ਪੰਜਾਬ 'ਚ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ! ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ

ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਕਪੂਰਥਲਾ, ਤਰਨਤਾਰਨ, ਫਿਰੋਜ਼ਪੁਰ, ਹੁਸ਼ਿਆਰਪੁਰ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਦੇ ਪਿੰਡ ਹੜ੍ਹਾਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ।

ਪੰਜਾਬ ਵਿੱਚ ਮੌਸਮ ਤਬਾਹੀ ਮਚਾ ਰਿਹਾ ਹੈ। ਬਾਰਿਸ਼ ਲਗਾਤਾਰ ਜਾਰੀ ਹੈ। ਦਰਿਆਵਾਂ ਦੇ ਪਾਣੀ ਦਾ ਪੱਧਰ ਵਧ ਰਿਹਾ ਹੈ। ਜਿਸ ਕਾਰਨ ਸੂਬੇ ਦੇ ਕਈ ਹਿੱਸੇ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹਨ। ਜਿਸ ਕਾਰਨ ਜਨਜੀਵਨ ਵੀ ਠੱਪ ਹੋ ਗਿਆ ਹੈ। ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਅਤੇ ਬਚਾਅ ਕਾਰਜ ਚੱਲ ਰਹੇ ਹਨ। ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਿਆ ਜਾ ਰਿਹਾ ਹੈ। ਹਾਲਾਂਕਿ, ਪੰਜਾਬ ਨੂੰ ਅਜੇ ਤੱਕ ਭਿਆਨਕ ਬਾਰਿਸ਼ ਤੋਂ ਰਾਹਤ ਨਹੀਂ ਮਿਲੀ ਹੈ। ਮੌਸਮ ਵਿਭਾਗ ਨੇ ਅੱਜ ਵੀ ਸੂਬੇ ਦੇ ਕਈ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਲਈ ਰੈੱਡ ਅਲਰਟ ਜਾਰੀ ਕੀਤਾ ਹੈ।ਮੌਸਮ ਵਿਭਾਗ ਨੇ ਅਗਲੇ ਤਿੰਨ ਘੰਟਿਆਂ ਵਿਚ ਪੰਜਾਬ ਦੇ ਪਟਿਆਲਾ, ਸੰਗਰੂਰ, ਮੋਹਾਲੀ, ਚੰਡੀਗੜ੍ਹ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਹਰਿਆਣਾ ਦੇ ਅੰਬਾਲਾ, ਕੈਥਲ, ਕੁਰੂਕਸ਼ੇਤਰ, ਪੰਚਕੂਲਾ ਅਤੇ ਯਮੁਨਾਨਗਰ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ।

ਪਿਛਲੇ 24 ਘੰਟਿਆਂ ਵਿੱਚ ਪੰਜਾਬ, ਹਿਮਾਚਲ, ਉੱਤਰਾਖੰਡ, ਪੱਛਮੀ ਰਾਜਸਥਾਨ ਅਤੇ ਤੇਲੰਗਾਨਾ ਦੇ ਕੁਝ ਹਿੱਸਿਆਂ ਵਿੱਚ 21 ਸੈਂਟੀਮੀਟਰ ਤੋਂ ਵੱਧ ਬਾਰਿਸ਼ ਦਰਜ ਕੀਤੀ ਗਈ ਹੈ। ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼ ਅਤੇ ਪੂਰਬੀ ਰਾਜਸਥਾਨ ਵਿੱਚ ਵੀ ਬਹੁਤ ਭਾਰੀ ਬਾਰਿਸ਼ (12-20 ਸੈਂਟੀਮੀਟਰ) ਹੋਈ। ਹਰਿਆਣਾ ਵਿੱਚ ਭਾਰੀ ਮੀਂਹ ਕਾਰਨ ਯਮੁਨਾ ਖ਼ਤਰੇ ਦੇ ਪੱਧਰ ਤੋਂ ਉੱਪਰ ਵਹਿ ਰਹੀ ਹੈ, ਹੁਣ ਦਿੱਲੀ ਵਿੱਚ ਹੜ੍ਹ ਆਉਣ ਦੀ ਸੰਭਾਵਨਾ ਵੀ ਵੱਧ ਗਈ ਹੈ। ਐਨਸੀਆਰ ਤੋਂ ਇਲਾਵਾ ਹਿਮਾਚਲ, ਉਤਰਾਖੰਡ, ਜੰਮੂ-ਕਸ਼ਮੀਰ, ਰਾਜਸਥਾਨ, ਮੀਂਹ ਪ੍ਰਭਾਵਿਤ ਇਲਾਕਿਆਂ ਵਿੱਚ ਅਗਲੇ ਹੁਕਮਾਂ ਤੱਕ ਸਕੂਲ ਬੰਦ ਕਰ ਦਿੱਤੇ ਗਏ ਹਨ।

ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਕਪੂਰਥਲਾ, ਤਰਨਤਾਰਨ, ਫਿਰੋਜ਼ਪੁਰ, ਹੁਸ਼ਿਆਰਪੁਰ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਦੇ ਪਿੰਡ ਹੜ੍ਹਾਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ (ਐਨਡੀਆਰਐਫ), ਫੌਜ, ਸੀਮਾ ਸੁਰੱਖਿਆ ਬਲ (ਬੀਐਸਐਫ), ਪੰਜਾਬ ਪੁਲਸ ਅਤੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ। ਹਰਿਆਣਾ ਦੇ ਕੁਝ ਹਿੱਸਿਆਂ, ਜਿਨ੍ਹਾਂ ਵਿੱਚ ਅੰਬਾਲਾ, ਨਾਰਨੌਲ, ਰੋਹਤਕ, ਪਲਵਲ, ਪੰਚਕੂਲਾ, ਸਿਰਸਾ ਅਤੇ ਯਮੁਨਾਨਗਰ ਸ਼ਾਮਲ ਹਨ, ਵਿੱਚ ਮੀਂਹ ਪਿਆ। ਮੌਸਮ ਵਿਭਾਗ ਨੇ ਸੋਮਵਾਰ ਅਤੇ ਮੰਗਲਵਾਰ ਨੂੰ ਹਰਿਆਣਾ ਵਿੱਚ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਅਤੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।