ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਸ਼ੁਕਰਾਨਾ ਯਾਤਰਾ’ ਤਹਿਤ ਕੱਲ੍ਹ ਸਵੇਰੇ 8 ਵਜੇ ਜਲੰਧਰ ਸੈਂਟਰਲ ਤੋਂ ਵਿਸ਼ੇਸ਼ ਪ੍ਰੋਗਰਾਮ, ਨਿਤਿਨ ਕੋਹਲੀ, ਡੀਸੀ ਵਰਜੀਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵੱਲੋਂ ਕੀਤਾ ਗਿਆ ਨਿਰੀਖਣ

ਕੱਲ੍ਹ 7 ਮਈ ਸਵੇਰੇ 8 ਵਜੇ ਜਲੰਧਰ ਸੈਂਟਰਲ ਤੋਂ ਹੋਵੇਗਾ ਪ੍ਰੋਗਰਾਮ ਦਾ ਆਗਾਜ਼, ਤਿਆਰੀਆਂ ਦਾ ਪ੍ਰਸ਼ਾਸਨ ਅਤੇ ਸਥਾਨਕ ਲੀਡਰਸ਼ਿਪ ਵੱਲੋਂ ਕੀਤਾ ਗਿਆ ਵਿਸਤ੍ਰਿਤ ਜਾਇਜ਼ਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ “ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਕਾਰ (ਸੋਧ) ਐਕਟ, 2026” ਦੇ ਪਾਸ ਹੋਣ ਉਪਰੰਤ ਸ਼ੁਰੂ ਕੀਤੀ ਗਈ ‘ਸ਼ੁਕਰਾਨਾ ਯਾਤਰਾ’ ਤਹਿਤ ਕੱਲ੍ਹ 7 ਮਈ ਨੂੰ ਸਵੇਰੇ 8 ਵਜੇ ਜਲੰਧਰ ਸੈਂਟਰਲ ਤੋਂ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ। ਇਹ ਸਮਾਗਮ ਜਲੰਧਰ ਸੈਂਟਰਲ ਦੇ ਵਰਿੰਦਰ ਸਿੰਘ ਘੁੱਮਣ ਪਾਰਕ (ਪੁਰਾਣ ਨਾਮ DC ਪਾਰਕ ) ਦੇ ਕੋਲ ਸ਼ੁਰੂ ਹੋਵੇਗਾ, ਜਿੱਥੋਂ ਮੁੱਖ ਮੰਤਰੀ ਦੀ ਯਾਤਰਾ ਅੱਗੇ ਵਧੇਗੀ। ਇਹ ਯਾਤਰਾ ਸਿਰਫ਼ ਇਕ ਸਮਾਰੋਹ ਨਹੀਂ, ਸਗੋਂ ਪੰਜਾਬ ਦੀ ਆਸਥਾ, ਵਿਸ਼ਵਾਸ ਅਤੇ ਗੁਰੂ ਸਾਹਿਬ ਪ੍ਰਤੀ ਸਤਿਕਾਰ ਨੂੰ ਸਮਰਪਿਤ ਇਕ ਭਾਵਨਾਤਮਕ ਪਹਲ ਹੈ।

ਇਸ ਮਹੱਤਵਪੂਰਨ ਪ੍ਰੋਗਰਾਮ ਨੂੰ ਲੈ ਕੇ ਤਿਆਰੀਆਂ ਅੰਤਿਮ ਪੜਾਅ ਵਿੱਚ ਹਨ ਅਤੇ ਪ੍ਰਸ਼ਾਸਨ ਤੇ ਸਥਾਨਕ ਲੀਡਰਸ਼ਿਪ ਪੂਰੀ ਤਰ੍ਹਾਂ ਸਰਗਰਮ ਹੈ। ਅੱਜ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਜਲੰਧਰ ਸੈਂਟਰਲ ਦੇ ਇੰਚਾਰਜ ਨਿਤਿਨ ਕੋਹਲੀ ਨਾਲ ਮਿਲ ਕੇ ਜਲੰਧਰ ਸੈਂਟਰਲ ਦਾ ਦੌਰਾ ਕੀਤਾ ਅਤੇ ਤਿਆਰੀਆਂ ਦਾ ਵਿਸਤ੍ਰਿਤ ਜਾਇਜ਼ਾ ਲਿਆ। ਇਸ ਦੌਰਾਨ ਸੁਰੱਖਿਆ ਪ੍ਰਬੰਧ, ਟ੍ਰੈਫਿਕ ਕੰਟਰੋਲ, ਮੰਚ ਦੀ ਤਿਆਰੀ, ਜਨਤਾ ਦੀ ਸਹੂਲਤ ਅਤੇ ਸਮਾਗਮ ਦੇ ਸੁਚਾਰੂ ਪ੍ਰਬੰਧਾਂ ਸਬੰਧੀ ਹਰ ਪੱਖ ਦੀ ਗੰਭੀਰ ਸਮੀਖਿਆ ਕੀਤੀ ਗਈ।

