ਰੂਹ ਕੰਬਾਊ ਘਟਨਾ! ਅਵਾਰਾ ਕੁੱਤਿਆਂ ਨੇ ਨੋਚ-ਨੋਚ ਮਾਰ'ਤੀ 8 ਸਾਲਾ ਮਾਸੂਮ

ਸ਼ਹਿਰ ਦੇ ਵਾਰਡ ਨੰਬਰ-1 ਵਿੱਚ ਇੱਕ ਬੇਹੱਦ ਦਰਦਨਾਕ ਅਤੇ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ ਅਵਾਰਾ ਕੁੱਤਿਆਂ ਦੇ ਇੱਕ ਝੁੰਡ ਨੇ 8 ਸਾਲਾ ਬੱਚੀ ਕੀਰਤੀ 'ਤੇ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਘਟਨਾ ਨੇ ਨਾ ਸਿਰਫ਼ ਇੱਕ ਪਰਿਵਾਰ ਦੀ ਦੁਨੀਆ ਉਜਾੜ ਦਿੱਤੀ ਹੈ।
ਮੋਰਿੰਡਾ : ਸ਼ਹਿਰ ਦੇ ਵਾਰਡ ਨੰਬਰ-1 ਵਿੱਚ ਇੱਕ ਬੇਹੱਦ ਦਰਦਨਾਕ ਅਤੇ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ ਅਵਾਰਾ ਕੁੱਤਿਆਂ ਦੇ ਇੱਕ ਝੁੰਡ ਨੇ 8 ਸਾਲਾ ਬੱਚੀ ਕੀਰਤੀ 'ਤੇ ਹਮਲਾ ਕਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਦੁੱਧ ਲੈਣ ਗਈ ਸੀ ਮਾਸੂਮ
ਪਰਿਵਾਰਕ ਮੈਂਬਰਾਂ ਮੁਤਾਬਕ, ਕੀਰਤੀ ਸ਼ਾਮ ਕਰੀਬ 4 ਵਜੇ ਘਰ ਦੇ ਬਾਹਰ ਦੁੱਧ ਲੈਣ ਲਈ ਨਿਕਲੀ ਸੀ। ਇਸੇ ਦੌਰਾਨ ਅਚਾਨਕ ਅਵਾਰਾ ਕੁੱਤਿਆਂ ਦੇ ਇੱਕ ਝੁੰਡ ਨੇ ਉਸ 'ਤੇ ਹਮਲਾ ਕਰ ਦਿੱਤਾ। ਬੱਚੀ ਦੀਆਂ ਚੀਕਾਂ ਸੁਣ ਕੇ ਸਥਾਨਕ ਲੋਕ ਮੌਕੇ 'ਤੇ ਪਹੁੰਚੇ ਅਤੇ ਬੜੀ ਮੁਸ਼ੱਕਤ ਨਾਲ ਉਸ ਨੂੰ ਕੁੱਤਿਆਂ ਤੋਂ ਛੁਡਵਾਇਆ, ਪਰ ਉਦੋਂ ਤੱਕ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਚੁੱਕੀ ਸੀ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਦੀ ਹਾਲਤ ਨਾਜ਼ੁਕ ਦੇਖਦਿਆਂ ਪੀ.ਜੀ.ਆਈ. ਰੈਫਰ ਕਰ ਦਿੱਤਾ, ਪਰ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿੱਚ ਹੀ ਉਸ ਨੇ ਦਮ ਤੋੜ ਦਿੱਤਾ।

ਇਹ ਹਾਦਸਾ ਇਸ ਲਈ ਹੋਰ ਵੀ ਦੁਖ਼ਦਾਈ ਹੈ ਕਿਉਂਕਿ ਕੀਰਤੀ ਦੇ ਪਿਤਾ ਦੀ ਤਿੰਨ ਸਾਲ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਉਹ ਆਪਣੀ ਮਾਂ ਪੂਨਮ ਦੇਵੀ ਦੀ ਇਕਲੌਤੀ ਧੀ ਸੀ। ਇਸ ਇਕਲੌਤੇ ਸਹਾਰੇ ਦੇ ਚਲੇ ਜਾਣ ਨਾਲ ਪਰਿਵਾਰ 'ਤੇ ਗ਼ਮਾਂ ਦਾ ਪਹਾੜ ਟੁੱਟ ਪਿਆ ਹੈ।

ਘਟਨਾ ਤੋਂ ਬਾਅਦ ਮੁਹੱਲਾ ਵਾਸੀਆਂ ਵਿੱਚ ਨਗਰ ਕੌਂਸਲ ਅਤੇ ਸਥਾਨਕ ਪ੍ਰਸ਼ਾਸਨ ਵਿਰੁੱਧ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ। ਲੋਕਾਂ ਦਾ ਦੋਸ਼ ਹੈ ਕਿ ਇਲਾਕੇ ਵਿੱਚ ਅਵਾਰਾ ਕੁੱਤਿਆਂ ਦੀ ਸਮੱਸਿਆ ਬਾਰੇ ਕਈ ਵਾਰ ਸ਼ਿਕਾਇਤਾਂ ਕੀਤੀਆਂ ਗਈਆਂ ਸਨ, ਪਰ ਕੋਈ ਕਾਰਵਾਈ ਨਹੀਂ ਹੋਈ। ਸਥਾਨਕ ਵਪਾਰੀ ਪਰਦੁਮਨ ਸਿੰਘ ਨੇ ਦੱਸਿਆ ਕਿ ਇਹ ਕੁੱਤੇ ਪਹਿਲਾਂ ਵੀ ਕਈ ਲੋਕਾਂ ਨੂੰ ਨਿਸ਼ਾਨਾ ਬਣਾ ਚੁੱਕੇ ਹਨ। 

ਸ਼ਹਿਰ ਵਾਸੀਆਂ ਨੇ ਮੰਗ ਕੀਤੀ ਹੈ ਕਿ ਅਵਾਰਾ ਕੁੱਤਿਆਂ ਦੀ ਵਧ ਰਹੀ ਸਮੱਸਿਆ ਦਾ ਤੁਰੰਤ ਸਥਾਈ ਹੱਲ ਕੱਢਿਆ ਜਾਵੇ ਅਤੇ ਇਸ ਮਾਮਲੇ ਵਿੱਚ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਕਾਰਵਾਈ ਹੁੰਦੀ, ਤਾਂ ਅੱਜ ਇੱਕ ਮਾਸੂਮ ਜਾਨ ਬਚਾਈ ਜਾ ਸਕਦੀ ਸੀ।