ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਨਿਤਿਨ ਕੋਹਲੀ ਨੇ ਜਲੰਧਰ ਵਿੱਚ ਹੋਣ ਜਾ ਰਹੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਲਈ ਬਰਲਟਨ ਪਾਰਕ ਅਤੇ ਸੁਰਜੀਤ ਹਾਕੀ ਸਟੇਡੀਅਮ ਦਾ ਕੀਤਾ ਦੌਰਾ

ਜਲੰਧਰ ਦੇ ਮੇਅਰ ਵਨੀਤ ਧੀਰ, ਜਲੰਧਰ ਨੌਰਥ ਇੰਚਾਰਜ ਦਿਨੇਸ਼ ਢੱਲ ਅਤੇ ਚੇਅਰਮੈਨ ਰਮਨੀਕ ਰੰਧਾਵਾ ਵੀ ਰਹੇ ਮੌਜੂਦ
ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅੱਜ ਜਲੰਧਰ ਪਹੁੰਚੇ, ਜਿੱਥੇ ਉਨ੍ਹਾਂ ਨੇ ਜਲੰਧਰ ਸੈਂਟਰਲ ਦੇ ਹਲਕਾ ਇੰਚਾਰਜ ਨਿਤਿਨ ਕੋਹਲੀ, ਜੋ ਪੰਜਾਬ ਹਾਕੀ ਦੇ ਪ੍ਰਧਾਨ ਅਤੇ ਹਾਕੀ ਇੰਡੀਆ ਦੇ ਉਪ ਪ੍ਰਧਾਨ ਵੀ ਹਨ ਨਾਲ ਮਿਲ ਕੇ ਜਲੰਧਰ ਵਿੱਚ ਹੋਣ ਜਾ ਰਹੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਨੂੰ ਲੈ ਕੇ ਚੱਲ ਰਹੀਆਂ ਤਿਆਰੀਆਂ ਅਤੇ ਵਿਕਾਸ ਕਾਰਜਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਇਸ ਦੌਰੇ ਦੌਰਾਨ ਮੁੱਖ ਮੰਤਰੀ ਨੇ ਖੇਡਾਂ ਨੂੰ ਪ੍ਰੋਤਸਾਹਨ ਦੇਣ ਅਤੇ ਜਲੰਧਰ ਨੂੰ ਖੇਡਾਂ ਦੇ ਕੇਂਦਰ ਵਜੋਂ ਹੋਰ ਮਜ਼ਬੂਤ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਨਿਤਿਨ ਕੋਹਲੀ ਨੇ ਸਭ ਤੋਂ ਪਹਿਲਾਂ ਬਰਲਟਨ ਪਾਰਕ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਨਾਲ ਕੰਮਾਂ ਦੀ ਪ੍ਰਗਤੀ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਸਾਰੇ ਪ੍ਰੋਜੈਕਟ ਨਿਰਧਾਰਿਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਪੂਰੇ ਕਰਨ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਸ਼ਹਿਰ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।
ਇਸ ਤੋਂ ਬਾਅਦ ਮੁੱਖ ਮੰਤਰੀ ਅਤੇ ਨਿਤਿਨ ਕੋਹਲੀ ਨੇ ਸੁਰਜੀਤ ਹਾਕੀ ਸਟੇਡੀਅਮ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਅਭਿਆਸ ਕਰ ਰਹੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾਂ ਹੀ ਖੇਡਾਂ ਅਤੇ ਖਾਸ ਕਰਕੇ ਹਾਕੀ ਲਈ ਦੇਸ਼ ਨੂੰ ਮਹਾਨ ਖਿਡਾਰੀ ਦਿੰਦੀ ਆਈ ਹੈ ਅਤੇ ਸਰਕਾਰ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਨਿਤਿਨ ਕੋਹਲੀ ਨੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਦੂਰਅੰਦੇਸ਼ ਸੋਚ ਅਤੇ ਖੇਡਾਂ ਪ੍ਰਤੀ ਵਚਨਬੱਧਤਾ ਸਦਕਾ ਪੰਜਾਬ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਨਵੀਂ ਦਿਸ਼ਾ ਮਿਲੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜੀ ਖੁਦ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜਲੰਧਰ ਪਹੁੰਚੇ, ਜੋ ਇਸ ਗੱਲ ਦਾ ਪ੍ਰਮਾਣ ਹੈ ਕਿ ਪੰਜਾਬ ਸਰਕਾਰ ਖੇਡਾਂ ਦੇ ਵਿਕਾਸ ਅਤੇ ਖਿਡਾਰੀਆਂ ਦੀ ਤਰੱਕੀ ਨੂੰ ਲੈ ਕੇ ਕਿੰਨੀ ਗੰਭੀਰ ਹੈ। ਮੁੱਖ ਮੰਤਰੀ ਜੀ ਦੀ ਅਗਵਾਈ ਹੇਠ ਪੰਜਾਬ ਮੁੜ ਖੇਡਾਂ ਦੇ ਖੇਤਰ ਵਿੱਚ ਆਪਣੀ ਸ਼ਾਨਦਾਰ ਪਛਾਣ ਬਣਾਉਣ ਵੱਲ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਰਕਾਰ ਦੇ ਸਹਿਯੋਗ ਅਤੇ ਮਾਰਗਦਰਸ਼ਨ ਨਾਲ ਜਲੰਧਰ ਵਿੱਚ ਹੋਣ ਜਾ ਰਹੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਇਤਿਹਾਸਕ ਅਤੇ ਯਾਦਗਾਰ ਸਾਬਤ ਹੋਵੇਗੀ।
ਜਲੰਧਰ ਵਿੱਚ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਣ ਜਾ ਰਹੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਪੰਜਾਬ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਸ ਟੂਰਨਾਮੈਂਟ ਨਾਲ ਨਾ ਸਿਰਫ ਪੰਜਾਬ ਦੇ ਖੇਡ ਮਾਹੌਲ ਨੂੰ ਹੋਰ ਮਜ਼ਬੂਤੀ ਮਿਲੇਗੀ, ਸਗੋਂ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਝਾਨ ਵੀ ਵਧੇਗਾ। ਉਨ੍ਹਾਂ ਨੇ ਕਿਹਾ ਕਿ ਚੈਂਪੀਅਨਸ਼ਿਪ ਨੂੰ ਸਫਲ ਅਤੇ ਯਾਦਗਾਰ ਬਣਾਉਣ ਲਈ ਹਰ ਪੱਧਰ ’ਤੇ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ।

ਇਸ ਮੌਕੇ ਜਲੰਧਰ ਦੇ ਮੇਅਰ ਵਨੀਤ ਧੀਰ, ਜਲੰਧਰ ਨੌਰਥ ਦੇ ਇੰਚਾਰਜ ਦਿਨੇਸ਼ ਢੱਲ ਅਤੇ ਚੇਅਰਮੈਨ ਰਮਨੀਕ ਰੰਧਾਵਾ ਵੀ ਮੌਜੂਦ ਸਨ। ਸਾਰੇ ਆਗੂਆਂ ਨੇ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਨੂੰ ਜਲੰਧਰ ਅਤੇ ਪੰਜਾਬ ਲਈ ਇੱਕ ਵੱਡਾ ਮੌਕਾ ਦੱਸਦਿਆਂ ਕਿਹਾ ਕਿ ਇਸ ਨਾਲ ਸ਼ਹਿਰ ਦੀ ਖੇਡ ਪਹਿਚਾਣ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ।