ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, 3 ਅਗਸਤ ਤੋਂ ਮਾਨਸੂਨ ਸੈਸ਼ਨ ਸ਼ੁਰੂ ਹੋਣ ਦੀ ਸੰਭਾਵਨਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਬੈਠਕ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਹੋਵੇਗੀ, ਜਿਸ ਵਿੱਚ ਸੂਬੇ ਦੇ ਕਈ ਅਹਿਮ ਮੁੱਦਿਆਂ 'ਤੇ ਚਰਚਾ ਕਰਕੇ ਫੈਸਲੇ ਲਏ ਜਾਣਗੇ।
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਬੈਠਕ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਹੋਵੇਗੀ, ਜਿਸ ਵਿੱਚ ਸੂਬੇ ਦੇ ਕਈ ਅਹਿਮ ਮੁੱਦਿਆਂ 'ਤੇ ਚਰਚਾ ਕਰਕੇ ਫੈਸਲੇ ਲਏ ਜਾਣਗੇ।

ਮਾਨਸੂਨ ਸੈਸ਼ਨ ਦੀਆਂ ਤਰੀਕਾਂ 'ਤੇ ਲੱਗੇਗੀ ਮੋਹਰ
ਇਸ ਮੀਟਿੰਗ ਦਾ ਮੁੱਖ ਏਜੰਡਾ ਪੰਜਾਬ ਵਿਧਾਨ ਸਭਾ ਦੇ ਆਗਾਮੀ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਨੂੰ ਪ੍ਰਵਾਨਗੀ ਦੇਣਾ ਹੈ। ਸੂਤਰਾਂ ਅਨੁਸਾਰ, ਮਾਨਸੂਨ ਸੈਸ਼ਨ 3 ਅਗਸਤ ਤੋਂ ਸ਼ੁਰੂ ਹੋ ਕੇ 10 ਅਗਸਤ ਤੱਕ ਚੱਲਣ ਦੀ ਸੰਭਾਵਨਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੌਜੂਦਾ ਕਾਰਜਕਾਲ ਦਾ ਇਹ ਆਖਰੀ ਮਾਨਸੂਨ ਸੈਸ਼ਨ ਹੋਵੇਗਾ। ਪੰਜਾਬ ਅਤੇ ਹਰਿਆਣਾ ਵਿਧਾਨ ਸਭਾ ਇੱਕੋ ਇਮਾਰਤ ਵਿੱਚ ਹੋਣ ਕਾਰਨ, ਸੁਰੱਖਿਆ ਅਤੇ ਪ੍ਰਬੰਧਕੀ ਕਾਰਨਾਂ ਕਰਕੇ ਪੰਜਾਬ ਦਾ ਸੈਸ਼ਨ ਅਗਸਤ ਵਿੱਚ ਰੱਖਿਆ ਜਾ ਰਿਹਾ ਹੈ, ਕਿਉਂਕਿ ਹਰਿਆਣਾ ਵੀ ਜੁਲਾਈ ਦੇ ਅੰਤ ਵਿੱਚ ਆਪਣੇ ਸੈਸ਼ਨ ਦਾ ਐਲਾਨ ਕਰੇਗਾ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਹੋਵੇਗੀ ਪਾਲਣਾ
ਵਿਧਾਨ ਸਭਾ ਸੈਸ਼ਨ ਦੌਰਾਨ 'ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ-2026' ਵਿੱਚ ਮਹੱਤਵਪੂਰਨ ਸੋਧ ਲਿਆਉਣ ਦਾ ਏਜੰਡਾ ਲਗਭਗ ਤੈਅ ਹੈ। ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ 29 ਜੂਨ ਨੂੰ ਸਰਕਾਰ ਨੂੰ ਨਿਰਦੇਸ਼ ਦਿੱਤੇ ਸਨ ਕਿ ਇੱਕ ਮਹੀਨੇ ਦੇ ਅੰਦਰ ਇਸ ਕਾਨੂੰਨ ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਜਾਣ। ਸਰਕਾਰ ਇਸ ਸੋਧ ਨੂੰ ਵਿਧਾਨ ਸਭਾ ਵਿੱਚ ਪੇਸ਼ ਕਰਨ ਦੀ ਤਿਆਰੀ ਕਰ ਰਹੀ ਹੈ।

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਹਿਮ ਫੈਸਲੇ
ਆਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਇਸ ਕੈਬਨਿਟ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਖ-ਵੱਖ ਹਲਕਿਆਂ ਦੇ ਦੌਰਿਆਂ ਦੌਰਾਨ ਜਨਤਾ ਤੋਂ ਮਿਲੇ ਫੀਡਬੈਕ ਦੇ ਆਧਾਰ 'ਤੇ ਸਰਕਾਰ ਕਈ ਲੋਕ-ਭਲਾਈ ਫੈਸਲੇ ਲੈ ਸਕਦੀ ਹੈ। ਇਨ੍ਹਾਂ ਵਿੱਚ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨਾਲ ਸਬੰਧਤ ਆਰਡੀਨੈਂਸ ਨੂੰ ਕਾਨੂੰਨੀ ਰੂਪ ਦੇਣਾ ਅਤੇ ਹੋਰ ਪ੍ਰਸ਼ਾਸਨਿਕ ਨਿਯੁਕਤੀਆਂ ਵਰਗੇ ਮੁੱਦੇ ਸ਼ਾਮਲ ਹੋ ਸਕਦੇ ਹਨ।

ਪਿਛਲੀ ਮੀਟਿੰਗ ਵਿੱਚ ਵੀ ਸਰਕਾਰ ਨੇ ਹੋਸ਼ਿਆਰਪੁਰ ਵਿੱਚ ਵਾਧੂ ਡਿਪਟੀ ਕਮਿਸ਼ਨਰਾਂ (ADC) ਦੀ ਨਿਯੁਕਤੀ ਵਰਗੇ ਅਹਿਮ ਫੈਸਲੇ ਲਏ ਸਨ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਅੱਜ ਦੀ ਬੈਠਕ ਵਿੱਚ ਵੀ ਜਨਹਿਤ ਨਾਲ ਜੁੜੇ ਕਈ ਵੱਡੇ ਐਲਾਨ ਹੋ ਸਕਦੇ ਹਨ।