ਅੰਮ੍ਰਿਤਸਰ 'ਚ ਵੱਡੀ ਕਾਰਵਾਈ: 7 ਕਿਲੋ ਹੈਰੋਇਨ ਸਣੇ ਤਸਕਰ ਗ੍ਰਿਫਤਾਰ, BSF ਕੈਂਪਸ ਨੇੜਿਓਂ ਮਿਲਿਆ ਨਸ਼ਾ

ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਵਿੱਚ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਇੱਕ ਨੌਜਵਾਨ ਨੂੰ ਭਾਰੀ ਮਾਤਰਾ ਵਿੱਚ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮੁਲਜ਼ਮ ਦੇ ਕਬਜ਼ੇ ਵਿੱਚੋਂ ਕਰੀਬ 6.72 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।
ਅੰਮ੍ਰਿਤਸਰ/ਅਜਨਾਲਾ: ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਵਿੱਚ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਇੱਕ ਨੌਜਵਾਨ ਨੂੰ ਭਾਰੀ ਮਾਤਰਾ ਵਿੱਚ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮੁਲਜ਼ਮ ਦੇ ਕਬਜ਼ੇ ਵਿੱਚੋਂ ਕਰੀਬ 6.72 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।

BSF ਕੈਂਪਸ ਨੇੜੇ ਲੁਕਾਇਆ ਸੀ ਨਸ਼ਾ
ਫੜੇ ਗਏ ਮੁਲਜ਼ਮ ਦੀ ਪਛਾਣ ਸ਼ਮਸ਼ੇਰ ਸਿੰਘ ਵਜੋਂ ਹੋਈ ਹੈ, ਜੋ ਪਿੰਡ ਬੱਚੀਵਿੰਡ (ਥਾਣਾ ਲੋਪੋਕੇ) ਦਾ ਰਹਿਣ ਵਾਲਾ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਹ ਇਨੀਂ ਦਿਨੀਂ ਅਜਨਾਲਾ ਵਿੱਚ ਬੀ.ਐੱਸ.ਐੱਫ. (BSF) ਕੈਂਪਸ ਦੇ ਬਿਲਕੁਲ ਸਾਹਮਣੇ ਸਥਿਤ ਸ਼ਿੰਬਾ ਕਾਲੋਨੀ ਵਿੱਚ ਇੱਕ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ। ਪੁਲਿਸ ਨੂੰ ਮਿਲੀ ਇੱਕ ਗੁਪਤ ਸੂਚਨਾ ਦੇ ਆਧਾਰ 'ਤੇ ਟੀਮ ਨੇ ਉਕਤ ਕਿਰਾਏ ਦੇ ਮਕਾਨ 'ਤੇ ਛਾਪੇਮਾਰੀ ਕੀਤੀ ਅਤੇ ਤਲਾਸ਼ੀ ਦੌਰਾਨ ਹੈਰੋਇਨ ਦੀ ਖੇਪ ਬਰਾਮਦ ਹੋਈ।

ਪਾਕਿਸਤਾਨੀ ਨੈੱਟਵਰਕ ਹੋਣ ਦੀ ਖਦਸ਼ਾ
ਸੀਮਾ ਖੇਤਰ ਹੋਣ ਕਾਰਨ ਜਾਂਚ ਏਜੰਸੀਆਂ ਇਸ ਮਾਮਲੇ ਨੂੰ ਬੇਹੱਦ ਗੰਭੀਰਤਾ ਨਾਲ ਲੈ ਰਹੀਆਂ ਹਨ। ਪੁਲਿਸ ਇਸ ਪਹਿਲੂ ਦੀ ਬਾਰੀਕੀ ਨਾਲ ਪੜਤਾਲ ਕਰ ਰਹੀ ਹੈ ਕਿ ਨਸ਼ੇ ਦੇ ਇਸ ਕਾਰੋਬਾਰ ਦੇ ਤਾਰ ਕਿਤੇ ਸਰਹੱਦ ਪਾਰ ਪਾਕਿਸਤਾਨ ਨਾਲ ਤਾਂ ਨਹੀਂ ਜੁੜੇ ਹੋਏ। ਪੁਲਿਸ ਦਾ ਮੰਨਣਾ ਹੈ ਕਿ ਮੁਲਜ਼ਮ ਤੋਂ ਕੀਤੀ ਜਾ ਰਹੀ ਪੁੱਛਗਿੱਛ ਦੌਰਾਨ ਨਸ਼ਾ ਤਸਕਰੀ ਨਾਲ ਜੁੜੇ ਵੱਡੇ ਨੈੱਟਵਰਕ ਅਤੇ ਹੋਰ ਸਾਥੀਆਂ ਬਾਰੇ ਅਹਿਮ ਜਾਣਕਾਰੀਆਂ ਸਾਹਮਣੇ ਆ ਸਕਦੀਆਂ ਹਨ।

ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਹੈਰੋਇਨ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਦੀ ਸਪਲਾਈ ਅੱਗੇ ਕਿੱਥੇ ਕੀਤੀ ਜਾਣੀ ਸੀ। ਪੁਲਿਸ ਅਧਿਕਾਰੀਆਂ ਅਨੁਸਾਰ ਇਸ ਮਾਮਲੇ ਵਿੱਚ ਆਉਣ ਵਾਲੇ ਦਿਨਾਂ ਵਿੱਚ ਕੁਝ ਹੋਰ ਗ੍ਰਿਫਤਾਰੀਆਂ ਹੋਣ ਦੀ ਵੀ ਸੰਭਾਵਨਾ ਹੈ।