ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ

16 ਅਗਸਤ ਨੂੰ ਸੂਬੇ ਭਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਖਾਸ ਕਰਕੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਇਲਾਕਿਆਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਤੇਜ਼ ਹੋ ਸਕਦੀਆਂ ਹਨ।


ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। 16 ਅਗਸਤ ਨੂੰ ਸੂਬੇ ਭਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਖਾਸ ਕਰਕੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਇਲਾਕਿਆਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਤੇਜ਼ ਹੋ ਸਕਦੀਆਂ ਹਨ। ਇਸ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹਾਂ ਦਾ ਖ਼ਤਰਾ ਵੱਧ ਗਿਆ ਹੈ।

ਇਸ ਦੇ ਨਾਲ ਹੀ ਕਪੂਰਥਲਾ, ਤਰਨਤਾਰਨ, ਜਲੰਧਰ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ 'ਚ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਬਾਰੇ ਫਲੈਸ਼ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਇਹ ਅਲਰਟ ਦੁਪਹਿਰ 4 ਵਜੇ ਤੱਕ ਰਹੇਗਾ।ਪੋਂਗ ਡੈਮ ਤੋਂ ਲਗਾਤਾਰ ਪਾਣੀ ਛੱਡਣ ਕਾਰਨ ਬਿਆਸ ਦਰਿਆ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਿਹਾ ਹੈ। ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਵੀ ਵਧ ਗਿਆ ਹੈ, ਜਿਸ ਕਾਰਨ ਗੁਰਦਾਸਪੁਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ 'ਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਸੁਲਤਾਨਪੁਰ ਲੋਧੀ ਅਤੇ ਹੁਸ਼ਿਆਰਪੁਰ ਦੇ ਕਈ ਖੇਤਰ ਇਸ ਸਮੇਂ ਪਾਣੀ 'ਚ ਡੁੱਬੇ ਹੋਏ ਹਨ।

ਮੌਸਮ ਵਿਭਾਗ ਨੇ 14 ਅਤੇ 15 ਅਗਸਤ ਨੂੰ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕਰਦੇ ਹੋਏ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ 'ਚ 16 ਅਗਸਤ ਤੱਕ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਤੋਂ ਬਾਅਦ ਆਉਣ ਵਾਲੇ ਦਿਨ ਖੁਸ਼ਕ ਰਹਿਣ ਵਾਲੇ ਹਨ ਅਤੇ ਤਾਪਮਾਨ 'ਚ ਵਾਧਾ ਦੇਖਿਆ ਜਾ ਸਕਦਾ ਹੈ।