ਪੰਜਾਬ ਦੇ ਕਿਸਾਨਾਂ ਦਾ ਦਿੱਲੀ ਕੂਚ! ਸ਼ੰਭੂ ਤੇ ਖਨੌਰੀ ਬਾਰਡਰ ਸੀਲ, ਹਰਿਆਣਾ ਪੁਲਿਸ ਨੇ ਲਾਏ ਪੱਕੇ ਬੈਰੀਕੇਡ

ਅਮਰੀਕਾ-ਭਾਰਤ ਟ੍ਰੇਡ ਡੀਲ (ਵਪਾਰਕ ਸਮਝੌਤੇ) ਦੇ ਵਿਰੋਧ ਵਿੱਚ ਪੰਜਾਬ ਦੇ ਕਿਸਾਨਾਂ ਵੱਲੋਂ ਅੱਜ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਹਰਿਆਣਾ ਪੁਲਿਸ ਨੇ ਪੰਜਾਬ ਨਾਲ ਲੱਗਦੀਆਂ ਸਰਹੱਦਾਂ ਸ਼ੰਭੂ ਅਤੇ ਖਨੌਰੀ ਬਾਰਡਰਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ। ਬਾਰਡਰਾਂ 'ਤੇ ਭਾਰੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ।
ਚੰਡੀਗੜ੍ਹ/ਅੰਬਾਲਾ: ਅਮਰੀਕਾ-ਭਾਰਤ ਟ੍ਰੇਡ ਡੀਲ (ਵਪਾਰਕ ਸਮਝੌਤੇ) ਦੇ ਵਿਰੋਧ ਵਿੱਚ ਪੰਜਾਬ ਦੇ ਕਿਸਾਨਾਂ ਵੱਲੋਂ ਅੱਜ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਹਰਿਆਣਾ ਪੁਲਿਸ ਨੇ ਪੰਜਾਬ ਨਾਲ ਲੱਗਦੀਆਂ ਸਰਹੱਦਾਂ ਸ਼ੰਭੂ ਅਤੇ ਖਨੌਰੀ ਬਾਰਡਰਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ। ਬਾਰਡਰਾਂ 'ਤੇ ਭਾਰੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ।

ਸੀਮਿੰਟ ਦੇ ਬੈਰੀਕੇਡ ਅਤੇ ਜੇ.ਸੀ.ਬੀ. ਤਾਇਨਾਤ
ਕਿਸਾਨਾਂ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਪੁਲਿਸ ਨੇ ਪੁਲ 'ਤੇ ਸੀਮਿੰਟ ਦੇ ਭਾਰੀ ਬੈਰੀਕੇਡ ਲਗਾ ਕੇ ਰਸਤਾ ਬੰਦ ਕਰ ਦਿੱਤਾ ਹੈ ਅਤੇ ਕਈ ਥਾਵਾਂ 'ਤੇ ਜੇ.ਸੀ.ਬੀ. (JCB) ਮਸ਼ੀਨਾਂ ਵੀ ਖੜ੍ਹੀਆਂ ਕੀਤੀਆਂ ਗਈਆਂ ਹਨ। ਕਿਸਾਨ ਆਗੂ ਤੇਜਬੀਰ ਸਿੰਘ ਨੇ ਦੱਸਿਆ ਕਿ ਸ਼ੰਭੂ ਬਾਰਡਰ 'ਤੇ ਕਿਸਾਨ ਭਾਰੀ ਗਿਣਤੀ ਵਿੱਚ ਇਕੱਠੇ ਹੋ ਰਹੇ ਹਨ। ਉਨ੍ਹਾਂ ਅਨੁਸਾਰ ਪੰਜਾਬ ਦੇ ਕਿਸਾਨ ਸ਼ੰਭੂ ਪਹੁੰਚ ਰਹੇ ਹਨ, ਜਦਕਿ ਹਰਿਆਣਾ ਦੇ ਪਿਹੋਵਾ, ਅੰਬਾਲਾ ਅਤੇ ਕੁਰੂਕਸ਼ੇਤਰ ਦੇ ਕਿਸਾਨ ਵੀ ਦਿੱਲੀ ਵੱਲ ਕੂਚ ਕਰਨਗੇ।

ਯਾਤਰੀਆਂ ਲਈ ਟ੍ਰੈਫਿਕ ਐਡਵਾਈਜ਼ਰੀ ਜਾਰੀ
ਬਾਰਡਰ ਸੀਲ ਹੋਣ ਕਾਰਨ ਆਮ ਜਨਤਾ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੰਬਾਲਾ ਪੁਲਿਸ ਨੇ ਟ੍ਰੈਫਿਕ ਐਡਵਾਈਜ਼ਰੀ ਜਾਰੀ ਕਰਦਿਆਂ ਲੋਕਾਂ ਨੂੰ ਬਦਲਵੇਂ ਰਸਤੇ ਅਪਣਾਉਣ ਦੀ ਅਪੀਲ ਕੀਤੀ ਹੈ।  ਦਿੱਲੀ ਤੋਂ ਪੰਜਾਬ ਜਾਣ ਲਈ ਵਾਹਨ ਅੰਬਾਲਾ ਛਾਉਣੀ, ਲਾਲੜੂ, ਡੇਰਾਬੱਸੀ ਅਤੇ ਜ਼ੀਰਕਪੁਰ ਮਾਰਗ ਦੀ ਵਰਤੋਂ ਕਰ ਸਕਦੇ ਹਨ। ਪੰਜਾਬ ਤੋਂ ਦਿੱਲੀ ਜਾਣ ਲਈ ਵਾਹਨ ਰਾਜਪੁਰਾ, ਲਾਲੜੂ, ਡੇਰਾਬੱਸੀ ਅਤੇ ਜ਼ੀਰਕਪੁਰ ਰਾਹੀਂ ਅੰਬਾਲਾ ਛਾਉਣੀ ਹੋ ਕੇ ਜਾ ਸਕਦੇ ਹਨ। ਪੁਲਿਸ ਨੇ ਲੋਕਾਂ ਨੂੰ ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਕਿਸੇ ਵੀ ਹੰਗਾਮੀ ਸਥਿਤੀ ਵਿੱਚ ਡਾਇਲ 112 'ਤੇ ਸੰਪਰਕ ਕਰਨ ਲਈ ਕਿਹਾ ਹੈ।

ਹਾਈ ਅਲਰਟ 'ਤੇ ਪੁਲਿਸ ਪ੍ਰਸ਼ਾਸਨ
ਬਾਰਡਰਾਂ 'ਤੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਕਿਸਾਨ ਆਪਣੀਆਂ ਗੱਡੀਆਂ ਅਤੇ ਬੱਸਾਂ ਰਾਹੀਂ ਝੰਡੇ ਲੈ ਕੇ ਸਰਹੱਦਾਂ 'ਤੇ ਪਹੁੰਚ ਰਹੇ ਹਨ। ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਕੀਮਤ 'ਤੇ ਕਿਸਾਨਾਂ ਨੂੰ ਬੈਰੀਕੇਡ ਪਾਰ ਨਹੀਂ ਕਰਨ ਦਿੱਤੇ ਜਾਣਗੇ। ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ।