ਲੁਧਿਆਣਾ 'ਚ ਨਿਹੰਗ ਸਿੰਘਾਂ ਦਾ ਪ੍ਰਦਰਸ਼ਨ, ਡੀਸੀ ਦਫ਼ਤਰ ਦੇ ਬਾਹਰ ਫਿਰੋਜ਼ਪੁਰ ਰੋਡ ਜਾਮ

ਲੁਧਿਆਣਾ ਵਿੱਚ ਸੋਮਵਾਰ ਸਵੇਰ ਤੋਂ ਹੀ ਭਾਰੀ ਹੰਗਾਮਾ ਦੇਖਣ ਨੂੰ ਮਿਲ ਰਿਹਾ ਹੈ। ਇਨਸਾਫ਼ ਨਾ ਮਿਲਣ ਤੋਂ ਨਾਰਾਜ਼ ਨਿਹੰਗਾਂ ਨੇ ਡੀਸੀ ਦਫ਼ਤਰ ਦੇ ਬਾਹਰ ਫਿਰੋਜ਼ਪੁਰ ਰੋਡ ਨੂੰ ਦੋਵਾਂ ਪਾਸਿਆਂ ਤੋਂ ਜਾਮ ਕਰ ਦਿੱਤਾ ਹੈ। ਪ੍ਰਦਰਸ਼ਨਕਾਰੀ ਸਵੇਰੇ ਕਰੀਬ 10 ਵਜੇ ਤੋਂ ਸੜਕ ਦੇ ਵਿਚਕਾਰ ਧਰਨਾ ਦੇ ਕੇ ਬੈਠੇ ਹਨ, ਜਿਸ ਕਾਰਨ ਪਿਛਲੇ ਕਈ ਘੰਟਿਆਂ ਤੋਂ ਆਵਾਜਾਈ ਪੂਰੀ ਤਰ੍ਹਾਂ ਠੱਪ ਹੈ ਅਤੇ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਲੁਧਿਆਣਾ : ਲੁਧਿਆਣਾ ਵਿੱਚ ਸੋਮਵਾਰ ਸਵੇਰ ਤੋਂ ਹੀ ਭਾਰੀ ਹੰਗਾਮਾ ਦੇਖਣ ਨੂੰ ਮਿਲ ਰਿਹਾ ਹੈ। ਇਨਸਾਫ਼ ਨਾ ਮਿਲਣ ਤੋਂ ਨਾਰਾਜ਼ ਨਿਹੰਗਾਂ ਨੇ ਡੀਸੀ ਦਫ਼ਤਰ ਦੇ ਬਾਹਰ ਫਿਰੋਜ਼ਪੁਰ ਰੋਡ ਨੂੰ ਦੋਵਾਂ ਪਾਸਿਆਂ ਤੋਂ ਜਾਮ ਕਰ ਦਿੱਤਾ ਹੈ। ਪ੍ਰਦਰਸ਼ਨਕਾਰੀ ਸਵੇਰੇ ਕਰੀਬ 10 ਵਜੇ ਤੋਂ ਸੜਕ ਦੇ ਵਿਚਕਾਰ ਧਰਨਾ ਦੇ ਕੇ ਬੈਠੇ ਹਨ, ਜਿਸ ਕਾਰਨ ਪਿਛਲੇ ਕਈ ਘੰਟਿਆਂ ਤੋਂ ਆਵਾਜਾਈ ਪੂਰੀ ਤਰ੍ਹਾਂ ਠੱਪ ਹੈ ਅਤੇ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਕੀ ਹੈ ਪੂਰਾ ਮਾਮਲਾ?
ਧਰਨੇ 'ਤੇ ਬੈਠੇ ਨਿਹੰਗਾਂ ਦਾ ਦੋਸ਼ ਹੈ ਕਿ ਕਰੀਬ ਤਿੰਨ ਸਾਲ ਪਹਿਲਾਂ ਨਿਹੰਗ ਫਤਿਹਵੀਰ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਨੇ ਪਿਛਲੇ ਤਿੰਨ ਸਾਲਾਂ ਵਿੱਚ ਇਸ ਕਤਲ ਕੇਸ ਵਿੱਚ ਕੋਈ ਠੋਸ ਕਾਰਵਾਈ ਨਹੀਂ ਕੀਤੀ ਹੈ। ਪ੍ਰਦਰਸ਼ਨਕਾਰੀਆਂ ਅਨੁਸਾਰ ਇਸ ਮਾਮਲੇ ਦੇ ਮੁਲਜ਼ਮ ਅਜੇ ਵੀ ਖੁੱਲ੍ਹੇਆਮ ਘੁੰਮ ਰਹੇ ਹਨ।

ਪ੍ਰਸ਼ਾਸਨਿਕ ਰਵੱਈਏ ਤੋਂ ਨਾਰਾਜ਼ਗੀ
ਨਿਹੰਗਾਂ ਦਾ ਕਹਿਣਾ ਹੈ ਕਿ ਉਹ ਲੰਬੇ ਸਮੇਂ ਤੋਂ ਇਨਸਾਫ਼ ਲਈ ਪੁਲਿਸ ਅਤੇ ਪ੍ਰਸ਼ਾਸਨ ਦੇ ਚੱਕਰ ਕੱਟ ਰਹੇ ਹਨ, ਪਰ ਅਜੇ ਤੱਕ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਇਲਜ਼ਾਮ ਲਾਇਆ ਕਿ ਪ੍ਰਸ਼ਾਸਨ ਦੇ ਇਸੇ ਰਵੱਈਏ ਤੋਂ ਤੰਗ ਆ ਕੇ ਉਨ੍ਹਾਂ ਨੂੰ ਸੜਕ ਜਾਮ ਕਰਨ ਵਰਗਾ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ ਹੈ।

ਧਰਨਾ ਜਾਰੀ ਰੱਖਣ ਦੀ ਚਿਤਾਵਨੀ
ਪ੍ਰਦਰਸ਼ਨਕਾਰੀਆਂ ਨੇ ਸਪੱਸ਼ਟ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਪੁਲਿਸ ਇਸ ਮਾਮਲੇ ਵਿੱਚ ਠੋਸ ਕਾਰਵਾਈ ਦਾ ਭਰੋਸਾ ਨਹੀਂ ਦਿੰਦੀ ਅਤੇ ਫਤਿਹਵੀਰ ਸਿੰਘ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਨ੍ਹਾਂ ਦਾ ਚੱਕਾ ਜਾਮ ਅਤੇ ਧਰਨਾ ਜਾਰੀ ਰਹੇਗਾ।

ਟ੍ਰੈਫਿਕ ਐਡਵਾਈਜ਼ਰੀ
ਫਿਰੋਜ਼ਪੁਰ ਰੋਡ 'ਤੇ ਡੀਸੀ ਦਫ਼ਤਰ ਦੇ ਕੋਲ ਲੱਗੇ ਇਸ ਜਾਮ ਕਾਰਨ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰੇਸ਼ਾਨੀ ਤੋਂ ਬਚਣ ਲਈ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ।