ਪੰਜਾਬ ਤੇ ਚੰਡੀਗੜ੍ਹ 'ਚ 27-28 ਜੂਨ ਨੂੰ ਭਾਰੀ ਮੀਂਹ ਦਾ 'ਆਰੇਂਜ ਅਲਰਟ', 5 ਡਿਗਰੀ ਤੱਕ ਡਿੱਗੇਗਾ ਪਾਰਾ

ਭਿਆਨਕ ਗਰਮੀ ਅਤੇ ਹੁੰਮਸ ਦੀ ਮਾਰ ਝੱਲ ਰਹੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਰਾਹਤ ਭਰੀ ਖਬਰ ਹੈ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਵਿੱਚ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ।
ਚੰਡੀਗੜ੍ਹ : ਭਿਆਨਕ ਗਰਮੀ ਅਤੇ ਹੁੰਮਸ ਦੀ ਮਾਰ ਝੱਲ ਰਹੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਰਾਹਤ ਭਰੀ ਖਬਰ ਹੈ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਵਿੱਚ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਵਿਭਾਗ ਅਨੁਸਾਰ, 27 ਅਤੇ 28 ਜੂਨ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ ਹਨ, ਜਿਸ ਦੇ ਚਲਦਿਆਂ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨੀਆਂ ਦਾ ਅਨੁਮਾਨ ਹੈ ਕਿ ਅਗਲੇ 24 ਤੋਂ 48 ਘੰਟਿਆਂ ਵਿੱਚ ਪੰਜਾਬ ਦੇ ਬਹੁਤੇ ਹਿੱਸਿਆਂ ਵਿੱਚ ਬਾਰਿਸ਼ ਦੀਆਂ ਗਤੀਵਿਧੀਆਂ ਤੇਜ਼ ਹੋ ਜਾਣਗੀਆਂ।

ਮੌਸਮ ਵਿਭਾਗ ਅਨੁਸਾਰ, 26 ਜੂਨ ਨੂੰ ਰਾਜ ਦੇ ਕਈ ਇਲਾਕਿਆਂ ਵਿੱਚ ਗਰਜ-ਚਮਕ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 27 ਤੇ 28 ਜੂਨ ਨੂੰ ਮਾਨਸੂਨ ਸਭ ਤੋਂ ਵੱਧ ਸਰਗਰਮ ਰਹੇਗਾ, ਜਿਸ ਕਾਰਨ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿਚ ਜਲ-ਥਲ ਹੋਣ ਅਤੇ ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖਦਸ਼ਾ ਵੀ ਜਤਾਇਆ ਗਿਆ ਹੈ। 29 ਜੂਨ ਤੋਂ 1 ਜੁਲਾਈ ਤੱਕ ਬਾਰਿਸ਼ ਦਾ ਦੌਰ ਜਾਰੀ ਰਹੇਗਾ, ਹਾਲਾਂਕਿ ਇਸ ਦੀ ਤੀਬਰਤਾ ਕੁਝ ਘੱਟ ਸਕਦੀ ਹੈ।

ਵਰਤਮਾਨ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 36 ਤੋਂ 41 ਡਿਗਰੀ ਸੈਲਸੀਅਸ ਦੇ ਵਿਚਕਾਰ ਬਣਿਆ ਹੋਇਆ ਹੈ। ਆਉਣ ਵਾਲੇ ਤਿੰਨ ਦਿਨਾਂ ਵਿੱਚ ਬਾਰਿਸ਼ ਕਾਰਨ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ, ਜਿਸ ਨਾਲ ਮੌਸਮ ਸੁਹਾਵਣਾ ਹੋ ਜਾਵੇਗਾ। ਮਾਹਿਰਾਂ ਦਾ ਮੰਨਣਾ ਹੈ ਕਿ ਇਹ ਬਾਰਿਸ਼ ਉਨ੍ਹਾਂ ਕਿਸਾਨਾਂ ਲਈ ਬਹੁਤ ਲਾਭਦਾਇਕ ਸਿੱਧ ਹੋਵੇਗੀ ਜੋ ਇਨੀਂ ਦਿਨੀਂ ਝੋਨੇ ਦੀ ਲਵਾਈ ਕਰ ਰਹੇ ਹਨ। ਇਸ ਨਾਲ ਫਸਲ ਨੂੰ ਕੁਦਰਤੀ ਪਾਣੀ ਮਿਲੇਗਾ ਅਤੇ ਗਰਮੀ ਤੋਂ ਵੀ ਨਿਜਾਤ ਮਿਲੇਗੀ।