ਪੰਜਾਬ SC ਕਮਿਸ਼ਨ ਵੱਲੋਂ ਪ੍ਰਤਾਪ ਸਿੰਘ ਬਾਜਵਾ ਨੂੰ ਨੋਟਿਸ ਜਾਰੀ, ਜਾਣੋ ਕੀ ਹੈ ਮਾਮਲਾ

ਕਮਿਸ਼ਨ ਨੇ ਇਸ ਮਾਮਲੇ ਦੀ ਜਾਂਚ ਲਈ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਤਰਨਤਾਰਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਐਸ. ਰਾਹੁਲ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਪੰਜਾਬ ਵਿੱਚ ਤਰਨਤਾਰਨ ਜ਼ਿਮਨੀ ਚੋਣ ਰੈਲੀ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਦੀ ਤਸਵੀਰ ਦੇ ਮੁੱਦੇ 'ਤੇ ਵਿਵਾਦ ਗਹਿਰਾਉਂਦਾ ਜਾ ਰਿਹਾ ਹੈ। ਇਸ ਮਾਮਲੇ ਵਿੱਚ, ਪੰਜਾਬ ਅਨੁਸੂਚਿਤ ਜਾਤੀ (SC) ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੇ ਕਾਂਗਰਸ ਨੂੰ ਇੱਕ ਹੋਰ ਨੋਟਿਸ ਜਾਰੀ ਕਰ ਦਿੱਤਾ ਹੈ।

ਕਮਿਸ਼ਨ ਨੇ ਇਸ ਮਾਮਲੇ ਦੀ ਜਾਂਚ ਲਈ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਤਰਨਤਾਰਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਐਸ. ਰਾਹੁਲ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਪ੍ਰਤਾਪ ਸਿੰਘ ਬਾਜਵਾ ਨੂੰ10 ਨਵੰਬਰ ਨੂੰ ਪੇਸ਼ ਹੋਣ ਲਈ ਬੁਲਾਇਆ ਗਿਆ ਹੈ।
ਤਰਨਤਾਰਨ ਦੇ ਡਿਪਟੀ ਕਮਿਸ਼ਨਰ ਨੂੰ17 ਨਵੰਬਰ ਨੂੰ ਤੱਥਾਂ ਅਤੇ ਸੂਚਨਾਵਾਂ ਸਮੇਤ ਰਿਪੋਰਟ ਦੇਣ ਲਈ ਨਿੱਜੀ ਤੌਰ 'ਤੇ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ਕਮਿਸ਼ਨ ਵੱਲੋਂ ਇਸ ਮਾਮਲੇ ਵਿੱਚ ਇਹ ਦੂਜਾ ਨੋਟਿਸ ਜਾਰੀ ਕੀਤਾ ਗਿਆ ਹੈ।

ਰੈਲੀ ਦੌਰਾਨ ਪਿੱਛੇ ਲੱਗੇ ਪੋਸਟਰਾਂ ਨੂੰ ਲੈ ਕੇ ਇਹ ਵਿਵਾਦ ਖੜ੍ਹਾ ਹੋਇਆ ਹੈ। ਕਮਿਸ਼ਨ ਨੇ ਦੱਸਿਆ ਕਿ ਸ਼ਿਕਾਇਤਾਂ ਸਾਹਮਣੇ ਆਈਆਂ ਹਨ ਕਿ ਸ਼ਹੀਦ ਭਾਈ ਜੀਵਨ ਸਿੰਘ (ਭਾਈ ਜੈਤਾ) ਅਤੇ 9ਵੀਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਤਸਵੀਰਾਂ ਦੀ ਰਾਜਨੀਤਿਕ ਲਾਭ ਲਈ ਅਪਮਾਨਜਨਕ ਵਰਤੋਂ ਕੀਤੀ ਗਈ ਹੈ। ਐਸਸੀ ਕਮਿਸ਼ਨ ਨੇ 'ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਐਕਟ-2004' ਦੀ ਧਾਰਾ 10(2)(ਐੱਚ) ਤਹਿਤ ਇਸ ਮੁੱਦੇ 'ਤੇ ਖੁਦ ਨੋਟਿਸ ਲੈਂਦਿਆਂ ਜਾਂਚ ਸ਼ੁਰੂ ਕੀਤੀ ਹੈ।

ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਨਿਰਧਾਰਤ ਮਿਤੀ 'ਤੇ ਜਵਾਬ ਅਤੇ ਰਿਪੋਰਟ ਪੇਸ਼ ਨਹੀਂ ਕੀਤੀ ਜਾਂਦੀ ਤਾਂ ਕਮਿਸ਼ਨ ਐਕਟ-2004 ਦੀ ਧਾਰਾ 10(1) ਤਹਿਤ ਆਪਣੀਆਂ ਸਿਵਲ ਅਦਾਲਤ ਵਰਗੀਆਂ ਸ਼ਕਤੀਆਂ ਦੀ ਵਰਤੋਂ ਕਰਨ ਲਈ ਮਜਬੂਰ ਹੋਵੇਗਾ। ਡਿਪਟੀ ਕਮਿਸ਼ਨਰ ਨੂੰ ਖਾਸ ਤੌਰ 'ਤੇ ਲਿਖਿਆ ਗਿਆ ਹੈ ਕਿ ਇਸ ਮਾਮਲੇ ਨੂੰ ਸਰਵਉੱਚ ਤਰਜੀਹ ਦਿੱਤੀ ਜਾਵੇ।