ਚੰਡੀਗੜ੍ਹ ਪੁਲਸ ਵੱਲੋਂ ਨਾਜਾਇਜ਼ ਹਥਿਆਰਾਂ ਦੇ ਅੰਤਰਰਾਜੀ ਨੈੱਟਵਰਕ ਦਾ ਪਰਦਾਫਾਸ਼; 3 ਤਸਕਰ ਕਾਬੂ, ਹਥਿਆਰ ਬਰਾਮਦ

ਚੰਡੀਗੜ੍ਹ ਪੁਲਸ ਦੇ ਆਪ੍ਰੇਸ਼ਨ ਸੈੱਲ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇੱਕ ਅੰਤਰਰਾਜੀ ਨੈੱਟਵਰਕ ਦਾ ਭੰਡਾਫੋੜ ਕੀਤਾ ਹੈ। ਪੁਲਸ ਨੇ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ, ਦੋ ਦੇਸੀ ਕੱਟੇ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਚੰਡੀਗੜ੍ਹ: ਚੰਡੀਗੜ੍ਹ ਪੁਲਸ ਦੇ ਆਪ੍ਰੇਸ਼ਨ ਸੈੱਲ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇੱਕ ਅੰਤਰਰਾਜੀ ਨੈੱਟਵਰਕ ਦਾ ਭੰਡਾਫੋੜ ਕੀਤਾ ਹੈ। ਪੁਲਸ ਨੇ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ, ਦੋ ਦੇਸੀ ਕੱਟੇ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਮੁਲਜ਼ਮ ਸਥਾਨਕ ਬਦਮਾਸ਼ਾਂ ਅਤੇ ਅਪਰਾਧਿਕ ਅਨਸਰਾਂ ਨੂੰ ਹਥਿਆਰ ਮੁਹੱਈਆ ਕਰਵਾਉਂਦੇ ਸਨ।

ਡੀਆਈਜੀ ਰਾਜੀਵ ਰੰਜਨ ਸਿੰਘ ਦੀ ਅਗਵਾਈ ਤੇ ਇੰਸਪੈਕਟਰ ਜਸਪਾਲ ਸਿੰਘ ਦੀ ਨਿਗਰਾਨੀ ਹੇਠ ਆਪ੍ਰੇਸ਼ਨ ਸੈੱਲ ਦੀ ਟੀਮ ਨੇ ਇਹ ਕਾਰਵਾਈ ਅਮਲ 'ਚ ਲਿਆਂਦੀ ਹੈ। ਪੁਲਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਸ਼ਰਾਰਤੀ ਅਨਸਰ ਸ਼ਹਿਰ 'ਚ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰ ਰਹੇ ਹਨ।

ਪੁਲਸ ਨੇ ਸਭ ਤੋਂ ਪਹਿਲਾਂ ਅਭਿਆਸ ਉਰਫ਼ ਅਭਿਸ਼ੇਕ (23), ਵਾਸੀ ਮੌਲੀਜਾਗਰਾਂ ਨੂੰ ਫੇਜ਼-2 ਦੇ ਬੀ.ਐੱਸ.ਐੱਨ.ਐੱਲ. ਮੋੜ ਤੋਂ ਕਾਬੂ ਕੀਤਾ। ਉਸ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ ਇੱਕ ਦੇਸੀ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਮਿਲੇ। ਇਸ ਸਬੰਧੀ ਥਾਣਾ-31 ਵਿੱਚ ਆਰਮਜ਼ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਮੁਲਜ਼ਮ ਅਭਿਆਸ ਤੋਂ ਪੁੱਛਗਿੱਛ ਅਤੇ ਉਸ ਦੀ ਨਿਸ਼ਾਨਦੇਹੀ 'ਤੇ ਪੁਲਸ ਨੇ 10 ਜੂਨ ਨੂੰ ਸੈਕਟਰ-43 ਸਥਿਤ ਸੀ.ਟੀ.ਯੂ. ਵਰਕਸ਼ਾਪ ਦੇ ਪਿੱਛੇ ਤੋਂ ਵਿਕਾਸ ਉਰਫ਼ ਬੱਤੀ (20), ਵਾਸੀ ਡੀ.ਐੱਮ.ਸੀ. ਕਾਲੋਨੀ ਨੂੰ ਗ੍ਰਿਫ਼ਤਾਰ ਕੀਤਾ। ਉਸ ਦੇ ਕਬਜ਼ੇ ਵਿਚੋਂ ਇੱਕ ਦੇਸੀ ਕੱਟਾ ਬਰਾਮਦ ਹੋਇਆ।

ਇਸੇ ਨੈੱਟਵਰਕ ਦੀ ਕੜੀ ਜੋੜਦਿਆਂ 15 ਜੂਨ ਨੂੰ ਪੁਲਸ ਨੇ ਕਿਸ਼ਨਗੜ੍ਹ ਚੌਕ ਦੇ ਕੋਲੋਂ ਤੀਜੇ ਮੁਲਜ਼ਮ ਤੈਯਬ ਉਰਫ਼ ਚੇਤਨ (20), ਵਾਸੀ ਮਨੀਮਾਜਰਾ ਨੂੰ ਗ੍ਰਿਫ਼ਤਾਰ ਕੀਤਾ। ਉਸ ਕੋਲੋਂ ਵੀ ਇੱਕ ਦੇਸੀ ਕੱਟਾ ਬਰਾਮਦ ਕੀਤਾ ਗਿਆ ਹੈ। ਪੁਲਸ ਮੁਤਾਬਕ ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ ਤੇ ਉਨ੍ਹਾਂ ਕੋਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।