ਨੇਪਾਲ ਦੇ PM ਓਲੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਪ੍ਰਦਰਸ਼ਨਕਾਰੀਆਂ ਨੇ ਸੰਸਦ ਭਵਨ ਨੂੰ ਲਗਾਈ ਅੱਗ

ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਰਾਮਚੰਦਰ ਪੌਡੇਲ ਦੇ ਨਿੱਜੀ ਨਿਵਾਸ ਸਥਾਨ 'ਤੇ ਕਬਜ਼ਾ ਕਰ ਲਿਆ, ਭੰਨਤੋੜ ਕੀਤੀ ਅਤੇ ਅੱਗ ਲਗਾ ਦਿੱਤੀ।

ਨੇਪਾਲ ਵਿੱਚ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ। ਵਿਰੋਧ ਪ੍ਰਦਰਸ਼ਨਾਂ ਨੇ ਹਿੰਸਕ ਰੂਪ ਧਾਰਨ ਕਰ ਲਿਆ ਹੈ। ਰਾਜਧਾਨੀ ਕਾਠਮੰਡੂ ਸਮੇਤ ਕਈ ਇਲਾਕਿਆਂ ਵਿੱਚ ਅੱਗਜ਼ਨੀ, ਭੰਨਤੋੜ ਅਤੇ ਪੱਥਰਬਾਜ਼ੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਰਾਮਚੰਦਰ ਪੌਡੇਲ ਦੇ ਨਿੱਜੀ ਨਿਵਾਸ ਸਥਾਨ 'ਤੇ ਕਬਜ਼ਾ ਕਰ ਲਿਆ, ਭੰਨਤੋੜ ਕੀਤੀ ਅਤੇ ਅੱਗ ਲਗਾ ਦਿੱਤੀ।

ਦੱਸ ਦਈਏ ਕਿ ਨੇਪਾਲ ’ਚ ਹਿੰਸਕ ਪ੍ਰਦਰਸ਼ਨਾਂ ਦੇ ਚਲਦਿਆਂ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਰਾਜਧਾਨੀ ਕਾਠਮੰਡੂ ਸਮੇਤ ਨੇਪਾਲ ਦੇ ਪ੍ਰਮੁੱਖ ਸ਼ਹਿਰਾਂ ’ਚ ਪ੍ਰਦਰਸ਼ਨ ਕੀਤੇ ਜਾ ਰਹੇ ਸਨ। ਪ੍ਰਦਰਸ਼ਨਕਾਰੀ ਸੰਸਦ ਭਵਨ ਦੇ ਅੰਦਰ ਦਾਖਲ ਹੋ ਗਏ ਸਨ ਅਤੇ ਉਨ੍ਹਾਂ ਵੱਲੋਂ ਕਈ ਥਾਵਾਂ ’ਤੇ ਅੱਗ ਵੀ ਲਗਾਈ ਗਈ।

ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਦੀ ਪਾਰਟੀ ਦੇ ਨੇਤਾ ਰਘੁਵੀਰ ਮਹਾਸੇਠ ਅਤੇ ਮਾਓਵਾਦੀ ਰਾਸ਼ਟਰਪਤੀ ਪ੍ਰਚੰਡ ਦੇ ਘਰਾਂ 'ਤੇ ਵੀ ਹਮਲਾ ਕੀਤਾ ਗਿਆ ਸੀ। ਗ੍ਰਹਿ ਮੰਤਰੀ ਰਮੇਸ਼ ਲੇਖਕ, ਖੇਤੀਬਾੜੀ ਮੰਤਰੀ ਰਾਮਨਾਥ ਅਧਿਕਾਰੀ, ਸਿਹਤ ਮੰਤਰੀ ਸਮੇਤ ਪੰਜ ਮੰਤਰੀਆਂ ਨੇ ਅਸਤੀਫਾ ਦੇ ਦਿੱਤਾ ਹੈ।