ਜਲੰਧਰ ਪੁਲਸ ਵੱਲੋਂ ਜ਼ਬਰਦਸਤੀ ਵਸੂਲੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 4 ਗ੍ਰਿਫ਼ਤਾਰ

ਜਲੰਧਰ ਕਮਿਸ਼ਨਰੇਟ ਪੁਲਸ ਨੇ ਫਿਰੌਤੀ ਮੰਗਣ ਅਤੇ ਗੋਲੀਬਾਰੀ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਇੱਕ ਖ਼ਤਰਨਾਕ ਗਿਰੋਹ ਦਾ ਭੰਡਾਫੋੜ ਕਰਦਿਆਂ 4 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 3 ਆਧੁਨਿਕ ਪਿਸਤੌਲ ਅਤੇ ਭਾਰੀ ਮਾਤਰਾ ਵਿੱਚ ਕਾਰਤੂਸ ਬਰਾਮਦ ਕੀਤੇ ਹਨ।
ਜਲੰਧਰ : ਜਲੰਧਰ ਕਮਿਸ਼ਨਰੇਟ ਪੁਲਸ ਨੇ ਫਿਰੌਤੀ ਮੰਗਣ ਅਤੇ ਗੋਲੀਬਾਰੀ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਇੱਕ ਖ਼ਤਰਨਾਕ ਗਿਰੋਹ ਦਾ ਭੰਡਾਫੋੜ ਕਰਦਿਆਂ 4 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 3 ਆਧੁਨਿਕ ਪਿਸਤੌਲ ਅਤੇ ਭਾਰੀ ਮਾਤਰਾ ਵਿੱਚ ਕਾਰਤੂਸ ਬਰਾਮਦ ਕੀਤੇ ਹਨ।

ਗੁਪਤ ਸੂਚਨਾ 'ਤੇ ਹੋਈ ਕਾਰਵਾਈ
ਪੁਲਸ ਨੂੰ ਸ਼ੁੱਕਰਵਾਰ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਅਪਰਾਧੀ ਸ਼ਹਿਰ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਹਨ। ਇਸ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਸ ਟੀਮ ਨੇ ਜਾਲ ਵਿਛਾ ਕੇ ਚਾਰਾਂ ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਕਾਬੂ ਕਰ ਲਿਆ। ਪੁਲਸ ਅਨੁਸਾਰ ਸਮੇਂ ਸਿਰ ਕੀਤੀ ਗਈ ਇਸ ਕਾਰਵਾਈ ਨਾਲ ਵੱਡੀਆਂ ਵਾਰਦਾਤਾਂ ਹੋਣ ਤੋਂ ਟਲ ਗਈਆਂ ਹਨ।

ਵਿਦੇਸ਼ਾਂ ਤੋਂ ਮਿਲ ਰਹੇ ਸਨ ਨਿਰਦੇਸ਼
ਮੁੱਢਲੀ ਪੁੱਛਗਿੱਛ ਦੌਰਾਨ ਇਹ ਖੁਲਾਸਾ ਹੋਇਆ ਹੈ ਕਿ ਇਹ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਅਪਰਾਧਿਕ ਹੈਂਡਲਰਾਂ ਦੇ ਸਿੱਧੇ ਸੰਪਰਕ ਵਿੱਚ ਸਨ। ਇਹ ਹੈਂਡਲਰ ਇੰਟਰਨੈੱਟ ਕਾਲਿੰਗ ਅਤੇ ਸੋਸ਼ਲ ਮੀਡੀਆ ਐਪਸ ਰਾਹੀਂ ਉਨ੍ਹਾਂ ਨੂੰ ਅਗਲੇ ਨਿਸ਼ਾਨੇ, ਨਿਰਦੇਸ਼ ਅਤੇ ਫੰਡਿੰਗ ਮੁਹੱਈਆ ਕਰਵਾਉਂਦੇ ਸਨ।

ਵਪਾਰੀਆਂ 'ਚ ਦਹਿਸ਼ਤ ਫੈਲਾਉਣ ਦੀ ਸੀ ਯੋਜਨਾ
ਪੁਲਸ ਅਧਿਕਾਰੀਆਂ ਮੁਤਾਬਕ ਫੜੇ ਗਏ ਮੁਲਜ਼ਮ ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਫਾਇਰਿੰਗ ਦੀਆਂ ਕਈ ਘਟਨਾਵਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਇਨ੍ਹਾਂ ਦਾ ਮੁੱਖ ਮਕਸਦ ਇਲਾਕੇ ਦੇ ਵਪਾਰੀਆਂ ਅਤੇ ਪ੍ਰਭਾਵਸ਼ਾਲੀ ਲੋਕਾਂ ਨੂੰ ਡਰਾ ਕੇ ਉਨ੍ਹਾਂ ਤੋਂ ਜ਼ਬਰਦਸਤੀ ਫਿਰੌਤੀ ਵਸੂਲਣਾ ਸੀ। ਵਾਰਦਾਤਾਂ ਨੂੰ ਅੰਜਾਮ ਦੇਣ ਲਈ ਗਿਰੋਹ ਨੇ ਪਿਛਲੇ ਕੁਝ ਦਿਨਾਂ ਵਿੱਚ ਕਈ ਥਾਵਾਂ ਦੀ ਰੇਕੀ ਵੀ ਕੀਤੀ ਸੀ।

ਇਸ ਮਾਮਲੇ ਵਿੱਚ ਜਲੰਧਰ ਕਮਿਸ਼ਨਰੇਟ ਦੇ ਥਾਣਾ ਭਾਰਗੋ ਕੈਂਪ ਵਿੱਚ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਪੁਲਸ ਹੁਣ ਤਕਨੀਕੀ ਟੀਮਾਂ ਦੀ ਮਦਦ ਨਾਲ ਇਹ ਜਾਂਚ ਕਰ ਰਹੀ ਹੈ ਕਿ ਇਨ੍ਹਾਂ ਨੂੰ ਇਹ ਆਧੁਨਿਕ ਹਥਿਆਰ ਕਿੱਥੋਂ ਮਿਲੇ ਅਤੇ ਸਥਾਨਕ ਪੱਧਰ 'ਤੇ ਇਨ੍ਹਾਂ ਦੀ ਮਦਦ ਕਰਨ ਵਾਲੇ ਹੋਰ ਕੌਣ ਲੋਕ ਹਨ। ਪੁਲਸ ਵੱਲੋਂ ਮੁਲਜ਼ਮਾਂ ਨੂੰ ਰਿਮਾਂਡ 'ਤੇ ਲੈ ਕੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।