ਚੰਡੀਗੜ੍ਹ ਦੇ ਮੌਲੀ ਜਾਗਰਾਂ 'ਚ ਦੋ ਨੌਜਵਾਨਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇੱਕ ਦੀ ਮੌਤ

ਸ਼ਹਿਰ ਦੇ ਮੌਲੀ ਜਾਗਰਾਂ ਇਲਾਕੇ ਵਿੱਚ ਐਤਵਾਰ ਦੇਰ ਰਾਤ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ 10-12 ਬਦਮਾਸ਼ਾਂ ਨੇ ਦੋ ਨੌਜਵਾਨਾਂ 'ਤੇ ਕਾਤਲਾਨਾ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ, ਜਦਕਿ ਉਸ ਦਾ ਦੋਸਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੈ।
ਚੰਡੀਗੜ੍ਹ: ਸ਼ਹਿਰ ਦੇ ਮੌਲੀ ਜਾਗਰਾਂ ਇਲਾਕੇ ਵਿੱਚ ਐਤਵਾਰ ਦੇਰ ਰਾਤ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ 10-12 ਬਦਮਾਸ਼ਾਂ ਨੇ ਦੋ ਨੌਜਵਾਨਾਂ 'ਤੇ ਕਾਤਲਾਨਾ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ, ਜਦਕਿ ਉਸ ਦਾ ਦੋਸਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੈ।

ਪੁਲਸ ਅਨੁਸਾਰ, ਮੌਲੀ ਜਾਗਰਾਂ ਦੇ ਵਿਕਾਸ ਨਗਰ ਦਾ ਰਹਿਣ ਵਾਲਾ ਤੋਤਾ (25) ਆਪਣੇ ਦੋਸਤ ਆਕਾਸ਼ (22) ਨਾਲ ਰਾਤ ਕਰੀਬ 10:30 ਵਜੇ ਬਾਜ਼ਾਰ ਜਾ ਰਿਹਾ ਸੀ। ਇਸੇ ਦੌਰਾਨ ਹਥਿਆਰਬੰਦ ਬਦਮਾਸ਼ਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਘਟਨਾ ਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਹਮਲਾਵਰ ਤੋਤਾ ਨੂੰ ਜ਼ਮੀਨ 'ਤੇ ਸੁੱਟ ਕੇ ਮਹਿਜ਼ 47 ਸੈਕਿੰਡ ਵਿੱਚ 16 ਵਾਰ ਕਰਦੇ ਦਿਖਾਈ ਦੇ ਰਹੇ ਹਨ।

ਹਸਪਤਾਲ 'ਚ ਤੋੜਿਆ ਦਮ
ਰੌਲਾ ਸੁਣ ਕੇ ਇਕੱਠੇ ਹੋਏ ਲੋਕਾਂ ਨੇ ਪੁਲਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੁਲਸ ਨੇ ਦੋਵਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਸੈਕਟਰ-32 ਹਸਪਤਾਲ ਦੇ ਡਾਕਟਰਾਂ ਨੇ ਤੋਤਾ ਨੂੰ ਮ੍ਰਿਤਕ ਐਲਾਨ ਦਿੱਤਾ, ਜਿਸ ਦੀ ਛਾਤੀ 'ਤੇ ਵਾਰ ਕੀਤੇ ਗਏ ਸਨ। ਦੂਜੇ ਪਾਸੇ, ਆਕਾਸ਼ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਸ ਦਾ ਪੰਚਕੂਲਾ ਦੇ ਸੈਕਟਰ-6 ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।

ਪੁਰਾਣੀ ਰੰਜਿਸ਼ ਦਾ ਮਾਮਲਾ
ਪੁਲਸ ਦੀ ਮੁੱਢਲੀ ਜਾਂਚ 'ਚ ਇਹ ਵਾਰਦਾਤ ਪੁਰਾਣੀ ਰੰਜਿਸ਼ ਦਾ ਨਤੀਜਾ ਲੱਗ ਰਹੀ ਹੈ। ਮੌਲੀ ਜਾਗਰਾਂ ਥਾਣੇ ਦੇ ਇੰਚਾਰਜ ਇੰਸਪੈਕਟਰ ਜਸਕਰਨ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼ ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਫੋਰੈਂਸਿਕ ਟੀਮ ਨੇ ਮੌਕੇ ਤੋਂ ਖੂਨ ਦੇ ਨਮੂਨੇ ਅਤੇ ਹੋਰ ਸਬੂਤ ਇਕੱਠੇ ਕੀਤੇ ਹਨ। ਪੁਲਸ ਵੱਲੋਂ ਸੀਸੀਟੀਵੀ ਦੇ ਆਧਾਰ 'ਤੇ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।