ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸੁਪਰੀਮ ਕੋਰਟ ਤੋਂ ਝਟਕਾ, NSA ਮਾਮਲੇ ‘ਚ ਸੁਣਵਾਈ ਤੋਂ ਇਨਕਾਰ

ਉਨ੍ਹਾਂ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ NSA ਲਗਾਉਣਾ ਉਨ੍ਹਾਂ ਦੀ ਨਿੱਜੀ ਆਜ਼ਾਦੀ ਦਾ ਉਲੰਘਣ ਹੈ ਅਤੇ ਉਨ੍ਹਾਂ ਦੀ ਹਿਰਾਸਤ ਖਤਮ ਕੀਤੀ ਜਾਣੀ ਚਾਹੀਦੀ ਹੈ।
ਖਡੂਰ ਸਾਹਿਬ ਤੋਂ ਖਾਲਿਸਤਾਨ ਸਮਰਥਕ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਨੈਸ਼ਨਲ ਸਕਿਓਰਿਟੀ ਐਕਟ (NSA) ਲਗਾਏ ਜਾਣ ਦੇ ਵਿਰੋਧ ਵਿੱਚ ਦਾਇਰ ਕੀਤੀ ਗਈ ਉਨ੍ਹਾਂ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਅੱਜ (ਸੋਮਵਾਰ) ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ 'ਤੇ ਸੁਣਵਾਈ ਤੋਂ ਇਨਕਾਰ ਕਰਦਿਆਂ ਕਿਹਾ ਕਿ "ਤੁਹਾਨੂੰ ਇੱਥੇ ਆਉਣ ਤੋਂ ਪਹਿਲਾਂ ਹਾਈ ਕੋਰਟ ਜਾਣਾ ਚਾਹੀਦਾ ਹੈ"। ਅੰਮ੍ਰਿਤਪਾਲ ਨੇ ਇਹ ਪਟੀਸ਼ਨ 31 ਅਕਤੂਬਰ ਨੂੰ ਦਾਇਰ ਕੀਤੀ ਸੀ।

ਜਸਟਿਸ ਅਰਵਿੰਦ ਕੁਮਾਰ ਅਤੇ ਜਸਟਿਸ ਐਨ. ਵੀ. ਅੰਜਨੀਆ ਦੀ ਬੈਂਚ ਨੇ ਹਾਈ ਕੋਰਟ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਸ ਮਾਮਲੇ ਦੀ ਸੁਣਵਾਈ ਛੇ ਹਫ਼ਤਿਆਂ ਦੇ ਅੰਦਰ ਪੂਰੀ ਕਰੇ। ਅੰਮ੍ਰਿਤਪਾਲ ਸਿੰਘ, ਜੋ ਇਸ ਸਮੇਂ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ, ਨੇ ਆਪਣੀ ਪਟੀਸ਼ਨ ਵਿੱਚ ਭਾਰਤ ਸਰਕਾਰ, ਪੰਜਾਬ ਸਰਕਾਰ, ਅੰਮ੍ਰਿਤਸਰ ਦੇ ਡੀਸੀ, ਐਸਐਸਪੀ ਰੂਰਲ ਅਤੇ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਪਾਰਟੀ ਬਣਾਇਆ ਸੀ।

ਉਨ੍ਹਾਂ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ NSA ਲਗਾਉਣਾ ਉਨ੍ਹਾਂ ਦੀ ਨਿੱਜੀ ਆਜ਼ਾਦੀ ਦਾ ਉਲੰਘਣ ਹੈ ਅਤੇ ਉਨ੍ਹਾਂ ਦੀ ਹਿਰਾਸਤ ਖਤਮ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਉਨ੍ਹਾਂ ਨੂੰ ਸੰਸਦ ਸੈਸ਼ਨਾਂ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਜਾਵੇ, ਜਿਸ ਨੂੰ ਹਿਰਾਸਤ ਕਾਰਨ ਰੋਕਿਆ ਗਿਆ ਹੈ। ਪਟੀਸ਼ਨ ਵਿੱਚ ਕਿਹਾ ਗਿਆ ਕਿ ਇੱਕ ਸੰਸਦ ਮੈਂਬਰ ਦੇ ਕੰਮ ਨੂੰ ਰੋਕਣਾ ਉਨ੍ਹਾਂ ਦੇ ਹਲਕੇ ਦੇ ਲੋਕਤੰਤਰੀ ਅਧਿਕਾਰਾਂ ਦਾ ਉਲੰਘਣ ਹੈ।

ਅੰਮ੍ਰਿਤਪਾਲ ਸਿੰਘ ਪਿਛਲੇ ਸਾਲ 23 ਅਪ੍ਰੈਲ 2023 ਤੋਂ ਹਿਰਾਸਤ ਵਿੱਚ ਹਨ ਅਤੇ ਗ੍ਰਿਫਤਾਰੀ ਤੋਂ ਤੁਰੰਤ ਬਾਅਦ ਉਨ੍ਹਾਂ 'ਤੇ NSA ਲਗਾ ਦਿੱਤਾ ਗਿਆ ਸੀ। ਉਨ੍ਹਾਂ ਦੀਆਂ ਗਤੀਵਿਧੀਆਂ ਨੂੰ ਦੇਸ਼ ਦੀ ਸੁਰੱਖਿਆ ਲਈ ਖਤਰਾ ਦੱਸਦਿਆਂ ਸਰਕਾਰ ਨੇ NSA ਦੀ ਮਿਆਦ ਵਧਾਈ ਸੀ। ਇਹ ਤੀਜੀ ਵਾਰ ਹੈ ਜਦੋਂ ਅੰਮ੍ਰਿਤਪਾਲ ਸਿੰਘ 'ਤੇ NSA ਲਗਾਇਆ ਗਿਆ ਹੈ। NSA ਵਧਾਉਣ ਦਾ ਕਾਰਨ 9 ਅਕਤੂਬਰ 2024 ਦਾ ਇੱਕ ਕਤਲ ਸਾਜ਼ਿਸ਼ ਮਾਮਲਾ ਹੈ। ਪੁਲਸ ਦੀ ਐਸਆਈਟੀ ਜਾਂਚ ਵਿੱਚ ਇਸ ਸਾਜ਼ਿਸ਼ ਵਿੱਚ ਅੱਤਵਾਦੀ ਅਰਸ਼ ਡੱਲਾ ਦੇ ਨਾਲ ਅੰਮ੍ਰਿਤਪਾਲ ਦਾ ਨਾਮ ਵੀ ਸਾਹਮਣੇ ਆਇਆ ਸੀ।

ਅੰਮ੍ਰਿਤਪਾਲ ਦੇ ਨਾਲ ਗ੍ਰਿਫਤਾਰ ਕੀਤੇ ਗਏ ਉਨ੍ਹਾਂ ਦੇ 9 ਹੋਰ ਸਾਥੀਆਂ ਤੋਂ NSA ਹਟਾ ਲਿਆ ਗਿਆ ਹੈ ਪਰ ਸਿਰਫ ਅੰਮ੍ਰਿਤਪਾਲ ਸਿੰਘ 'ਤੇ ਇੱਕ ਹੋਰ ਸਾਲ ਲਈ NSA ਵਧਾ ਦਿੱਤਾ ਗਿਆ, ਜਿਸ ਕਾਰਨ ਉਨ੍ਹਾਂ ਦੀ ਜ਼ਮਾਨਤ ਅਤੇ ਪੰਜਾਬ ਵਾਪਸੀ ਮੁਸ਼ਕਲ ਹੋ ਗਈ ਹੈ।

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਜੇਲ੍ਹ ਵਿੱਚ ਰਹਿੰਦਿਆਂ 2024 ਵਿੱਚ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ। ਉਨ੍ਹਾਂ ਨੇ ਬਿਨਾਂ ਕੈਡਰ ਜਾਂ ਪਾਰਟੀ ਦੇ ਸਹਾਰੇ ਅਤੇ ਖੁਦ ਪ੍ਰਚਾਰ ਕੀਤੇ ਬਿਨਾਂ, 1.79 ਲੱਖ ਵੋਟਾਂ ਦੇ ਸਭ ਤੋਂ ਵੱਡੇ ਫਰਕ ਨਾਲ ਜਿੱਤ ਹਾਸਲ ਕੀਤੀ ਸੀ। ਉਨ੍ਹਾਂ ਦੀ ਜਿੱਤ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਨੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਨਾਮ ਦੀ ਇੱਕ ਨਵੀਂ ਪਾਰਟੀ ਵੀ ਬਣਾਈ ਹੈ। ਅੰਮ੍ਰਿਤਪਾਲ ਸਿੰਘ ਨੂੰ ਇਸ ਪਾਰਟੀ ਦਾ ਪ੍ਰਧਾਨ ਬਣਾਇਆ ਗਿਆ ਹੈ ਅਤੇ ਉਨ੍ਹਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਵੀ ਐਲਾਨਿਆ ਗਿਆ ਹੈ। ਇਹ ਪਾਰਟੀ 11 ਨਵੰਬਰ ਨੂੰ ਹੋਣ ਵਾਲੀ ਤਰਨਤਾਰਨ ਉਪ-ਚੋਣ ਵੀ ਲੜ ਰਹੀ ਹੈ।