ਜਲੰਧਰ ਬੱਸ ਸਟੈਂਡ ਬੰਦ: ਰੋਡਵੇਜ਼ ਕਰਮਚਾਰੀਆਂ ਨੇ ਦਿੱਤਾ ਧਰਨਾ, ਯਾਤਰੀਆਂ ਨੂੰ ਕਰਨਾ ਪੈ ਰਿਹਾ ਹੈ ਮੁਸ਼ਕਲਾਂ ਦਾ ਸਾਹਮਣਾ

ਰੋਡਵੇਜ਼ ਕਰਮਚਾਰੀਆਂ ਨੇ ਜਲੰਧਰ ਬੱਸ ਸਟੈਂਡ ਨੂੰ ਬੰਦ ਕਰ ਦਿੱਤਾ ਹੈ, ਜਿਸ ਕਾਰਨ ਸਰਕਾਰੀ ਬੱਸਾਂ ਨਹੀਂ ਚੱਲ ਰਹੀਆਂ ਹਨ। ਦੇਰ ਰਾਤ ਪੁਲਿਸ ਵੱਲੋਂ ਯੂਨੀਅਨ ਦੇ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ
ਪੰਜਾਬ ਰੋਡਵੇਜ਼ ਦੇ ਕਰਮਚਾਰੀਆਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰਨ ਤੋਂ ਬਾਅਦ ਜਲੰਧਰ ਇੰਟਰ ਸਟੇਟ ਬੱਸ ਸਟੈਂਡ ਨੂੰ ਬੰਦ ਕਰ ਦਿੱਤਾ ਗਿਆ ਹੈ। ਕਰਮਚਾਰੀ ਕਿਲੋਮੀਟਰ ਸਕੀਮ ਦੇ ਟੈਂਡਰ ਨੂੰ ਰੱਦ ਨਾ ਕੀਤੇ ਜਾਣ ਤੋਂ ਨਾਰਾਜ਼ ਹਨ। ਇਸ ਦੇ ਨਾਲ ਹੀ, ਉਹ ਕੱਚੇ ਮੁਲਾਜ਼ਮ ਯੂਨੀਅਨ ਦੇ ਆਗੂਆਂ ਨੂੰ ਚੰਡੀਗੜ੍ਹ ਵਿੱਚ ਗ੍ਰਿਫ਼ਤਾਰ ਕਰਨ ਦੇ ਵਿਰੋਧ ਵਿੱਚ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ।

ਰੋਡਵੇਜ਼ ਕਰਮਚਾਰੀਆਂ ਨੇ ਜਲੰਧਰ ਬੱਸ ਸਟੈਂਡ ਨੂੰ ਬੰਦ ਕਰ ਦਿੱਤਾ ਹੈ, ਜਿਸ ਕਾਰਨ ਸਰਕਾਰੀ ਬੱਸਾਂ ਨਹੀਂ ਚੱਲ ਰਹੀਆਂ ਹਨ। ਦੇਰ ਰਾਤ ਪੁਲਿਸ ਵੱਲੋਂ ਯੂਨੀਅਨ ਦੇ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ, ਜਿਸ ਤੋਂ ਬਾਅਦ ਕਰਮਚਾਰੀਆਂ ਵਿੱਚ ਨਾਰਾਜ਼ਗੀ ਫੈਲ ਗਈ।
ਕਰਮਚਾਰੀਆਂ ਦੀ ਨਾਰਾਜ਼ਗੀ ਕਾਰਨ ਹੀ ਪੰਜਾਬ ਰੋਡਵੇਜ਼ ਦੇ ਕਰਮਚਾਰੀਆਂ ਨੇ ਬੱਸ ਸਟੈਂਡ ਬੰਦ ਕਰਨ ਦਾ ਫੈਸਲਾ ਕੀਤਾ।ਫਿਲਹਾਲ ਪ੍ਰਾਈਵੇਟ ਬੱਸਾਂ ਦੀ ਐਂਟਰੀ ਵੀ ਬੱਸ ਸਟੈਂਡ ਵਿੱਚ ਬੰਦ ਕਰ ਦਿੱਤੀ ਗਈ ਹੈ।

ਪੰਜਾਬ ਰੋਡਵੇਜ਼ ਦੇ ਕਰਮਚਾਰੀ ਸੁਖਦੇਵ ਸਿੰਘ ਨੇ ਦੱਸਿਆ ਕਿ ਬੀਤੀ ਰਾਤ 3-4 ਵਜੇ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਜਾ ਕੇ ਗ੍ਰਿਫ਼ਤਾਰ ਕਰਨਾ ਨਿੰਦਣਯੋਗ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਜੋ ਆਗੂ ਘਰ 'ਤੇ ਮੌਜੂਦ ਨਹੀਂ ਸਨ, ਉਨ੍ਹਾਂ ਦੇ ਘਰਾਂ ਦੀ ਵੀ ਪੁਲਸ ਨੇ ਬੱਚਿਆਂ ਦੀ ਮੌਜੂਦਗੀ ਦੇ ਬਾਵਜੂਦ ਤਲਾਸ਼ੀ ਲਈ, ਜੋ ਕਿ ਬਿਲਕੁਲ ਅਣਉਚਿਤ ਹੈ। ਸੁਖਦੇਵ ਸਿੰਘ ਨੇ ਸਪੱਸ਼ਟ ਕੀਤਾ ਕਿ ਇਸ ਕਾਰਵਾਈ ਦੇ ਵਿਰੋਧ ਵਿੱਚ ਸੈਂਟਰਲ ਬਾਡੀ ਵੱਲੋਂ ਉਨ੍ਹਾਂ ਨੂੰ ਪੂਰੇ ਪੰਜਾਬ ਦੇ ਸਾਰੇ ਬੱਸ ਸਟੈਂਡ ਬੰਦ ਕਰਨ ਦਾ ਆਦੇਸ਼ ਮਿਲਿਆ ਹੈ।

ਬੱਸ ਸਟੈਂਡ ਬੰਦ ਹੋਣ ਕਾਰਨ ਸਵੇਰੇ ਨੌਕਰੀਪੇਸ਼ਾ ਲੋਕਾਂ ਅਤੇ ਯਾਤਰੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਕਰਨ ਵਾਲੀਆਂ ਔਰਤਾਂ ਨੂੰ ਵੀ ਪ੍ਰਾਈਵੇਟ ਬੱਸਾਂ ਦਾ ਸਹਾਰਾ ਲੈਣਾ ਪਿਆ। ਰੋਡਵੇਜ਼ ਕਰਮਚਾਰੀਆਂ ਨੇ ਕਿਹਾ ਹੈ ਕਿ ਜਿਹੜੀਆਂ ਬੱਸਾਂ ਸਟੈਂਡ ਦੇ ਅੰਦਰ ਖੜ੍ਹੀਆਂ ਹਨ, ਉਹ ਅੰਦਰ ਹੀ ਰਹਿਣਗੀਆਂ ਅਤੇ ਜਿਹੜੀਆਂ ਬਾਹਰ ਹਨ, ਉਹ ਬਾਹਰ ਹੀ ਰਹਿਣਗੀਆਂ। ਇਹ ਹੜਤਾਲ ਤਦ ਤੱਕ ਜਾਰੀ ਰਹੇਗੀ ਜਦੋਂ ਤੱਕ ਆਗੂਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ। ਉਨ੍ਹਾਂ ਨੇ ਕਿਹਾ ਕਿ ਅਗਲੀ ਰਣਨੀਤੀ ਬਾਰੇ ਸੈਂਟਰਲ ਬਾਡੀ ਤੋਂ ਜੋ ਵੀ ਆਦੇਸ਼ ਆਉਣਗੇ, ਉਨ੍ਹਾਂ 'ਤੇ ਅਮਲ ਕੀਤਾ ਜਾਵੇਗਾ।