ਭਾਜਪਾ ਆਗੂ ਸ਼ੀਤਲ ਅੰਗੁਰਾਲ ਦੇ ਭਤੀਜੇ ਦੇ ਕਤਲ ਮਾਮਲੇ ’ਚ ਪੁਲਸ ਦੀ ਵੱਡੀ ਕਾਰਵਾਈ, ਮੁਲਜ਼ਮਾਂ ਦੀ ਭਾਲ ਜਾਰੀ

ਜਲੰਧਰ ਵਿੱਚ ਭਾਜਪਾ ਆਗੂ ਅਤੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੇ ਨਾਬਾਲਗ ਭਤੀਜੇ ਵਿਕਾਸ ਅੰਗੁਰਾਲ (16) ਦੇ ਬੇਰਹਿਮ ਕਤਲ ਮਾਮਲੇ ਵਿੱਚ ਪੁਲਸ ਨੇ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਲੰਧਰ ਵਿੱਚ ਭਾਜਪਾ ਆਗੂ ਅਤੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੇ ਨਾਬਾਲਗ ਭਤੀਜੇ ਵਿਕਾਸ ਅੰਗੁਰਾਲ (16) ਦੇ ਬੇਰਹਿਮ ਕਤਲ ਮਾਮਲੇ ਵਿੱਚ ਪੁਲਸ ਨੇ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਘਟਨਾ ਸ਼ੁੱਕਰਵਾਰ ਰਾਤ ਬਸਤੀ ਦਾਨਿਸ਼ਮੰਦਾ ਦੇ ਲਸੂੜੀ ਮੁਹੱਲਾ ਇਲਾਕੇ ਵਿੱਚ ਵਾਪਰੀ, ਜਿੱਥੇ ਵਿਕਾਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕੀਤਾ ਗਿਆ।

ਸ੍ਰੀ ਪਰਮਜੀਤ ਸਿੰਘ ਪੀ.ਪੀ.ਐਸ., ਏ.ਡੀ.ਸੀ.ਪੀ.-2 ਜਲੰਧਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਕਾਸ ਅੰਗੁਰਾਲ ਦਾ ਤਿੰਨ ਜਾਣ-ਪਛਾਣ ਵਾਲੇ ਨੌਜਵਾਨਾਂ ਨਾਲ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਦੌਰਾਨ ਦਿਲ ’ਤੇ ਲੱਗੇ ਗੰਭੀਰ ਵਾਰ ਕਾਰਨ ਵਿਕਾਸ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਜ਼ਖ਼ਮੀ ਹਾਲਤ ਵਿੱਚ ਵਿਕਾਸ ਨੂੰ ਤੁਰੰਤ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਸ ਵੱਲੋਂ ਥਾਣਾ ਡਿਵੀਜ਼ਨ ਨੰਬਰ 5 ਵਿੱਚ ਮੁਕੱਦਮਾ ਨੰਬਰ 183 ਅਧੀਨ ਧਾਰਾ 103(1), 351(3), 3(5) ਬੀ.ਐਨ.ਐਸ. ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਭਾਲ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ ਅਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ। ਕਈ ਭਾਜਪਾ ਆਗੂ ਮੌਕੇ ’ਤੇ ਪਹੁੰਚੇ ਅਤੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ। ਸ਼ੀਤਲ ਅੰਗੁਰਾਲ ਨੇ ਦਾਅਵਾ ਕੀਤਾ ਕਿ ਹਮਲਾਵਰ 20 ਤੋਂ 22 ਸਾਲ ਦੀ ਉਮਰ ਦੇ ਸਨ ਅਤੇ ਨਸ਼ੇ ਦੀ ਹਾਲਤ ਵਿੱਚ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ।

ਦੂਜੇ ਪਾਸੇ, ਥਾਣਾ ਡਿਵੀਜ਼ਨ ਨੰਬਰ 5 ਦੇ ਐੱਸ.ਐੱਚ.ਓ. ਯਾਦਵਿੰਦਰ ਸਿੰਘ ਰਾਣਾ ਨੇ ਕਿਹਾ ਕਿ ਪੁਲਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।