ਪੰਜਾਬ 'ਚ ਅਗਲੇ 24 ਘੰਟੇ ਬੇਹਦ ਅਹਿਮ, ਭਾਰੀ ਮੀਂਹ ਦਾ ਅਲਰਟ ਜਾਰੀ

ਮੌਸਮ ਵਿਭਾਗ ਮੁਤਾਬਕ ਅੱਜ ਹਿਮਾਚਲ ਦੇ ਨਾਲ ਲੱਗਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅੱਜ ਹਿਮਾਚਲ ਦੇ ਨਾਲ ਲੱਗਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਅਜਿਹੀ ਸਥਿਤੀ 'ਚ ਇਨ੍ਹਾਂ ਜ਼ਿਲ੍ਹਿਆਂ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।

ਮੌਸਮ ਵਿਭਾਗ ਮੁਤਾਬਕ 26 ਅਤੇ 27 ਅਗਸਤ ਨੂੰ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰੀ ਮੀਂਹ ਕਾਰਨ ਪੰਜਾਬ ਵਿੱਚ ਸਥਿਤੀ ਹੋਰ ਵੀ ਵਿਗੜ ਸਕਦੀ ਹੈ ਕਿਉਂਕਿ ਡੈਮਾਂ ਅਤੇ ਦਰਿਆਵਾਂ 'ਚ ਪਾਣੀ ਦਾ ਪੱਧਰ ਵਧ ਗਿਆ ਹੈ। ਨੀਵੇਂ ਇਲਾਕਿਆਂ 'ਚ ਰਹਿਣ ਵਾਲੇ ਲੋਕਾਂ ਨੂੰ ਮੀਂਹ ਕਾਰਨ ਬਹੁਤ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਤੁਹਾਨੂੰ ਦੱਸ ਦੇਈਏ ਕਿ ਚੱਕੀ ਨਦੀ ਦੇ ਤੇਜ਼ ਵਹਾਅ ਕਾਰਨ ਪੁਲ ਹੇਠੋਂ ਮਿੱਟੀ ਲਗਾਤਾਰ ਖਿਸਕ ਰਹੀ ਹੈ। ਕੁਝ ਦਿਨ ਪਹਿਲਾਂ ਵੀ ਪਾਣੀ ਵਧਣ ਕਾਰਨ ਸੁਰੱਖਿਆ ਦੀਵਾਰ ਦਾ ਇੱਕ ਹਿੱਸਾ ਟੁੱਟ ਗਿਆ ਸੀ। ਇਸ ਸਮੇਂ ਪੁਲ 'ਤੇ ਤਾਇਨਾਤ ਰੇਲਵੇ ਵਿਭਾਗ ਦੇ ਅਧਿਕਾਰੀ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਮਿੱਟੀ ਖਿਸਕਣ ਕਾਰਨ ਪੁਲ 'ਤੇ ਆਵਾਜਾਈ ਬੰਦ ਕਰ ਦਿੱਤੀ ਗਈ ਹੈ। ਇਸ ਦੇ ਮੱਦੇਨਜ਼ਰ ਪਠਾਨਕੋਟ ਪ੍ਰਸ਼ਾਸਨ ਨੇ ਚੱਕੀ ਨਦੀ 'ਤੇ ਬਣੇ ਨਵੇਂ ਪੁਲ ਨੂੰ ਬੰਦ ਕਰ ਦਿੱਤਾ ਹੈ, ਜਿਸ ਕਾਰਨ ਪਠਾਨਕੋਟ ਤੋਂ ਜਲੰਧਰ ਜਾਣ ਵਾਲੀ ਸੜਕ ਬੰਦ ਹੈ। ਜੇਕਰ ਕੋਈ ਜਲੰਧਰ ਜਾਣਾ ਚਾਹੁੰਦਾ ਹੈ ਤਾਂ ਉਸਨੂੰ ਗੁਰਦਾਸਪੁਰ ਸੜਕ ਤੋਂ ਜਾਣਾ ਪਵੇਗਾ।