ਜਲੰਧਰ ਕਾਂਡ: ਨਾਬਾਲਗ ਲੜਕੀ ਦੇ ਕਤਲ ਦੇ ਦੋਸ਼ੀ ਰਿੰਪੀ ਨੂੰ 9 ਦਿਨਾਂ ਦਾ ਪੁਲਸ ਰਿਮਾਂਡ

ਪੁਲਸ ਦੀ ਸਖ਼ਤ ਜਾਂਚ ਜਾਰੀ; ASI ਮੰਗਤ ਰਾਮ ਦੀ ਬਰਖਾਸਤਗੀ 'ਤੇ ਵੀ ਵਿਚਾਰ
ਜਲੰਧਰ ਪੱਛਮੀ ਇਲਾਕੇ ਵਿੱਚ 13 ਸਾਲਾ ਨਾਬਾਲਗ ਲੜਕੀ ਦੇ ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਇੱਕ ਅਦਾਲਤ ਨੇ ਮੰਗਲਵਾਰ ਨੂੰ ਮੁੱਖ ਦੋਸ਼ੀ ਹਰਮਿੰਦਰ ਸਿੰਘ ਉਰਫ਼ ਰਿੰਪੀ ਨੂੰ 9 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਦੋਸ਼ੀ ਰਿੰਪੀ 'ਤੇ ਪੀੜਤ ਲੜਕੀ ਦੇ ਕਤਲ ਦੇ ਨਾਲ-ਨਾਲ ਪੋਕਸੋ ਐਕਟ ਤਹਿਤ ਵੀ ਦੋਸ਼ ਲਗਾਏ ਗਏ ਹਨ।

ਏਡੀਸੀਪੀ-2 ਹਰਿੰਦਰ ਸਿੰਘ ਗਿੱਲ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਸ ਨੇ ਅਦਾਲਤ ਤੋਂ 10 ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ 9 ਦਿਨਾਂ ਦਾ ਰਿਮਾਂਡ ਦਿੱਤਾ ਹੈ। ਏਡੀਸੀਪੀ ਗਿੱਲ ਨੇ ਜਾਣਕਾਰੀ ਦਿੱਤੀ ਕਿ ਪੁਲਸ ਇਸ ਕੇਸ ਵਿੱਚ ਸਖ਼ਤੀ ਨਾਲ ਜਾਂਚ ਕਰੇਗੀ ਅਤੇ ਦੋਸ਼ੀ ਤੋਂ ਪੁੱਛਗਿੱਛ ਕਰੇਗੀ ਕਿ ਉਸ ਨੇ ਇਹ ਅਪਰਾਧ ਕਿਵੇਂ ਕੀਤਾ। ਪੁਲਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ ਕਿ ਉਸਨੇ ਪੀੜਤ ਦਾ ਕਤਲ ਕਿਵੇਂ ਕੀਤਾ ਅਤੇ ਕੀ ਉਸ ਨੇ ਅਪਰਾਧ ਨੂੰ ਅੰਜਾਮ ਦੇਣ ਲਈ ਕਿਸੇ ਚੀਜ਼ ਦੀ ਵਰਤੋਂ ਕੀਤੀ ਸੀ।

ਏਡੀਸੀਪੀ ਹਰਿੰਦਰ ਸਿੰਘ ਗਿੱਲ ਨੇ ਅੱਗੇ ਦੱਸਿਆ ਕਿ ਕੇਸ ਵਿੱਚ ਚਲਾਨ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਹੀ ਕੇਸ ਨੂੰ ਫਾਸਟ-ਟਰੈਕ ਕੀਤਾ ਜਾਵੇਗਾ। ਚਲਾਨ ਦਾਇਰ ਹੋਣ ਤੋਂ ਬਾਅਦ, ਉਹ ਅਦਾਲਤ ਵਿੱਚ ਅਰਜ਼ੀ ਦਾਇਰ ਕਰਨਗੇ ਤਾਂ ਜੋ ਕੇਸ ਦੀ ਸੁਣਵਾਈ ਤੇਜ਼ੀ ਨਾਲ ਹੋ ਸਕੇ। ਇਸ ਮਾਮਲੇ ਵਿੱਚ ਪੀੜਤ ਪਰਿਵਾਰ ਵੱਲੋਂ ਲਾਏ ਗਏ ਦੋਸ਼ਾਂ 'ਤੇ ਕਾਰਵਾਈ ਕਰਦਿਆਂ, ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਸੀ ਕਿ ਉਨ੍ਹਾਂ ਨੇ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰਨ ਵਾਲੇ ਪੁਲਸ ਅਧਿਕਾਰੀ ਖ਼ਿਲਾਫ਼ ਕਾਰਵਾਈ ਕੀਤੀ ਹੈ।

ਏਡੀਸੀਪੀ ਹਰਿੰਦਰ ਸਿੰਘ ਗਿੱਲ ਨੇ ਵੀ ਇਸ ਦੀ ਪੁਸ਼ਟੀ ਕੀਤੀ ਕਿ ਏਐਸਆਈ ਮੰਗਤ ਰਾਮ ਨੂੰ ਫਿਲਹਾਲ ਮੁਅੱਤਲ ਕਰਕੇ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਏਐਸਆਈ ਮੰਗਤ ਰਾਮ ਦੀ ਬਰਖਾਸਤਗੀ 'ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚੇਤਾਵਨੀ ਦਿੱਤੀ ਸੀ ਕਿ ਜੇਕਰ ਪੁਲਸ ਅਧਿਕਾਰੀਆਂ ਨੂੰ ਬਰਖਾਸਤ ਨਾ ਕੀਤਾ ਗਿਆ ਤਾਂ ਉਹ ਸੜਕਾਂ ਜਾਮ ਕਰਨਗੇ ਅਤੇ ਦੁਕਾਨਾਂ ਬੰਦ ਕਰਵਾਉਣਗੇ। ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਵੀ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਨਿਰਪੱਖ ਜਾਂਚ ਦਾ ਭਰੋਸਾ ਦਿੱਤਾ ਸੀ।