ਅਧਿਕਾਰੀਆਂ ਵੱਲੋਂ ਸਬੰਧਤ ਵਿਭਾਗਾਂ ਨੂੰ ਸਪਸ਼ਟ ਨਿਰਦੇਸ਼ ਦਿੱਤੇ ਗਏ ਕਿ ਸਮਾਗਮ ਨੂੰ ਪੂਰੀ ਤਰ੍ਹਾਂ ਸੁਚੱਜੇ, ਸੁਰੱਖਿਅਤ ਅਤੇ ਗੰਭੀਰਤਾ ਨਾਲ ਆਯੋਜਿਤ ਕੀਤਾ ਜਾਵੇ, ਤਾਂ ਜੋ ਵੱਡੀ ਗਿਣਤੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਅਤੇ ਨਾਗਰਿਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਸਾਰੇ ਪ੍ਰਬੰਧਾਂ ਨੂੰ ਬਾਰੀਕੀ ਨਾਲ ਵੇਖਿਆ ਗਿਆ ਅਤੇ ਇਹ ਯਕੀਨੀ ਬਣਾਇਆ ਗਿਆ ਕਿ ਤਿਆਰੀਆਂ ਸਮੇਂ ਸਿਰ ਪੂਰੀਆਂ ਹੋਣ।

ਇਸ ਮੌਕੇ ਜਲੰਧਰ ਸੈਂਟਰਲ ਦੇ ਇੰਚਾਰਜ ਨਿਤਿਨ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ “ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਕਾਰ (ਸੋਧ) ਐਕਟ, 2026” ਰਾਹੀਂ ਧਾਰਮਿਕ ਭਾਵਨਾਵਾਂ ਦੀ ਰੱਖਿਆ ਲਈ ਇਤਿਹਾਸਕ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ‘ਸ਼ੁਕਰਾਨਾ ਯਾਤਰਾ’ ਉਸੇ ਭਾਵਨਾ ਦਾ ਪ੍ਰਗਟਾਵਾ ਹੈ ਜਿਸ ਰਾਹੀਂ ਗੁਰੂ ਸਾਹਿਬ ਪ੍ਰਤੀ ਆਭਾਰ ਪ੍ਰਗਟ ਕੀਤਾ ਜਾ ਰਿਹਾ ਹੈ।

ਨਿਤਿਨ ਕੋਹਲੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਕਾਸ, ਪਾਰਦਰਸ਼ਤਾ ਅਤੇ ਲੋਕ-ਸੇਵਾ ਦੇ ਖੇਤਰ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਸਰਕਾਰ ਦੀਆਂ ਨੀਤੀਆਂ ਲੋਕਾਂ ਦੇ ਹਿੱਤ ਵਿੱਚ ਹਨ ਅਤੇ ਪੰਜਾਬ ਨੂੰ ਨਵੀਂ ਦਿਸ਼ਾ ਦੇ ਰਹੀਆਂ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਹ ਯਾਤਰਾ ਸਮਾਜ ਵਿੱਚ ਏਕਤਾ, ਭਾਈਚਾਰੇ ਅਤੇ ਸਕਾਰਾਤਮਕ ਸੋਚ ਨੂੰ ਹੋਰ ਮਜ਼ਬੂਤ ਕਰੇਗੀ।

ਉਨ੍ਹਾਂ ਇਹ ਵੀ ਦੱਸਿਆ ਕਿ 7 ਮਈ ਨੂੰ ਜਲੰਧਰ ਸੈਂਟਰਲ ਵਿੱਚ ਹੋਣ ਵਾਲਾ ਇਹ ਪ੍ਰੋਗਰਾਮ ‘ਸ਼ੁਕਰਾਨਾ ਯਾਤਰਾ’ ਦਾ ਇਕ ਮਹੱਤਵਪੂਰਨ ਪੜਾਅ ਹੋਵੇਗਾ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ਼ਾਮਲ ਹੋਣਗੇ। ਸਾਰੀ ਤਿਆਰੀਆਂ ਲਗਭਗ ਪੂਰੀਆਂ ਹੋ ਚੁੱਕੀਆਂ ਹਨ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਹਰ ਪੱਖ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।

ਇਹ ਸਮਾਗਮ “ਸਤਿਕਾਰ, ਸ਼ਰਧਾ ਅਤੇ ਪੰਜਾਬ ਦੀ ਆਤਮਾ ਨੂੰ ਸਮਰਪਿਤ” ਭਾਵਨਾ ਨਾਲ ਆਯੋਜਿਤ ਕੀਤਾ ਜਾਵੇਗਾ, ਜੋ ਨਾ ਸਿਰਫ਼ ਧਾਰਮਿਕ ਆਸਥਾ ਨੂੰ ਮਜ਼ਬੂਤ ਕਰੇਗਾ, ਸਗੋਂ ਸਮਾਜ ਵਿੱਚ ਸਕਾਰਾਤਮਕ ਸੰਦੇਸ਼ ਵੀ ਪ੍ਰਸਾਰਿਤ ਕਰੇਗਾ।