ਅੰਮ੍ਰਿਤਸਰ 'ਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਮੁਲਜ਼ਮ ਕਾਬੂ

ਪੰਜਾਬ ਪੁਲਸ ਨੇ ਨਜਾਇਜ਼ ਹਥਿਆਰਾਂ ਦੀ ਤਸਕਰੀ ਦੇ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰੋਂ ਚੱਲ ਰਹੇ ਇੱਕ ਨਜਾਇਜ਼ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 8 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਸ ਵੱਲੋਂ 11 ਆਧੁਨਿਕ ਪਿਸਤੌਲ ਤੇ 8 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਅੰਮ੍ਰਿਤਸਰ : ਪੰਜਾਬ ਪੁਲਸ ਨੇ ਨਜਾਇਜ਼ ਹਥਿਆਰਾਂ ਦੀ ਤਸਕਰੀ ਦੇ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰੋਂ ਚੱਲ ਰਹੇ ਇੱਕ ਨਜਾਇਜ਼ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 8 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਸ ਵੱਲੋਂ 11 ਆਧੁਨਿਕ ਪਿਸਤੌਲ ਤੇ 8 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਪੰਜਾਬ ਦੇ ਪੁਲਸ ਮਹਾਨਿਰਦੇਸ਼ਕ (DGP) ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਮੁਢਲੀ ਜਾਂਚ ਵਿਚ ਇਹ ਸਾਹਮਣੇ ਆਇਆ ਹੈ ਕਿ ਫੜੇ ਗਏ ਮੁਲਜ਼ਮ ਵਿਦੇਸ਼ ਵਿਚ ਬੈਠੇ ਕੁਝ ਆਪਰੇਟਿਵਾਂ ਦੇ ਸੰਪਰਕ ਵਿੱਚ ਸਨ, ਜੋ ਸਰਹੱਦ ਪਾਰੋਂ ਨਜਾਇਜ਼ ਹਥਿਆਰਾਂ ਦੀ ਸਪਲਾਈ ਵਿਚ ਸ਼ਾਮਲ ਹਨ।

ਪੁਲਸ ਅਨੁਸਾਰ, ਇਹ ਹਥਿਆਰ ਪੰਜਾਬ ਵਿਚ ਅਪਰਾਧਿਕ ਅਨਸਰਾਂ ਤੱਕ ਪਹੁੰਚਾਉਣ ਦੀ ਸਾਜ਼ਿਸ਼ ਰਚੀ ਗਈ ਸੀ। ਇਹਨਾਂ ਦੀ ਵਰਤੋਂ ਰੰਗਦਾਰੀ ਵਸੂਲਣ, ਹਿੰਸਕ ਵਾਰਦਾਤਾਂ ਨੂੰ ਅੰਜਾਮ ਦੇਣ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਲਈ ਕੀਤੀ ਜਾਣੀ ਸੀ। ਪੁਲਸ ਨੂੰ ਸ਼ੱਕ ਹੈ ਕਿ ਇਹ ਨੈੱਟਵਰਕ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ 'ਚ ਗੈਂਗਸਟਰ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।

ਇਸ ਮਾਮਲੇ ਵਿਚ ਅੰਮ੍ਰਿਤਸਰ ਦੇ ਏਅਰਪੋਰਟ ਥਾਣਾ, ਸਦਰ ਥਾਣਾ ਅਤੇ ਛੇਹਰਟਾ ਥਾਣਾ ਵਿੱਚ ਵੱਖ-ਵੱਖ ਐੱਫ.ਆਈ.ਆਰ. (FIR) ਦਰਜ ਕੀਤੀਆਂ ਗਈਆਂ ਹਨ। ਪੁਲਸ ਹੁਣ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਇਸ ਗਿਰੋਹ ਦੇ ਹੋਰ ਮੈਂਬਰਾਂ ਅਤੇ ਸਹਿਯੋਗੀਆਂ ਦੀ ਪਛਾਣ ਕੀਤੀ ਜਾ ਸਕੇ।

ਪੰਜਾਬ ਪੁਲਸ ਨੇ ਦੁਹਰਾਇਆ ਹੈ ਕਿ ਸੂਬੇ ਵਿੱਚ ਅਪਰਾਧ ਅਤੇ ਗੈਂਗਸਟਰ ਨੈੱਟਵਰਕ ਦੇ ਖਿਲਾਫ 'ਜ਼ੀਰੋ ਟਾਲਰੈਂਸ' ਨੀਤੀ ਤਹਿਤ ਸਖ਼ਤ ਕਾਰਵਾਈ ਜਾਰੀ ਰਹੇਗੀ। ਸਰਹੱਦ ਪਾਰੋਂ ਹੋਣ ਵਾਲੀ ਤਸਕਰੀ ਅਤੇ ਸੰਗਠਿਤ ਅਪਰਾਧ ਨੂੰ ਖਤਮ ਕਰਨ ਲਈ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ।