ਅੱਜ 2 ਘੰਟੇ ਲਈ ਫ੍ਰੀ ਹੋਵੇਗਾ ਲਾਡੋਵਾਲ ਟੋਲ ਪਲਾਜ਼ਾ, ਕੌਮੀ ਇਨਸਾਫ਼ ਮੋਰਚਾ ਵੱਲੋਂ ਵੱਡਾ ਐਲਾਨ

ਨੈਸ਼ਨਲ ਹਾਈਵੇ 'ਤੇ ਸਫਰ ਕਰਨ ਵਾਲੇ ਮੁਸਾਫਰਾਂ ਲਈ ਅਹਿਮ ਖਬਰ ਹੈ ਕਿ ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਅੱਜ ਦੋ ਘੰਟੇ ਲਈ ਟੋਲ-ਫ੍ਰੀ ਰਹੇਗਾ। ਕੌਮੀ ਇਨਸਾਫ਼ ਮੋਰਚਾ ਨੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ 9 ਜੂਨ ਨੂੰ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਟੋਲ ਵਸੂਲੀ ਬੰਦ ਰੱਖਣ ਦਾ ਫੈਸਲਾ ਕੀਤਾ ਹੈ।
ਲੁਧਿਆਣਾ : ਨੈਸ਼ਨਲ ਹਾਈਵੇ 'ਤੇ ਸਫਰ ਕਰਨ ਵਾਲੇ ਮੁਸਾਫਰਾਂ ਲਈ ਅਹਿਮ ਖਬਰ ਹੈ ਕਿ ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਅੱਜ ਦੋ ਘੰਟੇ ਲਈ ਟੋਲ-ਫ੍ਰੀ ਰਹੇਗਾ। ਕੌਮੀ ਇਨਸਾਫ਼ ਮੋਰਚਾ ਨੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ 9 ਜੂਨ ਨੂੰ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਟੋਲ ਵਸੂਲੀ ਬੰਦ ਰੱਖਣ ਦਾ ਫੈਸਲਾ ਕੀਤਾ ਹੈ।

ਕਿਉਂ ਕੀਤਾ ਜਾ ਰਿਹਾ ਹੈ ਪ੍ਰਦਰਸ਼ਨ?
ਮੋਰਚੇ ਦੇ ਕਾਰਕੁਨਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਕਈ ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ 'ਬੰਦੀ ਸਿੰਘਾਂ' ਦੀ ਰਿਹਾਈ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਅਤੇ ਕੈਦੀਆਂ ਨੂੰ ਪੈਰੋਲ ਤੱਕ ਨਹੀਂ ਦਿੱਤੀ ਜਾ ਰਹੀ। ਆਪਣੀ ਆਵਾਜ਼ ਦਿੱਲੀ ਤੱਕ ਪਹੁੰਚਾਉਣ ਲਈ ਮੋਰਚੇ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ।

ਇਸ ਪ੍ਰਦਰਸ਼ਨ ਦੇ ਮੱਦੇਨਜ਼ਰ ਸਥਾਨਕ ਪ੍ਰਸ਼ਾਸਨ ਅਤੇ ਪੁਲਸ ਪੂਰੀ ਤਰ੍ਹਾਂ ਮੁਸਤੈਦ ਹੈ। ਟੋਲ ਪਲਾਜ਼ਾ 'ਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਅਤੇ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਪੁਲਸ ਵੱਲੋਂ ਹਰ ਗਤੀਵਿਧੀ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

ਅਗਲੇ ਤਿੱਖੇ ਸੰਘਰਸ਼ ਦੀ ਚਿਤਾਵਨੀ
ਕੌਮੀ ਇਨਸਾਫ਼ ਮੋਰਚਾ ਨੇ ਸਪੱਸ਼ਟ ਕੀਤਾ ਹੈ ਕਿ ਇਹ ਪ੍ਰਦਰਸ਼ਨ ਸਿਰਫ਼ ਇੱਕ ਸ਼ੁਰੂਆਤ ਹੈ। ਜੇਕਰ ਸਰਕਾਰ ਨੇ ਜਲਦ ਮੰਗਾਂ ਨਾ ਮੰਨੀਆਂ ਤਾਂ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ। ਮੋਰਚੇ ਨੇ ਅਗਲੇ ਸੰਘਰਸ਼ਾਂ ਦਾ ਐਲਾਨ ਵੀ ਕਰ ਦਿੱਤਾ ਹੈ। ਮੋਰਚੇ ਨੇ ਕਿਹਾ ਹੈ ਕਿ 4 ਜੁਲਾਈ ਨੂੰ ਪੂਰੇ ਪੰਜਾਬ ਵਿੱਚ ਵੱਡਾ 'ਰੇਲ ਰੋਕੋ' ਅੰਦੋਲਨ ਕੀਤਾ ਜਾਵੇਗਾ। ਇਸ ਦੇ ਨਾਲ ਹੀ 15 ਅਗਸਤ ਨੂੰ ਸੁਤੰਤਰਤਾ ਦਿਵਸ ਮੌਕੇ ਪੰਜਾਬ ਦੇ ਰਾਜਪਾਲ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ।