗਿਆ।