ਜਸਵੰਤ ਸਿੰਘ ਖਾਲੜਾ ਕਤਲ ਕਾਂਡ: ਨਾਭਾ ਜੇਲ੍ਹ ਵੱਲੋਂ ਉਮਰ ਕੈਦ ਕੱਟ ਰਹੇ ਸਾਬਕਾ DSP ਨੂੰ ਲੱਭਣ ਦੇ ਹੁਕਮ

ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਕਤਲ ਦੇ ਮਾਮਲੇ ਵਿਚ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਨਾਭਾ ਓਪਨ ਐਗਰੀਕਲਚਰਲ ਜੇਲ੍ਹ ਪ੍ਰਸ਼ਾਸਨ ਨੇ ਹੁਸ਼ਿਆਰਪੁਰ ਪੁਲਸ ਨੂੰ ਪੱਤਰ ਲਿਖ ਕੇ ਇਸ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਦੋਸ਼ੀ ਸਾਬਕਾ ਡੀ.ਐੱਸ.ਪੀ. ਜਸਪਾਲ ਸਿੰਘ ਦਾ ਭਾਲ ਦੇ ਨਿਰਦੇਸ਼ ਦਿੱਤੇ ਹਨ। ਹੁਸ਼ਿਆਰਪੁਰ ਦੇ ਥਾਣਾ ਸਦਰ ਨੇ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਨੂੰ ਸਾਬਕਾ ਅਧਿਕਾਰੀ ਦੀ ਭਾਲ ਕਰਨ ਲਈ ਕਿਹਾ ਗਿਆ ਹੈ।
ਨਾਭਾ : ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਕਤਲ ਦੇ ਮਾਮਲੇ ਵਿਚ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਨਾਭਾ ਓਪਨ ਐਗਰੀਕਲਚਰਲ ਜੇਲ੍ਹ ਪ੍ਰਸ਼ਾਸਨ ਨੇ ਹੁਸ਼ਿਆਰਪੁਰ ਪੁਲਸ ਨੂੰ ਪੱਤਰ ਲਿਖ ਕੇ ਇਸ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਦੋਸ਼ੀ ਸਾਬਕਾ ਡੀ.ਐੱਸ.ਪੀ. ਜਸਪਾਲ ਸਿੰਘ ਦਾ ਭਾਲ ਦੇ ਨਿਰਦੇਸ਼ ਦਿੱਤੇ ਹਨ। ਹੁਸ਼ਿਆਰਪੁਰ ਦੇ ਥਾਣਾ ਸਦਰ ਨੇ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਨੂੰ ਸਾਬਕਾ ਅਧਿਕਾਰੀ ਦੀ ਭਾਲ ਕਰਨ ਲਈ ਕਿਹਾ ਗਿਆ ਹੈ।

ਜ਼ਮਾਨਤ 'ਤੇ ਰਿਹਾਅ ਹੋਣ ਤੋਂ ਬਾਅਦ ਲਾਪਤਾ
ਮਿਲੀ ਜਾਣਕਾਰੀ ਅਨੁਸਾਰ, ਸਾਬਕਾ ਡੀ.ਐੱਸ.ਪੀ. ਜਸਪਾਲ ਸਿੰਘ ਨੂੰ ਮਈ 2023 ਵਿੱਚ ਨਾਭਾ ਓਪਨ ਜੇਲ੍ਹ ਤੋਂ 1 ਲੱਖ ਰੁਪਏ ਦੇ ਨਿੱਜੀ ਬਾਂਡ 'ਤੇ ਜ਼ਮਾਨਤ 'ਤੇ ਰਿਹਾਅ ਕੀਤਾ ਗਿਆ ਸੀ। ਦਰਅਸਲ, ਪੰਜਾਬ ਸਰਕਾਰ ਨੇ ਸਤੰਬਰ 2022 ਵਿਚ ਜਸਪਾਲ ਸਿੰਘ ਦੀ ਸਜ਼ਾ ਮੁਆਫ਼ੀ ਦਾ ਪ੍ਰਸਤਾਵ ਰਾਜਪਾਲ ਨੂੰ ਭੇਜਿਆ ਸੀ। ਹਾਈ ਕੋਰਟ ਦੇ ਇੱਕ ਪੁਰਾਣੇ ਹੁਕਮ ਅਨੁਸਾਰ, ਜੇਕਰ ਸਰਕਾਰ ਦੇ ਸਜ਼ਾ ਮੁਆਫ਼ੀ ਦੇ ਪ੍ਰਸਤਾਵ 'ਤੇ ਰਾਜਪਾਲ 3 ਮਹੀਨਿਆਂ ਤੱਕ ਕੋਈ ਫੈਸਲਾ ਨਹੀਂ ਲੈਂਦੇ ਤਾਂ ਕੈਦੀ ਨੂੰ ਅੰਤਿਮ ਫੈਸਲਾ ਆਉਣ ਤੱਕ ਜ਼ਮਾਨਤ 'ਤੇ ਰਿਹਾਅ ਕੀਤਾ ਜਾ ਸਕਦਾ ਹੈ। ਇਸੇ ਨਿਯਮ ਦੇ ਆਧਾਰ 'ਤੇ ਪਟਿਆਲਾ ਦੀ ਅਦਾਲਤ ਨੇ ਉਸ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ ਸਨ।

ਖਾਰਜ ਹੋ ਚੁੱਕੀ ਹੈ ਸਜ਼ਾ ਮੁਆਫ਼ੀ ਦੀ ਅਰਜ਼ੀ
ਜ਼ਿਕਰਯੋਗ ਹੈ ਕਿ ਸਾਲ 2019 ਵਿੱਚ ਤਤਕਾਲੀ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਇਤਰਾਜ਼ ਤੋਂ ਬਾਅਦ ਜਸਪਾਲ ਸਿੰਘ ਦੀ ਸਜ਼ਾ ਮੁਆਫ਼ੀ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਸ ਦੀ ਉਮਰ ਕੈਦ ਦੀ ਸਜ਼ਾ ਦੁਬਾਰਾ ਸ਼ੁਰੂ ਹੋ ਗਈ ਸੀ। ਜਸਪਾਲ ਸਿੰਘ ਨੇ ਆਪਣੀ ਸਜ਼ਾ ਦਾ ਵੱਡਾ ਹਿੱਸਾ ਓਪਨ ਜੇਲ੍ਹ ਵਿਚ ਹੀ ਕੱਟਿਆ ਹੈ।

ਕੀ ਸੀ ਜਸਵੰਤ ਸਿੰਘ ਖਾਲੜਾ ਕਾਂਡ?
ਸਾਲ 1995 ਵਿੱਚ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਨੂੰ ਅਗਵਾ ਕਰਕੇ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਹਾਈ-ਪ੍ਰੋਫਾਈਲ ਮਾਮਲੇ ਵਿਚ 2005 ਵਿੱਚ ਸੀ.ਬੀ.ਆਈ. (CBI) ਅਦਾਲਤ ਨੇ ਡੀ.ਐੱਸ.ਪੀ. ਜਸਪਾਲ ਸਿੰਘ ਸਮੇਤ ਹੋਰ ਪੁਲਸ ਮੁਲਾਜ਼ਮਾਂ ਨੂੰ ਸਜ਼ਾ ਸੁਣਾਈ ਸੀ। ਬਾਅਦ ਵਿਚ ਹਾਈ ਕੋਰਟ ਨੇ ਸੁਣਵਾਈ ਦੌਰਾਨ ਜਸਪਾਲ ਸਿੰਘ ਸਮੇਤ ਪੰਜ ਪੁਲਸ ਮੁਲਾਜ਼ਮਾਂ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਦਿੱਤਾ ਸੀ। ਹੁਣ ਜੇਲ੍ਹ ਪ੍ਰਸ਼ਾਸਨ ਵੱਲੋਂ ਹੁਸ਼ਿਆਰਪੁਰ ਪੁਲਸ ਨੂੰ ਜਲਦੀ ਤੋਂ ਜਲਦੀ ਉਸ ਦਾ ਪਤਾ ਲਗਾਉਣ ਲਈ ਕਿਹਾ ਗਿਆ ਹੈ।