ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੰਮ੍ਰਿਤਸਰ 'ਚ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਇਸ ਮੌਕੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
 ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਮੁਹਿੰਮ ਤਹਿਤ ਅੱਜ ਅੰਮ੍ਰਿਤਸਰ ਵਿਖੇ ਇੱਕ ਵਿਸ਼ਾਲ ਨਿਯੁਕਤੀ ਵੰਡ ਸਮਾਗਮ ਆਯੋਜਿਤ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਨੌਜਵਾਨਾਂ ਨੂੰ ਆਪਣੇ ਹੱਥੀਂ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

ਇਸ ਸਮਾਗਮ ਦਾ ਮੁੱਖ ਫੋਕਸ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਹੈ। ਅੱਜ ਪੀ.ਐਸ.ਪੀ.ਸੀ.ਐਲ. ਵਿੱਚ ਨਵ-ਨਿਯੁਕਤ ਹੋਏ 2200 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਸਰਕਾਰ ਨੇ ਦਾਅਵਾ ਕੀਤਾ ਹੈ ਕਿ ਇਹ ਸਾਰੀਆਂ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ ਦੇ ਮਿਲੀਆਂ ਹਨ।

ਸਰੋਤਾਂ ਅਨੁਸਾਰ, ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਰੁਜ਼ਗਾਰ ਦੇਣ ਦੇ ਖੇਤਰ ਵਿੱਚ ਵੱਡੀ ਪ੍ਰਾਪਤੀ ਕੀਤੀ ਹੈ। ਹੁਣ ਤੱਕ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਕੁੱਲ 58,962 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਇਸ ਤੋਂ ਇਲਾਵਾ, ਇਕੱਲੇ ਪਾਵਰਕੌਮ ਵਿਭਾਗ ਵਿੱਚ ਹੁਣ ਤੱਕ 8,984 ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਵੱਲੋਂ ਇਹ ਨਿਯੁਕਤੀ ਪੱਤਰ ਵੰਡ ਸਮਾਗਮ ਪੰਜਾਬ ਸਰਕਾਰ ਦੀ ਰੁਜ਼ਗਾਰ ਪੈਦਾ ਕਰਨ ਦੀ ਨੀਤੀ ਦਾ ਇੱਕ ਹੋਰ ਅਹਿਮ ਹਿੱਸਾ ਹੈ।