ਜਲੰਧਰ ਕਾਂਡ: CM ਮਾਨ ਨੇ ਕਿਹਾ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਦਿੱਤੇ ਸਖ਼ਤ ਹੁਕਮ

ਮੁੱਖ ਮੰਤਰੀ ਨੇ ਪੁਲਸ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਇਸ ਮਾਮਲੇ ਨੂੰ ਫਾਸਟ ਟ੍ਰੈਕ 'ਤੇ ਲਿਆਂਦਾ ਜਾਵੇ। ਉਨ੍ਹਾਂ ਦਾ ਹੁਕਮ ਹੈ ਕਿ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਅਤੇ ਮਿਸਾਲੀ ਸਜ਼ਾ ਦਿੱਤੀ ਜਾਵੇ।
ਜਲੰਧਰ 'ਚ 13 ਸਾਲਾ ਕੁੜੀ ਨਾਲ ਜਬਰ-ਜ਼ਿਨਾਹ ਕਰਕੇ ਕਤਲ ਕਰਨ ਦੀ ਦਿਲ ਦਹਿਲਾ ਦੇਣ ਵਾਲੀ ਘਟਨਾ ਨੇ ਪੰਜਾਬ ਭਰ ਵਿੱਚ ਰੋਸ ਦੀ ਲਹਿਰ ਪੈਦਾ ਕਰ ਦਿੱਤੀ ਹੈ। ਇਸ ਮਾਮਲੇ 'ਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇਸ ਘਟਨਾ ਨੂੰ ਪੂਰੀ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਦੋਸ਼ੀਆਂ ਨੂੰ ਕਾਨੂੰਨ ਤਹਿਤ ਸਭ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ ਦੀ ਸਖ਼ਤ ਨਿੰਦਿਆ ਕਰਦੇ ਹੋਏ ਕਿਹਾ ਕਿ ਇਹ ਦਰਿੰਦਗੀ ਅਤੇ ਹੈਵਾਨੀਅਤ ਦੀ ਹੱਦ ਹੈ, ਜਿਸ ਬਾਰੇ ਅੱਜ ਦੇ ਜਮਾਨੇ ਵਿੱਚ ਕੋਈ ਸੋਚ ਵੀ ਨਹੀਂ ਸਕਦਾ।

ਮੁੱਖ ਮੰਤਰੀ ਨੇ ਪੁਲਸ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਇਸ ਮਾਮਲੇ ਨੂੰ ਫਾਸਟ ਟ੍ਰੈਕ 'ਤੇ ਲਿਆਂਦਾ ਜਾਵੇ। ਉਨ੍ਹਾਂ ਦਾ ਹੁਕਮ ਹੈ ਕਿ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਮਾਮਲੇ ਦੀ FIR ਅਤੇ ਕੇਸ ਨੂੰ ਫਾਸਟ ਟ੍ਰੈਕ 'ਤੇ ਇਸ ਤਰ੍ਹਾਂ ਚਲਾਇਆ ਜਾਵੇ ਕਿ ਜਿੰਨੀ ਦੇਰ ਤੱਕ ਇਹ ਘਟਨਾ ਲੋਕਾਂ ਦੇ ਦਿਮਾਗ ਵਿਚ ਤਾਜ਼ਾ ਹੈ, ਉਨੀ ਦੇਰ 'ਚ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਬਿਆਨ ਉਦੋਂ ਦਿੱਤਾ, ਜਦੋਂ ਉਹ ਪਟਿਆਲਾ ਵਿਖੇ ਜ਼ਰੀਆ ਫਾਊਂਡੇਸ਼ਨ ਦੀ 10ਵੀਂ ਵਰ੍ਹੇਗੰਢ ਮੌਕੇ ਕਰਵਾਏ ਗਏ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਪਹੁੰਚੇ ਸਨ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਅਮੀਰ ਵਿਰਸੇ ਅਤੇ ਸੱਭਿਆਚਾਰ ਦੇ ਰੰਗ ਵੇਖ ਕੇ ਖ਼ੁਸ਼ੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸਰਕਾਰਾਂ ਦਾ ਫ਼ਰਜ਼ ਹੁੰਦਾ ਹੈ ਕਿ ਉਹ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਂਭ ਕੇ ਰੱਖੇ, ਜਿਸ ਲਈ ਪੰਜਾਬ ਸਰਕਾਰ ਵਚਨਬੱਧ ਹੈ।
">