ਪੰਜਾਬ 'ਚ ਭਾਰੀ ਮੀਂਹ ਦਾ ਅਲਰਟ: ਚੰਡੀਗੜ੍ਹ 'ਚ ਡਿੱਗੇ ਦਰੱਖਤ, ਹਿਮਾਚਲ ਦੇ ਸਿਰਮੌਰ 'ਚ ਸਕੂਲ-ਕਾਲਜ ਬੰਦ

ਚੰਡੀਗੜ੍ਹ ਅਤੇ ਮੋਹਾਲੀ ਸਮੇਤ ਪੰਜਾਬ ਦੇ ਕਈ ਹਿੱਸਿਆਂ ਵਿੱਚ ਦੇਰ ਰਾਤ ਤੋਂ ਹੋ ਰਹੀ ਭਾਰੀ ਬਾਰਿਸ਼ ਨੇ ਜਿੱਥੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਦਿੱਤੀ ਹੈ, ਉੱਥੇ ਹੀ ਆਮ ਜਨ-ਜੀਵਨ ਨੂੰ ਵੀ ਪ੍ਰਭਾਵਿਤ ਕੀਤਾ ਹੈ। ਚੰਡੀਗੜ੍ਹ ਦੇ ਸੈਕਟਰ 39 ਵਿੱਚ ਭਾਰੀ ਬਾਰਿਸ਼ ਅਤੇ ਤੇਜ਼ ਹਵਾਵਾਂ ਕਾਰਨ ਦਰੱਖਤ ਡਿੱਗਣ ਨਾਲ ਸੜਕ ਬੰਦ ਹੋ ਗਈ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।
ਚੰਡੀਗੜ੍ਹ : ਚੰਡੀਗੜ੍ਹ ਅਤੇ ਮੋਹਾਲੀ ਸਮੇਤ ਪੰਜਾਬ ਦੇ ਕਈ ਹਿੱਸਿਆਂ ਵਿੱਚ ਦੇਰ ਰਾਤ ਤੋਂ ਹੋ ਰਹੀ ਭਾਰੀ ਬਾਰਿਸ਼ ਨੇ ਜਿੱਥੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਦਿੱਤੀ ਹੈ, ਉੱਥੇ ਹੀ ਆਮ ਜਨ-ਜੀਵਨ ਨੂੰ ਵੀ ਪ੍ਰਭਾਵਿਤ ਕੀਤਾ ਹੈ। ਚੰਡੀਗੜ੍ਹ ਦੇ ਸੈਕਟਰ 39 ਵਿੱਚ ਭਾਰੀ ਬਾਰਿਸ਼ ਅਤੇ ਤੇਜ਼ ਹਵਾਵਾਂ ਕਾਰਨ ਦਰੱਖਤ ਡਿੱਗਣ ਨਾਲ ਸੜਕ ਬੰਦ ਹੋ ਗਈ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।

ਹਿਮਾਚਲ 'ਚ ਭਾਰੀ ਮੀਂਹ ਕਾਰਨ ਛੁੱਟੀ ਦਾ ਐਲਾਨ
ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਭਾਰੀ ਬਾਰਿਸ਼ ਤੋਂ ਬਾਅਦ ਪੈਦਾ ਹੋਏ ਹਾਲਾਤ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਅੱਜ (ਸ਼ੁੱਕਰਵਾਰ) ਸਾਰੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਸਿਰਮੌਰ ਦੇ ਕਾਲਾਅੰਬ ਇਲਾਕੇ ਵਿੱਚ ਬਾਰਿਸ਼ ਦਾ ਪਾਣੀ ਲੋਕਾਂ ਦੇ ਘਰਾਂ ਵਿੱਚ ਵੜ ਗਿਆ ਹੈ, ਜਿਸ ਕਾਰਨ ਨੁਕਸਾਨ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।

ਪੰਜਾਬ ਦੇ ਇਨ੍ਹਾਂ 7 ਜ਼ਿਲ੍ਹਿਆਂ 'ਚ ਅਲਰਟ
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਅੱਜ ਪੰਜਾਬ ਦੇ ਪਟਿਆਲਾ, ਫਤਹਿਗੜ੍ਹ ਸਾਹਿਬ, ਰੂਪਨਗਰ (ਰੋਪੜ), ਸ਼ਹੀਦ ਭਗਤ ਸਿੰਘ ਨਗਰ (ਨਵਾਸ਼ਹਿਰ), ਲੁਧਿਆਣਾ ਅਤੇ ਹੋਸ਼ਿਆਰਪੁਰ ਵਿੱਚ ਦਰਮਿਆਨੇ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਦੌਰਾਨ ਚੰਡੀਗੜ੍ਹ ਵਿੱਚ ਸਭ ਤੋਂ ਵੱਧ 34 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ, ਜਦਕਿ ਮੋਹਾਲੀ ਵਿੱਚ 21 ਮਿਲੀਮੀਟਰ ਅਤੇ ਪਟਿਆਲਾ ਵਿੱਚ 9.9 ਮਿਲੀਮੀਟਰ ਬਾਰਿਸ਼ ਰਿਕਾਰਡ ਹੋਈ। 

13 ਜੁਲਾਈ ਤੋਂ ਫਿਰ ਵਧੇਗੀ ਗਰਮੀ
ਮੌਸਮ ਵਿਭਾਗ ਅਨੁਸਾਰ, 13 ਜੁਲਾਈ ਤੋਂ ਮਾਨਸੂਨ ਕਮਜ਼ੋਰ ਪੈਣ ਦੇ ਸੰਕੇਤ ਹਨ। ਮਾਨਸੂਨ ਦੀ ਟਰੱਫ ਰੇਖਾ ਹਿਮਾਲਿਆ ਦੀ ਤਰਾਈ ਵੱਲ ਖਿਸਕਣ ਕਾਰਨ ਉੱਤਰ-ਪੱਛਮੀ ਦਿਸ਼ਾ ਤੋਂ ਖੁਸ਼ਕ ਹਵਾਵਾਂ ਚੱਲਣਗੀਆਂ, ਜਿਸ ਨਾਲ ਨਮੀ ਘੱਟ ਜਾਵੇਗੀ ਅਤੇ ਮੌਸਮ ਫਿਰ ਤੋਂ ਖੁਸ਼ਕ ਹੋ ਜਾਵੇਗਾ। ਇਸ ਦੇ ਨਾਲ ਹੀ ਤਾਪਮਾਨ ਵਿੱਚ ਮੁੜ ਵਾਧਾ ਹੋਣ ਦੇ ਆਸਾਰ ਹਨ। ਪਿਛਲੇ 24 ਘੰਟਿਆਂ ਵਿੱਚ ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 42.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।