ਪੰਜਾਬ ਦੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ, ਹੁਕਮ ਜਾਰੀ

ਦੋਵਾਂ ਮੰਤਰੀਆਂ ਨੇ ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ।

ਪੰਜਾਬ ਸਰਕਾਰ ਨੇ ਸਥਾਨਕ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਅਤੇ ਬਚਾਅ ਕਾਰਜ ਪੱਧਰ ਨੂੰ ਜਾਰੀ ਰੱਖਣ ਲਈ 24 ਘੰਟੇ ਤਾਇਨਾਤ ਰਹਿਣ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ, ਸਾਰੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਛੁੱਟੀਆਂ ਤੁਰੰਤ ਰੱਦ ਕਰ ਦਿੱਤੀਆਂ ਗਈਆਂ ਹਨ।

ਇਹ ਜਾਣਕਾਰੀ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਰੂਚਕ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦੌਰਾਨ ਦਿੱਤੀ। ਦੋਵਾਂ ਮੰਤਰੀਆਂ ਨੇ ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ।

ਪਿਛਲੇ ਦੋ-ਤਿੰਨ ਦਿਨਾਂ ਤੋਂ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ 'ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪਹਿਲਾਂ ਹੀ ਭਰੇ ਹੋਏ ਰਣਜੀਤ ਸਾਗਰ ਡੈਮ ਤੋਂ ਪਾਣੀ ਛੱਡੇ ਜਾਣ ਕਾਰਨ ਰਾਵੀ ਦਰਿਆ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਇਸ ਤੋਂ ਇਲਾਵਾ ਉੱਜ ਅਤੇ ਜਲਾਲੀਆ ਦਰਿਆਵਾਂ ਦਾ ਪਾਣੀ ਦਾ ਪੱਧਰ ਵੀ ਵੱਧ ਰਿਹਾ ਹੈ, ਜਿਸ ਕਾਰਨ ਨਾਰਨੋਟ ਜੈਮਲ ਸਿੰਘ ਅਤੇ ਬਮਿਆਲ ਬਲਾਕਾਂ ਦੇ ਜ਼ਿਆਦਾਤਰ ਪਿੰਡ ਪਾਣੀ ਦੀ ਲਪੇਟ 'ਚ ਆ ਗਏ ਹਨ। ਕੈਬਨਿਟ ਮੰਤਰੀਆਂ ਨੇ ਇਨ੍ਹਾਂ ਇਲਾਕਿਆਂ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ।