ਮਾਤਾ ਵੈਸ਼ਨੋ ਦੇਵੀ ਮੰਦਰ 'ਚ 500 ਕਰੋੜ ਦੀ ਚਾਂਦੀ ਨਕਲੀ? ਅਦਾਲਤ ਨੇ ਕ੍ਰਾਈਮ ਬ੍ਰਾਂਚ ਨੂੰ ਕੀਤਾ ਤਲਬ

ਸ਼੍ਰੀ ਮਾਤਾ ਵੈਸ਼ਨੋ ਦੇਵੀ ਮੰਦਰ ਵਿੱਚ ਸ਼ਰਧਾਲੂਆਂ ਵੱਲੋਂ ਚੜ੍ਹਾਈ ਗਈ ਚਾਂਦੀ ਵਿੱਚ 500 ਕਰੋੜ ਰੁਪਏ ਦੇ ਕਥਿਤ ਘੁਟਾਲੇ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜੰਮੂ ਦੀ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ (CJM) ਅਦਾਲਤ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਕ੍ਰਾਈਮ ਬ੍ਰਾਂਚ ਦੇ ਜਾਂਚ ਅਧਿਕਾਰੀ ਨੂੰ ਸਬੰਧਤ ਰਿਕਾਰਡ ਸਮੇਤ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਕਟੜਾ : ਸ਼੍ਰੀ ਮਾਤਾ ਵੈਸ਼ਨੋ ਦੇਵੀ ਮੰਦਰ ਵਿੱਚ ਸ਼ਰਧਾਲੂਆਂ ਵੱਲੋਂ ਚੜ੍ਹਾਈ ਗਈ ਚਾਂਦੀ ਵਿੱਚ 500 ਕਰੋੜ ਰੁਪਏ ਦੇ ਕਥਿਤ ਘੁਟਾਲੇ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜੰਮੂ ਦੀ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ (CJM) ਅਦਾਲਤ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਕ੍ਰਾਈਮ ਬ੍ਰਾਂਚ ਦੇ ਜਾਂਚ ਅਧਿਕਾਰੀ ਨੂੰ ਸਬੰਧਤ ਰਿਕਾਰਡ ਸਮੇਤ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

ਕੀ ਹੈ ਪੂਰਾ ਮਾਮਲਾ?
ਇਹ ਮਾਮਲਾ ਐਡਵੋਕੇਟ ਦੀਪਕ ਸ਼ਰਮਾ ਦੀ ਸ਼ਿਕਾਇਤ ਤੋਂ ਬਾਅਦ ਸਾਹਮਣੇ ਆਇਆ ਹੈ। ਸ਼ਿਕਾਇਤ ਵਿੱਚ ਇਲਜ਼ਾਮ ਲਾਇਆ ਗਿਆ ਹੈ ਕਿ ਮਾਤਾ ਵੈਸ਼ਨੋ ਦੇਵੀ ਸ਼੍ਰਾਈਨ ਵਿੱਚ ਸ਼ਰਧਾਲੂਆਂ ਵੱਲੋਂ ਚੜ੍ਹਾਈ ਗਈ ਚਾਂਦੀ ਵਿੱਚ ਵੱਡੇ ਪੱਧਰ 'ਤੇ ਮਿਲਾਵਟ ਹੋਈ ਹੈ। ਜਾਣਕਾਰੀ ਅਨੁਸਾਰ, ਜਦੋਂ ਲਗਭਗ 20 ਟਨ ਚਾਂਦੀ (ਜਿਸ ਦੀ ਕੀਮਤ ਕਰੀਬ 550 ਕਰੋੜ ਰੁਪਏ ਹੈ) ਨੂੰ ਟੈਸਟਿੰਗ ਅਤੇ ਪ੍ਰੋਸੈਸਿੰਗ ਲਈ ਭੇਜਿਆ ਗਿਆ, ਤਾਂ ਪਾਇਆ ਗਿਆ ਕਿ ਉਸ ਵਿੱਚ ਸਿਰਫ਼ 5 ਤੋਂ 6 ਫੀਸਦੀ ਹੀ ਸ਼ੁੱਧ ਚਾਂਦੀ ਸੀ। ਬਾਕੀ ਹਿੱਸੇ ਵਿੱਚ ਕੈਡਮੀਅਮ, ਲੋਹਾ ਅਤੇ ਹੋਰ ਧਾਤਾਂ ਦੀ ਮਿਲਾਵਟ ਹੋਣ ਦਾ ਦਾਅਵਾ ਕੀਤਾ ਗਿਆ ਹੈ।

ਜਾਂਚ ਏਜੰਸੀ ਦੀ ਕਾਰਵਾਈ 'ਤੇ ਉੱਠੇ ਸਵਾਲ
ਸ਼ਿਕਾਇਤਕਰਤਾ ਨੇ ਅਦਾਲਤ ਵਿੱਚ ਕਰਾਈਮ ਬ੍ਰਾਂਚ ਦੀ ਕਾਰਵਾਈ 'ਤੇ ਇਤਰਾਜ਼ ਜਤਾਉਂਦਿਆਂ ਕਿਹਾ ਕਿ ਜਾਂਚ ਏਜੰਸੀ ਆਪਣੀ ਜ਼ਿੰਮੇਵਾਰੀ ਤੋਂ ਬਚ ਰਹੀ ਹੈ। ਅਦਾਲਤ ਵਿੱਚ ਦਾਖ਼ਲ ਕੀਤੀ ਗਈ ਸਟੇਟਸ ਰਿਪੋਰਟ ਵਿੱਚ ਇਸ ਗੱਲ ਦਾ ਕੋਈ ਜ਼ਿਕਰ ਨਹੀਂ ਹੈ ਕਿ ਇਨਵੈਂਟਰੀ ਰਜਿਸਟਰ, ਸਟਾਕ ਰਿਕਾਰਡ ਅਤੇ ਸੀਸੀਟੀਵੀ ਫੁਟੇਜ ਵਰਗੇ ਅਹਿਮ ਸਬੂਤਾਂ ਨੂੰ ਸੁਰੱਖਿਅਤ ਰੱਖਣ ਲਈ ਕੀ ਕਦਮ ਚੁੱਕੇ ਗਏ ਹਨ। ਸ਼ਿਕਾਇਤਕਰਤਾ ਅਨੁਸਾਰ, ਮਾਮਲੇ ਦੀ ਜਾਂਚ ਕਰਨ ਦੀ ਬਜਾਏ ਸ਼ਿਕਾਇਤ ਨੂੰ ਇੱਕ ਪੁਲਿਸ ਯੂਨਿਟ ਤੋਂ ਦੂਜੀ ਯੂਨਿਟ ਵਿੱਚ ਭੇਜਿਆ ਜਾ ਰਿਹਾ ਹੈ।

ਅਗਲੀ ਸੁਣਵਾਈ ਦੀ ਤਰੀਕ
ਅਦਾਲਤ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜਾਂਚ ਅਧਿਕਾਰੀ ਨੂੰ ਤਲਬ ਕੀਤਾ ਹੈ ਅਤੇ ਅਗਲੀ ਸੁਣਵਾਈ 29 ਜੁਲਾਈ ਨੂੰ ਤੈਅ ਕੀਤੀ ਹੈ। ਇਸ ਸੁਣਵਾਈ ਦੌਰਾਨ ਜਾਂਚ ਦੀ ਪ੍ਰਗਤੀ ਅਤੇ ਰਿਕਾਰਡ ਦੇ ਅਧਾਰ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਇਹ ਮਾਮਲਾ ਪੂਰੇ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।