ਮੋਰਿੰਡਾ ਵਿਖੇ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਮਿਲਣ ਪੁੱਜੇ CM ਮਾਨ

ਇਸ ਦੌਰਾਨ ਉਨ੍ਹਾਂ ਸਕੂਲ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ ਅਤੇ ਫੀਡਬੈਕ ਲਿਆ। ਉਨ੍ਹਾਂ ਕਈ ਕਲਾਸਰੂਮਾਂ ਦਾ ਦੌਰਾ ਕੀਤਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ (ਵੀਰਵਾਰ) ਜ਼ਿਲ੍ਹਾ ਰੋਪੜ ਦੇ ਸ਼ਹੀਦ ਮੇਵਾ ਸਿੰਘ ਸਕੂਲ ਆਫ਼ ਐਮੀਨੈਂਸ ਮੋਰਿੰਡਾ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਸਕੂਲ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ ਅਤੇ ਫੀਡਬੈਕ ਲਿਆ। ਉਨ੍ਹਾਂ ਕਈ ਕਲਾਸਰੂਮਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਅਧਿਆਪਕਾਂ ਤੋਂ ਪੁੱਛਿਆ ਕਿ ਕੀ ਕਿਤਾਬਾਂ ਸਮੇਂ ਸਿਰ ਮਿਲ ਰਹੀਆਂ ਹਨ ਜਾਂ ਨਹੀਂ।

ਇਸ 'ਤੇ ਅਧਿਆਪਕਾਂ ਨੇ ਦੱਸਿਆ ਕਿ ਪਿਛਲੇ ਸਾਲ ਤੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਕਿਤਾਬਾਂ ਹੁਣ ਬੋਰਡ ਨੂੰ ਮਿਲ ਰਹੀਆਂ ਹਨ। ਇਸ ਦੇ ਨਾਲ ਹੀ ਅਧਿਆਪਕਾਂ ਨੇ ਦੱਸਿਆ ਕਿ ਅਧਿਆਪਕਾਂ ਦਾ ਤਬਾਦਲਾ ਹੋਇਆ ਹੈ, ਜਿਸ ਕਾਰਨ ਸਮੱਸਿਆ ਆਈ ਹੈ। ਮੁੱਖ ਮੰਤਰੀ ਨੇ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਦੇ ਹੁਕਮ ਦਿੱਤੇ। ਅਧਿਆਪਕਾਂ ਨੇ ਕਿਹਾ ਕਿ ਅਧਿਆਪਕਾਂ ਦਾ ਤਬਾਦਲਾ ਅਪ੍ਰੈਲ ਵਿੱਚ ਹੀ ਹੋਣਾ ਚਾਹੀਦਾ ਹੈ, ਸੈਸ਼ਨ ਦੇ ਵਿਚਕਾਰ ਤਬਾਦਲਾ ਨਹੀਂ ਹੋਣਾ ਚਾਹੀਦਾ, ਕਿਉਂਕਿ ਇਸ ਨਾਲ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ।

ਮੁੱਖ ਮੰਤਰੀ ਕਾਮਰਸ ਪੀਰੀਅਡ ਦੌਰਾਨ ਸਕੂਲ ਪਹੁੰਚੇ। ਉਨ੍ਹਾਂ ਬੱਚਿਆਂ ਨੂੰ ਦੱਸਿਆ ਕਿ ਕਾਮਰਸ ਭਵਿੱਖ ਵਿੱਚ ਬਹੁਤ ਲਾਭਦਾਇਕ ਰਹੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਖੁਦ ਅਕਾਊਂਟਸ ਦੀ ਪੜ੍ਹਾਈ ਕੀਤੀ ਹੈ। ਉਨ੍ਹਾਂ ਬੱਚਿਆਂ ਤੋਂ ਪੁੱਛਿਆ ਕਿ ਉਹ ਸਕੂਲ ਕਿਵੇਂ ਆਉਂਦੇ ਹਨ। ਬੱਚਿਆਂ ਨੇ ਜਵਾਬ ਦਿੱਤਾ ਕਿ ਉਹ ਬੱਸ ਅਤੇ ਸਾਈਕਲ ਰਾਹੀਂ ਆਉਂਦੇ ਹਨ। ਫਿਰ ਉਨ੍ਹਾਂ ਨੇ ਅਧਿਆਪਕ ਤੋਂ ਪੁੱਛਿਆ ਕਿ ਉਨ੍ਹਾਂ ਦੀ ਹਾਜ਼ਰੀ ਕਿਵੇਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਕਦਮ ਚੁੱਕੇ ਹਨ ਜਿਨ੍ਹਾਂ ਦੀ ਦੇਸ਼ ਭਰ ਵਿੱਚ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੁੱਲ 118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ, ਜਿਨ੍ਹਾਂ 'ਤੇ ਹੁਣ ਤੱਕ 231.74 ਕਰੋੜ ਰੁਪਏ ਖਰਚ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਨੂੰ ਗ਼ਰੀਬ ਬੱਚਿਆਂ ਦੇ ਰੌਸ਼ਨ ਭਵਿੱਖ ਵੱਲ ਸ਼ਾਨਦਾਰ ਸ਼ੁਰੂਆਤ ਮੰਨਿਆ ਜਾ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਖਾਸ ਕਰਕੇ ਕੁੜੀਆਂ ਲਈ ਮੁਫ਼ਤ ਬੱਸ ਸੇਵਾ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਇਕ ਵੀ ਕੁੜੀ ਸਿੱਖਿਆ ਪ੍ਰਾਪਤ ਕਰਨ ਤੋਂ ਪਿੱਛੇ ਨਾ ਰਹੇ।