ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਇਸ ਮੌਕੇ ਸਕੂਲਾਂ, ਕਾਲਜਾਂ, ਸਰਕਾਰੀ ਦਫ਼ਤਰਾਂ ਤੇ ਜ਼ਿਆਦਾਤਰ ਪ੍ਰਾਈਵੇਟ ਸੰਸਥਾਵਾਂ ਵਿੱਚ ਵੀ ਛੁੱਟੀ ਰਹੇਗੀ।
ਪੰਜਾਬ ਸਰਕਾਰ ਵੱਲੋਂ 5 ਨਵੰਬਰ, ਬੁੱਧਵਾਰ ਨੂੰ ਰਾਜ ਭਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਤੀ ਗਈ ਹੈ। ਇਸ ਦਿਨ ਸੂਬੇ ਭਰ ਵਿੱਚ ਸ਼ਰਧਾ ਤੇ ਭਾਵਨਾ ਨਾਲ ਸਮਾਗਮ ਮਨਾਏ ਜਾਣਗੇ। ਇਸ ਮੌਕੇ ਸਕੂਲਾਂ, ਕਾਲਜਾਂ, ਸਰਕਾਰੀ ਦਫ਼ਤਰਾਂ ਤੇ ਜ਼ਿਆਦਾਤਰ ਪ੍ਰਾਈਵੇਟ ਸੰਸਥਾਵਾਂ ਵਿੱਚ ਵੀ ਛੁੱਟੀ ਰਹੇਗੀ। ਗੁਰਦੁਆਰਿਆਂ ਵਿੱਚ ਸ਼ਬਦ ਕੀਰਤਨ, ਲੰਗਰ ਤੇ ਨਗਰ ਕੀਰਤਨ ਵਰਗੇ ਧਾਰਮਿਕ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਵੇਗਾ।

ਪੰਜਾਬ ਸਰਕਾਰ ਦੇ ਛੁੱਟੀਆਂ ਦੇ ਕਲੰਡਰ ਵਿਚ ਇਸ ਦਿਨ ਛੁੱਟੀ ਐਲਾਨੀ ਗਈ ਹੈ। ਇਸ ਤੋਂ ਇਲਾਵਾ 16 ਨਵੰਬਰ ਨੂੰ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਅਤੇ 25 ਨਵੰਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਸਰਕਾਰੀ ਛੁੱਟੀ ਰਹੇਗੀ।