ਪੰਜਾਬ 'ਚ ਸਰਕਾਰੀ ਬੱਸਾਂ ਦੇ ਚੱਕੇ ਜਾਮ! 1000 ਤੋਂ ਵੱਧ ਰੂਟ ਪ੍ਰਭਾਵਿਤ, 5 ਲੱਖ ਮੁਸਾਫ਼ਰ ਖੱਜਲ-ਖੁਆਰ

ਪੰਜਾਬ ਵਿੱਚ ਅੱਜ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਗਈ ਹੜਤਾਲ ਕਾਰਨ ਸੂਬੇ ਭਰ ਵਿੱਚ ਸਰਕਾਰੀ ਬੱਸਾਂ ਦੀ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਇਸ ਹੜਤਾਲ ਕਾਰਨ ਸਥਾਨਕ ਅਤੇ ਦੂਜੇ ਰਾਜਾਂ ਨੂੰ ਜਾਣ ਵਾਲੇ 1000 ਤੋਂ ਵੱਧ ਰੂਟ ਪ੍ਰਭਾਵਿਤ ਹੋਏ ਹਨ।
ਚੰਡੀਗੜ੍ਹ : ਪੰਜਾਬ ਵਿੱਚ ਅੱਜ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਗਈ ਹੜਤਾਲ ਕਾਰਨ ਸੂਬੇ ਭਰ ਵਿੱਚ ਸਰਕਾਰੀ ਬੱਸਾਂ ਦੀ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਇਸ ਹੜਤਾਲ ਕਾਰਨ ਸਥਾਨਕ ਅਤੇ ਦੂਜੇ ਰਾਜਾਂ ਨੂੰ ਜਾਣ ਵਾਲੇ 1000 ਤੋਂ ਵੱਧ ਰੂਟ ਪ੍ਰਭਾਵਿਤ ਹੋਏ ਹਨ।

5 ਲੱਖ ਮੁਸਾਫ਼ਰਾਂ 'ਤੇ ਪਿਆ ਸਿੱਧਾ ਅਸਰ
ਰੋਜ਼ਾਨਾ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਲਗਭਗ 5 ਲੱਖ ਯਾਤਰੀ ਇਸ ਹੜਤਾਲ ਕਾਰਨ ਪ੍ਰੇਸ਼ਾਨ ਹੋ ਰਹੇ ਹਨ। ਮੁੱਖ ਮੰਤਰੀ ਦੀ ਮੁਫ਼ਤ ਬੱਸ ਸਫ਼ਰ ਯੋਜਨਾ ਕਾਰਨ ਇਨ੍ਹਾਂ ਮੁਸਾਫ਼ਰਾਂ ਵਿੱਚ 54 ਫੀਸਦੀ ਔਰਤਾਂ ਸ਼ਾਮਲ ਹਨ, ਜਿਨ੍ਹਾਂ ਨੂੰ ਅੱਜ ਨਿੱਜੀ ਬੱਸਾਂ ਜਾਂ ਹੋਰ ਸਾਧਨਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ। ਸਕੂਲੀ ਵਿਦਿਆਰਥੀਆਂ ਅਤੇ ਨੌਕਰੀਪੇਸ਼ਾ ਲੋਕਾਂ ਨੂੰ ਵੀ ਆਪਣੀ ਮੰਜ਼ਿਲ 'ਤੇ ਪਹੁੰਚਣ ਲਈ ਭਾਰੀ ਦਿੱਕਤਾਂ ਆ ਰਹੀਆਂ ਹਨ।

ਇਸ ਸਾਲ ਦੀ 5ਵੀਂ ਵੱਡੀ ਹੜਤਾਲ
ਜ਼ਿਕਰਯੋਗ ਹੈ ਕਿ ਸਾਲ 2026 ਵਿੱਚ ਇਹ ਹੁਣ ਤੱਕ ਦਾ ਪੰਜਵਾਂ ਚੱਕਾ ਜਾਮ ਹੈ। ਇਸ ਤੋਂ ਪਹਿਲਾਂ ਫਰਵਰੀ, ਜੂਨ ਅਤੇ ਜੁਲਾਈ ਮਹੀਨਿਆਂ ਵਿੱਚ ਵੀ ਵੱਖ-ਵੱਖ ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਵੱਲੋਂ ਹੜਤਾਲਾਂ ਕੀਤੀਆਂ ਜਾ ਚੁੱਕੀਆਂ ਹਨ। ਯੂਨੀਅਨ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ 'ਤੇ ਲੰਬੇ ਸਮੇਂ ਤੋਂ ਕੋਈ ਫੈਸਲਾ ਨਹੀਂ ਲਿਆ ਗਿਆ, ਜਿਸ ਕਾਰਨ ਉਨ੍ਹਾਂ ਨੂੰ ਇਹ ਸਖ਼ਤ ਕਦਮ ਚੁੱਕਣਾ ਪਿਆ ਹੈ।

ਟਰਾਂਸਪੋਰਟ ਮੰਤਰੀ ਨੇ ਬੁਲਾਈ ਹੰਗਾਮੀ ਬੈਠਕ
ਯਾਤਰੀਆਂ ਦੀ ਪ੍ਰੇਸ਼ਾਨੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੀ ਸਰਗਰਮ ਹੋ ਗਈ ਹੈ। ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸਵੇਰੇ 10 ਵਜੇ ਯੂਨੀਅਨ ਆਗੂਆਂ ਨਾਲ ਇੱਕ ਅਹਿਮ ਬੈਠਕ ਬੁਲਾਈ ਗਈ ਹੈ ਤਾਂ ਜੋ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਹੱਲ ਕੱਢ ਕੇ ਬੱਸ ਸੇਵਾਵਾਂ ਨੂੰ ਮੁੜ ਬਹਾਲ ਕੀਤਾ ਜਾ ਸਕੇ।

ਸੂਬੇ ਕੋਲ ਇਸ ਸਮੇਂ 2,900 ਤੋਂ ਵੱਧ ਸਰਕਾਰੀ ਬੱਸਾਂ ਦਾ ਬੇੜਾ ਹੈ, ਜਿਨ੍ਹਾਂ ਵਿੱਚੋਂ 1,694 ਬੱਸਾਂ ਪੰਜਾਬ ਰੋਡਵੇਜ਼/ਪਨਬਸ ਅਤੇ 1,304 ਬੱਸਾਂ ਪੀ.ਆਰ.ਟੀ.ਸੀ. ਦੀਆਂ ਹਨ। ਇਹ ਬੱਸਾਂ ਪੰਜਾਬ ਤੋਂ ਇਲਾਵਾ ਦਿੱਲੀ, ਹਰਿਆਣਾ, ਹਿਮਾਚਲ, ਰਾਜਸਥਾਨ, ਜੰਮੂ-ਕਸ਼ਮੀਰ ਅਤੇ ਯੂਪੀ ਤੱਕ ਸੇਵਾਵਾਂ ਦਿੰਦੀਆਂ ਹਨ, ਜੋ ਅੱਜ ਪੂਰੀ ਤਰ੍ਹਾਂ ਠੱਪ ਹਨ।