ਅੰਮ੍ਰਿਤਸਰ ਪੁਲਸ ਵੱਲੋਂ ਅੰਤਰਰਾਸ਼ਟਰੀ ਡਰੱਗ ਨੈੱਟਵਰਕ ਦਾ ਪਰਦਾਫਾਸ਼, 30 ਕਿਲੋ ਹੈਰੋਇਨ ਸਣੇ 6 ਤਸਕਰ ਗ੍ਰਿਫਤਾਰ

ਪੰਜਾਬ 'ਚ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਅੰਤਰਰਾਸ਼ਟਰੀ ਡਰੱਗ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਸ ਨੇ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 30.045 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਅੰਮ੍ਰਿਤਸਰ: ਪੰਜਾਬ 'ਚ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਅੰਤਰਰਾਸ਼ਟਰੀ ਡਰੱਗ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਸ ਨੇ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 30.045 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। 

ਦੁਬਈ ਨਾਲ ਜੁੜੇ ਹਨ ਤਾਰ
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੁਬਈ 'ਚ ਬੈਠੇ ਇੱਕ ਮੁੱਖ ਤਸਕਰ ਦੇ ਲਗਾਤਾਰ ਸੰਪਰਕ 'ਚ ਸਨ। ਇਹ ਤਸਕਰ ਸਰਹੱਦ ਪਾਰੋਂ ਨਸ਼ੇ ਦੀ ਸਪਲਾਈ ਤੇ ਪੰਜਾਬ 'ਚ ਇਸ ਦੇ ਨੈੱਟਵਰਕ ਨੂੰ ਚਲਾਉਣ ਦਾ ਮੁੱਖ ਸੰਚਾਲਕ ਦੱਸਿਆ ਜਾ ਰਿਹਾ ਹੈ। ਉਸ ਦੇ ਨਿਰਦੇਸ਼ਾਂ 'ਤੇ ਹੀ ਇਹ ਮੁਲਜ਼ਮ ਨਿਸ਼ਚਿਤ ਥਾਵਾਂ ਤੋਂ ਹੈਰੋਇਨ ਦੀ ਖੇਪ ਪ੍ਰਾਪਤ ਕਰਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਸਪਲਾਈ ਕਰਦੇ ਸਨ।

ਅੰਤਰਰਾਸ਼ਟਰੀ ਬਾਜ਼ਾਰ 'ਚ 300 ਕਰੋੜ ਰੁਪਏ ਕੀਮਤ
ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ ਲਗਭਗ 300 ਕਰੋੜ ਰੁਪਏ ਜਾਂ ਇਸ ਤੋਂ ਵੱਧ ਦੱਸੀ ਜਾ ਰਹੀ ਹੈ। ਪੁਲਸ ਅਨੁਸਾਰ ਇੰਨੀ ਵੱਡੀ ਬਰਾਮਦਗੀ ਇਸ ਨੈੱਟਵਰਕ ਦੀ ਮਜ਼ਬੂਤ ਆਰਥਿਕਤਾ ਤੇ ਵੱਡੇ ਫੈਲਾਅ ਨੂੰ ਦਰਸਾਉਂਦੀ ਹੈ। ਜਾਂਚ ਦੌਰਾਨ ਇਹ ਸ਼ੱਕ ਵੀ ਜਤਾਇਆ ਜਾ ਰਿਹਾ ਹੈ ਕਿ ਇਸ ਗੈਰ-ਕਾਨੂੰਨੀ ਕਾਰੋਬਾਰ ਲਈ ਪੈਸੇ ਦਾ ਲੈਣ-ਦੇਣ ਹਵਾਲਾ ਨੈੱਟਵਰਕ ਰਾਹੀਂ ਕੀਤਾ ਜਾਂਦਾ ਸੀ।

ਸਖ਼ਤ ਕਾਨੂੰਨੀ ਕਾਰਵਾਈ ਜਾਰੀ
ਇਸ ਸਬੰਧੀ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ NDPS ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਹੁਣ ਇਸ ਗਿਰੋਹ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਪੜਤਾਲ ਕਰ ਰਹੀ ਹੈ ਤਾਂ ਜੋ ਇਸ ਪੂਰੇ ਨੈੱਟਵਰਕ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ। ਪੰਜਾਬ ਪੁਲਿਸ ਨੇ ਦੁਹਰਾਇਆ ਹੈ ਕਿ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਅਜਿਹੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ।