ਅੰਮ੍ਰਿਤਸਰ 'ਚ ਨਸ਼ਾ ਤਸਕਰੀ ਮਾਡਿਊਲ ਬੇਨਕਾਬ, 1.128 ਕਿੱਲੋ ਹੈਰੋਇਨ ਤੇ 3 ਪਿਸਤੌਲ ਬਰਾਮਦ

ਅੰਮ੍ਰਿਤਸਰ ਦੇਹਾਤੀ ਪੁਲਸ ਨੇ ਇੱਕ ਕੇਂਦਰੀ ਏਜੰਸੀ ਨਾਲ ਮਿਲ ਕੇ ਵੱਡੀ ਕਾਰਵਾਈ ਕਰਦਿਆਂ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।
ਅੰਮ੍ਰਿਤਸਰ : ਅੰਮ੍ਰਿਤਸਰ ਦੇਹਾਤੀ ਪੁਲਸ ਨੇ ਇੱਕ ਕੇਂਦਰੀ ਏਜੰਸੀ ਨਾਲ ਮਿਲ ਕੇ ਵੱਡੀ ਕਾਰਵਾਈ ਕਰਦਿਆਂ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕੀਤੀ ਗਈ ਇਸ ਛਾਪੇਮਾਰੀ ਦੌਰਾਨ ਪੁਲਸ ਨੇ 1 ਕਿੱਲੋ 128 ਗ੍ਰਾਮ ਹੈਰੋਇਨ ਅਤੇ ਪਾਕਿਸਤਾਨ ਵਿਚ ਬਣੇ .30 ਬੋਰ ਦੇ 3 ਪਿਸਤੌਲ ਬਰਾਮਦ ਕੀਤੇ ਹਨ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਨੈੱਟਵਰਕ ਸਰਹੱਦ ਪਾਰ ਬੈਠੇ ਤਸਕਰਾਂ ਦੇ ਇਸ਼ਾਰੇ 'ਤੇ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਸਪਲਾਈ ਕਰ ਰਿਹਾ ਸੀ। ਪੁਲਸ ਅਧਿਕਾਰੀਆਂ ਅਨੁਸਾਰ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਇਹ ਬਰਾਮਦਗੀ ਲੋਪੋਕੇ ਥਾਣੇ ਦੇ ਅਧੀਨ ਪੈਂਦੇ ਇਲਾਕੇ ਵਿੱਚੋਂ ਹੋਈ ਹੈ।

ਸੁਰੱਖਿਆ ਏਜੰਸੀਆਂ ਹੁਣ ਇਸ ਮਾਡਿਊਲ ਨਾਲ ਜੁੜੇ ਹੋਰ ਮੈਂਬਰਾਂ, ਸਪਲਾਇਰਾਂ ਅਤੇ ਸਥਾਨਕ ਸੰਪਰਕਾਂ ਦੀ ਪਛਾਣ ਕਰਨ ਵਿੱਚ ਜੁਟੀਆਂ ਹੋਈਆਂ ਹਨ। ਪੁਲਸ ਨੂੰ ਮਾਮਲੇ ਵਿੱਚ ਕਈ ਅਹਿਮ ਸੁਰਾਗ ਮਿਲੇ ਹਨ, ਜਿਸ ਦੇ ਆਧਾਰ 'ਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

ਪੰਜਾਬ ਪੁਲਸ ਨੇ ਆਪਣਾ ਅਹਿਦ ਦੁਹਰਾਉਂਦਿਆਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਮੁਹਿੰਮ ਲਗਾਤਾਰ ਜਾਰੀ ਰਹੇਗੀ। ਪੁਲਸ ਮੁਤਾਬਕ ਸਰਹੱਦ ਪਾਰੋਂ ਚੱਲਣ ਵਾਲੇ ਅਜਿਹੇ ਨੈੱਟਵਰਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।