ਪੰਜਾਬ 'ਚ ਬਲੈਕਆਊਟ ਦਾ ਖ਼ਤਰਾ! 21-22 ਜੁਲਾਈ ਨੂੰ ਬਿਜਲੀ ਮੁਲਾਜ਼ਮਾਂ ਦੀ ਸਮੂਹਿਕ ਛੁੱਟੀ

ਪੰਜਾਬ ਵਿੱਚ ਆਉਣ ਵਾਲੇ ਦੋ ਦਿਨਾਂ ਦੌਰਾਨ ਬਿਜਲੀ ਸਪਲਾਈ ਨੂੰ ਲੈ ਕੇ ਵੱਡਾ ਸੰਕਟ ਪੈਦਾ ਹੋ ਸਕਦਾ ਹੈ। ਰਾਜ ਭਰ ਦੇ ਬਿਜਲੀ ਮੁਲਾਜ਼ਮਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਪਾਵਰਕੌਮ ਪ੍ਰਬੰਧਕਾਂ ਵਿਰੁੱਧ ਮੋਰਚਾ ਖੋਲ੍ਹਦਿਆਂ 21 ਅਤੇ 22 ਜੁਲਾਈ ਨੂੰ ਦੋ ਦਿਨਾਂ ਦੀ ਸਮੂਹਿਕ ਛੁੱਟੀ 'ਤੇ ਜਾਣ ਦਾ ਐਲਾਨ ਕੀਤਾ ਹੈ। ਇਸ ਹੜਤਾਲ ਕਾਰਨ ਸੂਬੇ ਵਿੱਚ ਬਲੈਕਆਊਟ ਦਾ ਖ਼ਤਰਾ ਮੰਡਰਾ ਰਿਹਾ ਹੈ।
ਪਟਿਆਲਾ: ਪੰਜਾਬ ਵਿੱਚ ਆਉਣ ਵਾਲੇ ਦੋ ਦਿਨਾਂ ਦੌਰਾਨ ਬਿਜਲੀ ਸਪਲਾਈ ਨੂੰ ਲੈ ਕੇ ਵੱਡਾ ਸੰਕਟ ਪੈਦਾ ਹੋ ਸਕਦਾ ਹੈ। ਰਾਜ ਭਰ ਦੇ ਬਿਜਲੀ ਮੁਲਾਜ਼ਮਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਪਾਵਰਕੌਮ ਪ੍ਰਬੰਧਕਾਂ ਵਿਰੁੱਧ ਮੋਰਚਾ ਖੋਲ੍ਹਦਿਆਂ 21 ਅਤੇ 22 ਜੁਲਾਈ ਨੂੰ ਦੋ ਦਿਨਾਂ ਦੀ ਸਮੂਹਿਕ ਛੁੱਟੀ 'ਤੇ ਜਾਣ ਦਾ ਐਲਾਨ ਕੀਤਾ ਹੈ। ਇਸ ਹੜਤਾਲ ਕਾਰਨ ਸੂਬੇ ਵਿੱਚ ਬਲੈਕਆਊਟ ਦਾ ਖ਼ਤਰਾ ਮੰਡਰਾ ਰਿਹਾ ਹੈ।

ਤਕਨੀਕੀ ਨੁਕਸ ਪੈਣ 'ਤੇ ਜਨਤਾ ਹੋਵੇਗੀ ਪ੍ਰੇਸ਼ਾਨ
ਬਿਜਲੀ ਕਰਮਚਾਰੀ ਦਲ ਦੇ ਡਿਵੀਜ਼ਨ ਪ੍ਰਧਾਨ ਵੀਰਿੰਦਰ ਸਿੰਘ ਨੇ ਪੁਸ਼ਟੀ ਕੀਤੀ ਹੈ ਕਿ ਇਸ ਸਮੂਹਿਕ ਛੁੱਟੀ ਦੌਰਾਨ ਜੇਕਰ ਕਿਸੇ ਇਲਾਕੇ ਵਿੱਚ ਟ੍ਰਾਂਸਫਾਰਮਰ ਖਰਾਬ ਹੁੰਦਾ ਹੈ ਜਾਂ ਬਿਜਲੀ ਸਪਲਾਈ ਵਿੱਚ ਕੋਈ ਤਕਨੀਕੀ ਨੁਕਸ ਪੈਂਦਾ ਹੈ, ਤਾਂ ਉਸ ਨੂੰ ਠੀਕ ਕਰਨ ਵਿੱਚ ਭਾਰੀ ਦੇਰੀ ਹੋ ਸਕਦੀ ਹੈ ਕਿਉਂਕਿ ਫਾਲਟ ਰਿਪੇਅਰਿੰਗ ਟੀਮਾਂ ਕੰਮ 'ਤੇ ਨਹੀਂ ਹੋਣਗੀਆਂ। 

