ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅਸਥਾਈ ਪੈਰੋਲ 'ਤੇ ਅੱਜ ਸੁਣਵਾਈ

ਅੰਮ੍ਰਿਤਪਾਲ ਸਿੰਘ ਇਸ ਸਮੇਂ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਕਾਰਨ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।
ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਆਉਣ ਵਾਲੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਅਸਥਾਈ ਪੈਰੋਲ ਦੀ ਮੰਗ ਕੀਤੀ ਹੈ। ਇਸ ਮਾਮਲੇ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅੱਜ ਸੁਣਵਾਈ ਹੋਣੀ ਹੈ।

ਅੰਮ੍ਰਿਤਪਾਲ ਸਿੰਘ ਇਸ ਸਮੇਂ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਕਾਰਨ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਦੀ ਤਰਫੋਂ ਪੈਰੋਲ ਦੀ ਅਰਜ਼ੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕੀਤੀ ਗਈ ਹੈ।ਉਨ੍ਹਾਂ ਨੇ 1 ਤੋਂ 19 ਦਸੰਬਰ ਤੱਕ ਹੋਣ ਵਾਲੇ ਸੰਸਦ ਦੇ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਅਸਥਾਈ ਰਿਹਾਈ ਦੀ ਮੰਗ ਕੀਤੀ ਹੈ। ਉਨ੍ਹਾਂ ਦੇ ਵਕੀਲ ਈਮਾਨ ਸਿੰਘ ਖਾਰਾ ਨੇ ਪਟੀਸ਼ਨ ਦਾਖਲ ਕੀਤੀ ਹੈ। ਪਟੀਸ਼ਨ ਵਿੱਚ NSA ਦੀ ਧਾਰਾ 15 ਦਾ ਹਵਾਲਾ ਦਿੱਤਾ ਗਿਆ ਹੈ, ਜਿਸ ਤਹਿਤ ਅਸਧਾਰਨ ਹਾਲਾਤਾਂ ਵਿੱਚ ਪੈਰੋਲ ਦਿੱਤੀ ਜਾ ਸਕਦੀ ਹੈ।

ਪਟੀਸ਼ਨ ਵਿੱਚ ਦੱਸਿਆ ਗਿਆ ਹੈ ਕਿ ਅਪ੍ਰੈਲ 2023 ਤੋਂ ਪ੍ਰੀਵੈਂਟਿਵ ਡਿਟੈਂਸ਼ਨ ਵਿੱਚ ਹੋਣ ਦੇ ਬਾਵਜੂਦ, ਅੰਮ੍ਰਿਤਪਾਲ ਸਿੰਘ ਨੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਖਡੂਰ ਸਾਹਿਬ ਸੀਟ ਤੋਂ ਲਗਭਗ 4 ਲੱਖ ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ। ਉਹ ਹੁਣ ਵੀ ਲਗਭਗ 19 ਲੱਖ ਵੋਟਰਾਂ ਦੀ ਪ੍ਰਤੀਨਿਧਤਾ ਕਰ ਰਹੇ ਹਨ। ਉਨ੍ਹਾਂ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਹਦਾਇਤਾਂ ਜਾਰੀ ਕਰਨ ਦੀ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਪੈਰੋਲ 'ਤੇ ਰਿਹਾਅ ਕੀਤਾ ਜਾਵੇ ਜਾਂ ਘੱਟੋ-ਘੱਟ ਸੰਸਦ ਸੈਸ਼ਨ ਦੌਰਾਨ ਉਨ੍ਹਾਂ ਦੀ ਨਿੱਜੀ ਮੌਜੂਦਗੀ ਯਕੀਨੀ ਬਣਾਈ ਜਾਵੇ। ਪਟੀਸ਼ਨ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਜਦੋਂ ਉਹ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਵਿੱਚ ਸਨ ਤਾਂ 17 ਅਪ੍ਰੈਲ 2024 ਨੂੰ ਉਨ੍ਹਾਂ ਖ਼ਿਲਾਫ਼ ਤੀਜਾ ਡਿਟੈਂਸ਼ਨ ਆਰਡਰ ਜਾਰੀ ਕੀਤਾ ਗਿਆ ਸੀ। ਸਲਾਹਕਾਰ ਬੋਰਡ ਨੇ ਲਗਾਤਾਰ ਬੰਦ ਰੱਖਣ ਲਈ ਢੁਕਵੇਂ ਆਧਾਰ ਪਾਏ, ਜਿਸ ਤੋਂ ਬਾਅਦ 24 ਜੂਨ ਨੂੰ ਡਿਟੈਂਸ਼ਨ ਨੂੰ ਤੀਜੀ ਵਾਰ ਵਧਾ ਦਿੱਤਾ ਗਿਆ ਸੀ।

ਸੰਸਦ ਸੈਸ਼ਨ ਵਿੱਚ ਹਿੱਸਾ ਲੈਣ ਦੇ ਮਕਸਦ ਨਾਲ ਪੈਰੋਲ ਲਈ ਅਰਜ਼ੀ 13 ਨਵੰਬਰ ਨੂੰ ਭੇਜੀ ਗਈ ਸੀ। ਹਾਲਾਂਕਿ, ਹੁਣ ਤੱਕ ਇਸ 'ਤੇ ਕੋਈ ਫੈਸਲਾ ਨਹੀਂ ਲਿਆ ਗਿਆ।ਇਸ ਤੋਂ ਪਹਿਲਾਂ ਹੋਈ ਸੁਣਵਾਈ ਦੌਰਾਨ, ਚੀਫ਼ ਜਸਟਿਸ ਨੇ ਇਹ ਸਵਾਲ ਚੁੱਕਿਆ ਸੀ ਕਿ ਜਦੋਂ ਤੱਕ ਡਿਟੈਂਸ਼ਨ 'ਤੇ ਰੋਕ ਨਹੀਂ ਲੱਗਦੀ, ਉਹ ਸੰਸਦ ਸੈਸ਼ਨ ਵਿੱਚ ਕਿਵੇਂ ਸ਼ਾਮਲ ਹੋਣਗੇ। ਇਸ ਦੇ ਜਵਾਬ ਵਿੱਚ ਵਕੀਲ ਨੇ ਕਿਹਾ ਸੀ ਕਿ ਦੋਵੇਂ ਮਾਮਲੇ ਵੱਖਰੇ ਹਨ, ਅਤੇ ਸੰਸਦ ਵਿੱਚ ਸ਼ਾਮਲ ਹੋਣ ਲਈ ਧਾਰਾ 15 ਤਹਿਤ ਰਾਹਤ ਮੰਗੀ ਜਾ ਰਹੀ ਹੈ।