ਬੁਕੇ ਦੀ ਥਾਂ ਕਿਤਾਬਾਂ ਨਾਲ ਵਧਾਈ: ਨਿਤਿਨ ਕੋਹਲੀ ਅਤੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਗਗਨਦੀਪ ਸਿੰਘ ਆਹਲੂਵਾਲੀਆ ਨੂੰ ਕੀਤਾ ਸਨਮਾਨਿਤ

ਪੜ੍ਹਾਈ ਅਤੇ ਗਿਆਨ ਨੂੰ ਉਤਸ਼ਾਹਿਤ ਕਰਨ ਵਾਲੀ ਵਿਲੱਖਣ ਪਹਲ ਵਿੱਚ ਚੰਡੀਗੜ੍ਹ ਵਿਖੇ ਪੰਜਾਬ ਖਾਦੀ ਗ੍ਰਾਮ ਉਦਯੋਗ ਬੋਰਡ ਦੇ ਚੇਅਰਮੈਨ ਨੂੰ ਕਿਤਾਬਾਂ ਅਤੇ ਕਾਪੀਆਂ ਦਿੱਤੀਆਂ ਗਈਆਂ
ਪੰਜਾਬ ਖਾਦੀ ਗ੍ਰਾਮ ਉਦਯੋਗ ਬੋਰਡ ਦੇ ਚੇਅਰਮੈਨ ਵਜੋਂ ਜ਼ਿੰਮੇਵਾਰੀ ਸੰਭਾਲਣ ਦੇ ਮੌਕੇ ਗਗਨਦੀਪ ਸਿੰਘ ਆਹਲੂਵਾਲੀਆ (ਕਾਕੂ) ਨੂੰ ਮੁੱਖ ਆਗੂਆਂ ਵੱਲੋਂ ਦਿਲੋਂ ਵਧਾਈ ਦਿੱਤੀ ਗਈ। ਇਸ ਮੌਕੇ ‘ਤੇ ਜਲੰਧਰ ਸੈਂਟਰਲ ਦੇ ਹਲਕਾ ਇੰਚਾਰਜ ਨਿਤਿਨ ਕੋਹਲੀ, ਓ.ਐਸ.ਡੀ. ਮੁੱਖ ਮੰਤਰੀ ਪੰਜਾਬ ਰਾਜਬੀਰ ਸਿੰਘ ਘੁੰਮਣ, ਕੈਬਨਿਟ ਮੰਤਰੀ ਮੋਹਿੰਦਰ ਭਗਤ, ਅਤੇ ਜਲੰਧਰ ਦੇ ਮੇਅਰ ਵਨੀਤ ਧੀਰ ਮੌਜੂਦ ਸਨ।

ਇਕ ਵਿਲੱਖਣ ਪਹਲ ਕਰਦੇ ਹੋਏ ਨਿਤਿਨ ਕੋਹਲੀ ਅਤੇ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਨੇ ਗਗਨਦੀਪ ਸਿੰਘ ਆਹਲੂਵਾਲੀਆ ਨੂੰ ਫੁੱਲਾਂ ਦੀ ਥਾਂ ਕਿਤਾਬਾਂ ਅਤੇ ਕਾਪੀਆਂ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਗਿਆਨ ਅਤੇ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਕਿਤਾਬਾਂ ਸਭ ਤੋਂ ਵਧੀਆ ਤੋਹਫ਼ਾ ਹਨ ਅਤੇ ਇਹ ਨੌਜਵਾਨ ਪੀੜ੍ਹੀ ਨੂੰ ਪੜ੍ਹਨ-ਲਿਖਣ ਲਈ ਪ੍ਰੇਰਿਤ ਕਰੇਗੀ।

ਨਿਤਿਨ ਕੋਹਲੀ ਨੇ ਕਿਹਾ ਕਿ ਗਗਨਦੀਪ ਸਿੰਘ ਆਹਲੂਵਾਲੀਆ ਨੂੰ ਮਿਲੀ ਇਹ ਜ਼ਿੰਮੇਵਾਰੀ ਉਨ੍ਹਾਂ ਦੀ ਲੰਬੇ ਸਮੇਂ ਤੋਂ ਕੀਤੀ ਮਿਹਨਤ ਅਤੇ ਲੋਕ ਸੇਵਾ ਦਾ ਨਤੀਜਾ ਹੈ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਗਗਨਦੀਪ ਸਿੰਘ ਆਹਲੂਵਾਲੀਆ ਖਾਦੀ ਗ੍ਰਾਮ ਉਦਯੋਗ ਨਾਲ ਜੁੜੇ ਕਾਰੀਗਰਾਂ ਅਤੇ ਛੋਟੇ ਉਦਯੋਗਾਂ ਨੂੰ ਮਜ਼ਬੂਤ ਕਰਨ ਲਈ ਮਹੱਤਵਪੂਰਨ ਕਦਮ ਚੁੱਕਣਗੇ।

ਕੈਬਨਿਟ ਮੰਤਰੀ ਮੋਹਿੰਦਰ ਭਗਤ,  ਮੇਅਰ ਵਨੀਤ ਧੀਰ, ਓ.ਐਸ.ਡੀ. ਮੁੱਖ ਮੰਤਰੀ ਪੰਜਾਬ ਰਾਜਬੀਰ ਸਿੰਘ ਘੁੰਮਣ ਅਤੇ ਹੋਰ ਆਗੂਆਂ ਨੇ ਵੀ ਗਗਨਦੀਪ ਸਿੰਘ ਆਹਲੂਵਾਲੀਆ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ‘ਤੇ ਮੁਬਾਰਕਬਾਦ ਦਿੱਤੀ ਅਤੇ ਸ਼ੁਭਕਾਮਨਾਵਾਂ ਦਿੱਤੀਆਂ।