CJP ਦੇ 'ਸੰਸਦ ਮਾਰਚ' ਨੂੰ ਲੈ ਕੇ ਦਿੱਲੀ 'ਚ ਹਾਈ ਅਲਰਟ, 5000 ਸੁਰੱਖਿਆ ਕਰਮੀ ਤਾਇਨਾਤ

ਸੰਸਦ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਅਤੇ 'ਕਾਕਰੋਚ ਜਨਤਾ ਪਾਰਟੀ' (CJP) ਵੱਲੋਂ ਦਿੱਤੇ ਗਏ 'ਚਲੋ ਸੰਸਦ' ਮਾਰਚ ਦੇ ਸੱਦੇ ਕਾਰਨ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਪ੍ਰਸ਼ਾਸਨ ਨੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੂਰੀ ਦਿੱਲੀ ਨੂੰ ਹਾਈ ਅਲਰਟ 'ਤੇ ਰੱਖਿਆ ਹੈ।
ਨਵੀਂ ਦਿੱਲੀ : ਸੰਸਦ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਅਤੇ 'ਕਾਕਰੋਚ ਜਨਤਾ ਪਾਰਟੀ' (CJP) ਵੱਲੋਂ ਦਿੱਤੇ ਗਏ 'ਚਲੋ ਸੰਸਦ' ਮਾਰਚ ਦੇ ਸੱਦੇ ਕਾਰਨ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਪ੍ਰਸ਼ਾਸਨ ਨੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੂਰੀ ਦਿੱਲੀ ਨੂੰ ਹਾਈ ਅਲਰਟ 'ਤੇ ਰੱਖਿਆ ਹੈ। 

ਚੱਪੇ-ਚੱਪੇ 'ਤੇ ਤਾਇਨਾਤ ਸੁਰੱਖਿਆ ਬਲ
ਦਿੱਲੀ ਪੁਲਿਸ ਨੇ ਸੁਰੱਖਿਆ ਨੂੰ ਮੁੱਖ ਰੱਖਦਿਆਂ 5000 ਤੋਂ ਵੱਧ ਪੁਲਿਸ ਅਤੇ ਪੈਰਾ-ਮਿਲਟਰੀ ਫੋਰਸਾਂ ਦੇ ਜਵਾਨ ਤਾਇਨਾਤ ਕੀਤੇ ਹਨ। ਨਵੀਂ ਦਿੱਲੀ ਜ਼ਿਲ੍ਹੇ ਨੂੰ 15 ਸੁਰੱਖਿਆ ਜ਼ੋਨਾਂ ਵਿੱਚ ਵੰਡਿਆ ਗਿਆ ਹੈ ਅਤੇ ਸੰਸਦ ਭਵਨ, ਇੰਡੀਆ ਗੇਟ ਅਤੇ ਹੋਰ ਵੀ.ਵੀ.ਆਈ.ਪੀ. ਇਲਾਕਿਆਂ ਦੀ ਨਿਗਰਾਨੀ ਵਧਾ ਦਿੱਤੀ ਗਈ ਹੈ। ਲੁਟੀਅਨਜ਼ ਦਿੱਲੀ ਦੇ ਕਈ ਐਂਟਰੀ ਪੁਆਇੰਟਾਂ 'ਤੇ ਕਈ ਪਰਤਾਂ ਵਾਲੀ ਬੈਰੀਕੇਡਿੰਗ ਕੀਤੀ ਗਈ ਹੈ ਅਤੇ ਸੀਸੀਟੀਵੀ (CCTV) ਰਾਹੀਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

