ਜਲੰਧਰ : ਹਸਪਤਾਲ ਜਾ ਰਹੇ ਦੋ ਨੌਜਵਾਨਾਂ 'ਤੇ ਫਾਇਰਿੰਗ, ਇੱਕ ਦੀ ਮੌਤ

ਜਲੰਧਰ ਸ਼ਹਿਰ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਹਸਪਤਾਲ ਜਾ ਰਹੇ ਦੋ ਨੌਜਵਾਨਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਖੂਨੀ ਵਾਰਦਾਤ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ, ਜਦਕਿ ਦੂਜੇ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਜਲੰਧਰ: ਜਲੰਧਰ ਸ਼ਹਿਰ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਹਸਪਤਾਲ ਜਾ ਰਹੇ ਦੋ ਨੌਜਵਾਨਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਖੂਨੀ ਵਾਰਦਾਤ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ, ਜਦਕਿ ਦੂਜੇ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਪੁਲਸ ਦੀ ਮੁੱਢਲੀ ਜਾਂਚ ਅਨੁਸਾਰ, ਮ੍ਰਿਤਕ ਨੌਜਵਾਨ ਦੇ ਪੇਟ ਵਿੱਚ ਗੋਲੀ ਲੱਗੀ ਸੀ। ਜਾਣਕਾਰੀ ਮੁਤਾਬਕ ਇਹ ਦੋਵੇਂ ਨੌਜਵਾਨ ਇੱਕ ਦਿਨ ਪਹਿਲਾਂ ਹੋਈ ਲੜਾਈ ਵਿੱਚ ਜ਼ਖਮੀ ਹੋਏ ਸਨ ਅਤੇ ਜਦੋਂ ਉਹ ਅਗਲੇ ਦਿਨ ਪੱਟੀ ਕਰਵਾਉਣ ਲਈ ਹਸਪਤਾਲ ਜਾ ਰਹੇ ਸਨ, ਤਾਂ ਦੂਜੀ ਧਿਰ ਨੇ ਉਨ੍ਹਾਂ ਨੂੰ ਰਸਤੇ ਵਿੱਚ ਘੇਰ ਕੇ ਗੋਲੀਆਂ ਨਾਲ ਭੁੰਨ ਦਿੱਤਾ। ਵਾਰਦਾਤ ਦੇ ਪਿੱਛੇ 11 ਜੂਨ ਨੂੰ ਹੋਈ ਆਪਸੀ ਬਹਿਸ ਅਤੇ ਕੁੱਟਮਾਰ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਧਿਰਾਂ ਵਿੱਚ ਇੱਕ ਦਿਨ ਪਹਿਲਾਂ ਜ਼ਬਰਦਸਤ ਲੜਾਈ ਹੋਈ ਸੀ, ਜਿਸ ਦਾ ਬਦਲਾ ਲੈਣ ਲਈ ਇਸ ਘਿਨਾਉਣੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਭਾਰਗੋ ਕੈਂਪ ਦੇ SHO ਪੁਲਸ ਫੋਰਸ ਸਮੇਤ ਮੌਕੇ 'ਤੇ ਪਹੁੰਚੇ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਹਮਲੇ ਵਿੱਚ 5 ਤੋਂ 7 ਹਮਲਾਵਰ ਸ਼ਾਮਲ ਸਨ। ਉਨ੍ਹਾਂ ਅੱਗੇ ਦੱਸਿਆ ਕਿ ਕੁਝ ਹਮਲਾਵਰਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਪੁਲਸ ਵੱਲੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਦਾ ਦਾਅਵਾ ਹੈ ਕਿ ਜਲਦੀ ਹੀ ਸਾਰੇ ਦੋਸ਼ੀ ਸਲਾਖਾਂ ਪਿੱਛੇ ਹੋਣਗੇ।