ਗਰਿੱਡਾਂ ਤੋਂ ਲੈ ਕੇ ਥਰਮਲ ਪਲਾਂਟਾਂ ਤੱਕ ਰਹੇਗਾ ਅਸਰ
ਕਰਮਚਾਰੀ ਯੂਨੀਅਨਾਂ ਅਨੁਸਾਰ, ਇਸ ਅੰਦੋਲਨ ਦਾ ਅਸਰ ਸਿਰਫ਼ ਸਬ-ਡਿਵੀਜ਼ਨ ਦਫ਼ਤਰਾਂ ਤੱਕ ਹੀ ਸੀਮਤ ਨਹੀਂ ਰਹੇਗਾ, ਸਗੋਂ ਗਰਿੱਡਾਂ ਦਾ ਸੰਚਾਲਨ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਰਾਜ ਦੇ ਥਰਮਲ ਪਾਵਰ ਪਲਾਂਟ ਅਤੇ ਹਾਈਡਲ ਪ੍ਰੋਜੈਕਟਾਂ ਦੇ ਕਰਮਚਾਰੀ ਵੀ ਕੰਮ ਦਾ ਬਾਈਕਾਟ ਕਰਨਗੇ। ਬਿਜਲੀ ਬਿੱਲ ਜਮ੍ਹਾ ਕਰਵਾਉਣ ਵਾਲੇ ਕੇਂਦਰ ਅਤੇ ਸ਼ਿਕਾਇਤ ਨਿਵਾਰਨ ਸੇਵਾਵਾਂ ਪੂਰੀ ਤਰ੍ਹਾਂ ਬੰਦ ਰਹਿ ਸਕਦੀਆਂ ਹਨ।

ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਦਾ ਇਲਜ਼ਾਮ
ਕਰਮਚਾਰੀ ਨੇਤਾਵਾਂ ਦਾ ਕਹਿਣਾ ਹੈ ਕਿ ਸਰਕਾਰ ਪਿਛਲੇ ਕਾਫ਼ੀ ਸਮੇਂ ਤੋਂ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਮਜਬੂਰ ਹੋ ਕੇ ਇਹ ਸਖ਼ਤ ਕਦਮ ਚੁੱਕਣਾ ਪਿਆ ਹੈ। ਉਨ੍ਹਾਂ ਸਮੂਹ ਸ਼੍ਰੇਣੀਆਂ ਦੇ ਮੁਲਾਜ਼ਮਾਂ ਨੂੰ ਇਸ ਸੰਘਰਸ਼ ਵਿੱਚ ਇੱਕਜੁੱਟ ਹੋਣ ਦੀ ਅਪੀਲ ਕੀਤੀ ਹੈ।

ਇਨ੍ਹਾਂ ਪ੍ਰਮੁੱਖ ਜਥੇਬੰਦੀਆਂ ਨੇ ਮਿਲਾਇਆ ਹੱਥ
ਇਸ ਦੋ ਦਿਨਾਂ ਹੜਤਾਲ ਨੂੰ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ, ਪਾਵਰਕੌਮ ਐਂਡ ਟ੍ਰਾਂਸਕੋ ਪੈਨਸ਼ਨਰਜ਼ ਯੂਨੀਅਨ ਅਤੇ ਪੈਨਸ਼ਨਰ ਵੈਲਫੇਅਰ ਫੈਡਰੇਸ਼ਨ ਸਮੇਤ ਕਈ ਹੋਰ ਸੰਗਠਨਾਂ ਦਾ ਪੂਰਨ ਸਮਰਥਨ ਪ੍ਰਾਪਤ ਹੈ।