ਧਾਰਾ 163 ਲਾਗੂ ਅਤੇ ਪੁਲਿਸ ਦੀ ਚਿਤਾਵਨੀ
ਪੁਲਿਸ ਨੇ ਨਵੀਂ ਦਿੱਲੀ ਜ਼ਿਲ੍ਹੇ ਵਿੱਚ BNSS ਦੀ ਧਾਰਾ 163 (ਪੁਰਾਣੀ ਧਾਰਾ 144) ਤਹਿਤ ਨਿਸ਼ੇਧਾਗਿਆ ਲਾਗੂ ਕਰ ਦਿੱਤੀ ਹੈ, ਜਿਸ ਕਾਰਨ ਜੰਤਰ-ਮੰਤਰ ਦੇ ਨਿਰਧਾਰਿਤ ਸਥਾਨ ਤੋਂ ਇਲਾਵਾ ਕਿਤੇ ਵੀ ਪੰਜ ਜਾਂ ਇਸ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ 'ਤੇ ਸਖ਼ਤ ਪਾਬੰਦੀ ਹੈ। ਡਿਪਟੀ ਕਮਿਸ਼ਨਰ ਆਫ ਪੁਲਿਸ (DCP) ਸਚਿਨ ਸ਼ਰਮਾ ਨੇ ਸਪੱਸ਼ਟ ਕੀਤਾ ਹੈ ਕਿ ਇਸ ਮਾਰਚ ਲਈ ਕੋਈ ਵੀ ਇਜਾਜ਼ਤ ਨਹੀਂ ਮੰਗੀ ਗਈ ਅਤੇ ਨਾ ਹੀ ਕਿਸੇ ਕਿਸਮ ਦੀ ਪ੍ਰਵਾਨਗੀ ਦਿੱਤੀ ਗਈ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਗੈਰ-ਕਾਨੂੰਨੀ ਜਲੂਸ ਵਿੱਚ ਸ਼ਾਮਲ ਨਾ ਹੋਣ।

ਨੀਟ (NEET) ਤੇ ਸੋਨਮ ਵਾਂਗਚੁਕ ਨਾਲ ਜੁੜਿਆ ਮਾਮਲਾ
CJP ਵੱਲੋਂ ਇਹ ਮਾਰਚ ਨੀਟ ਪ੍ਰੀਖਿਆਵਾਂ ਵਿੱਚ ਹੋਈਆਂ ਕਥਿਤ ਬੇਨਿਯਮੀਆਂ ਦੇ ਵਿਰੋਧ ਵਿੱਚ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਕੱਢਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ, ਜਿਨ੍ਹਾਂ ਨੂੰ ਸ਼ਨੀਵਾਰ ਜੰਤਰ-ਮੰਤਰ ਤੋਂ ਹਟਾ ਕੇ ਹਸਪਤਾਲ ਲਿਜਾਇਆ ਗਿਆ ਸੀ, ਨੇ ਵੀ ਹਸਪਤਾਲ ਤੋਂ ਇੱਕ ਸੰਦੇਸ਼ ਜਾਰੀ ਕਰਕੇ ਆਪਣੇ ਸਮਰਥਕਾਂ ਨੂੰ 20 ਜੁਲਾਈ ਦੇ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ CJP ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਵੀ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।

ਟ੍ਰੈਫਿਕ ਐਡਵਾਈਜ਼ਰੀ ਜਾਰੀ
ਸੁਰੱਖਿਆ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਵਿਸ਼ੇਸ਼ ਟ੍ਰੈਫਿਕ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਨਵੀਂ ਦਿੱਲੀ, ਸੈਂਟਰਲ ਦਿੱਲੀ ਅਤੇ ਨੌਰਥ ਦਿੱਲੀ ਦੇ ਕਈ ਹਿੱਸਿਆਂ ਵਿੱਚ ਵਾਹਨਾਂ ਦੀ ਸਖ਼ਤ ਚੈਕਿੰਗ ਕੀਤੀ ਜਾ ਰਹੀ ਹੈ, ਜਿਸ ਕਾਰਨ ਆਮ ਜਨਤਾ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਟ੍ਰੈਫਿਕ ਨਿਯਮਾਂ ਅਤੇ ਪਾਬੰਦੀਆਂ ਦਾ ਧਿਆਨ ਰੱਖਣ ਦੀ ਸਲਾਹ ਦਿੱਤੀ ਗਈ ਹੈ।